ਆਤਿਸ਼ਬਾਜ਼ੀ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਗਵਾਈ ਕਰਨ ਦੀ ਅਪੀਲ
ਅੰਮ੍ਰਿਤਸਰ, 11 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਦੇਸ਼ ਦੀ ਸੁਪਰੀਮ ਕੋਰਟ ਵੱਲੋਂ ਦਿੱਲੀ ਵਿਚ ਪਟਾਕਿਆਂ ਦੀ ਵਿਕਰੀ ‘ਤੇ ਲਗਾਈ ਗਈ ਪਾਬੰਦੀ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਵਾਤਾਵਰਣ ਪ੍ਰਦੂਸ਼ਣ ਭਾਰਤ ਦੀ ਬਹੁਤ ਵੱਡੀ ਤੇ ਗੰਭੀਰ ਸਮੱਸਿਆ ਬਣ ਚੁੱਕਾ ਹੈ ਅਤੇ ਇਸ ਕਾਰਨ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੀਕ ਸਭ ਘਾਤਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਅਜਿਹੇ ਹਾਲਾਤ ਵਿਚ ਸੁਪਰੀਮ ਕੋਰਟ ਦਾ ਫੈਸਲਾ ਆਉਣਾ ਵੱਡੇ ਅਰਥ ਰੱਖਦਾ ਹੈ।
ਪ੍ਰੋ: ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਵਾਤਾਵਰਣ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਅਤੇ ਸੁਚੇਤ ਹੈ ਕਿਉਂਕਿ ਗੁਰਬਾਣੀ ਵਿਚ ਪਾਣੀ, ਹਵਾ, ਧਰਤੀ ਤੇ ਹੋਰ ਕੁਦਰਤੀ ਸੋਮਿਆਂ ਦੀ ਮਹੱਤਤਾ ਤੇ ਸੰਭਾਲ ਲਈ ਉਪਦੇਸ਼ ਦਿੱਤਾ ਗਿਆ ਹੈ। ਇਸੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ ੫੫੦ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਣ ਦੀ ਸ਼ੁੱਧਤਾ ਲਈ ਇੱਕ ਲਹਿਰ ਚਲਾਈ ਗਈ ਹੈ ਜਿਸ ਤਹਿਤ ਵੱਡੇ ਪੱਧਰ ‘ਤੇ ਰੁੱਖ, ਬੂਟੇ ਆਦਿ ਲਗਾਏ ਗਏ ਹਨ। ਉਨ੍ਹਾਂ ਆਖਿਆ ਕਿ ਇਸ ਲਹਿਰ ਨੂੰ ਸੰਗਤਾਂ ਘਰਾਂ ਤਕ ਲੈ ਕੇ ਜਾਣ ਤਾਂ ਜੋ ਪ੍ਰਦੂਸ਼ਣ ਦੀ ਮਾਰ ਨੂੰ ਘਟਾਇਆ ਜਾ ਸਕੇ। ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਜਾਂਦੀ ਆਤਿਸ਼ਬਾਜ਼ੀ ਬਾਰੇ ਉਨ੍ਹਾਂ ਕਿਹਾ ਕਿ ਇਹ ਪ੍ਰਚਲਨ ਬਹੁਤ ਪੁਰਾਣਾ ਹੈ ਅਤੇ ਕਈ ਸਾਲਾਂ ਤੋਂ ਆਤਿਸ਼ਬਾਜ਼ੀ ਕੀਤੀ ਜਾਂਦੀ ਹੈ ਪਰ ਫਿਰ ਵੀ ਪਿਛਲੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਪ੍ਰਦੂਸ਼ਣ ਰਹਿਤ ਆਤਿਸ਼ਬਾਜ਼ੀ ਨੂੰ ਪਹਿਲ ਦੇ ਰਹੀ ਹੈ। ਇਥੋਂ ਤਕ ਕਿ ਆਤਿਸ਼ਬਾਜ਼ੀ ਦਾ ਸਮਾਂ ਵੀ ਘਟਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਹੁੰਦੀ ਆਤਿਸ਼ਬਾਜ਼ੀ ਦਾ ਮਾਮਲਾ ਲੋਕਾਂ ਦੀਆਂ ਭਾਵਨਾਵਾਂ ਨਾਲ ਵੀ ਜੁੜਿਆ ਹੋਇਆ ਹੈ। ਇਸ ਮਾਮਲੇ ਸਬੰਧੀ ਪ੍ਰੋ. ਬਡੂੰਗਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਕੌਮ ਦੀ ਅਗਵਾਈ ਕਰਨ ਦੀ ਅਪੀਲ ਕੀਤੀ ਤਾਂ ਜੋ ਇਸਦਾ ਵੀ ਕੋਈ ਸਾਰਥਕ ਹੱਲ ਕੱਢਿਆ ਜਾ ਸਕੇ। ਉਨ੍ਹਾਂ ਇਕ ਵਾਰ ਫਿਰ ਸੰਗਤਾਂ ਨੂੰ ਦਿਨੋ ਦਿਨ ਗੰਭੀਰ ਹੁੰਦੀ ਜਾ ਰਹੀ ਪ੍ਰਦੂਸ਼ਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਨਿੱਜੀ ਤੌਰ ‘ਤੇ ਯਤਨ ਤੇਜ ਕਰਨ ਦੀ ਅਪੀਲ ਕੀਤੀ।