ਸ੍ਰੀ ਦਰਬਾਰ ਸਾਹਿਬ ਦਾ ਮਾਹੌਲ ਖਰਾਬ ਕਰਨ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ –ਪ੍ਰੋ. ਬਡੂੰਗਰ

 

ਮੋਹਾਲੀ, ੧੩ ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅੱਜ ਇਥੇ ਗੱਲਬਾਤ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮਨੁੱਖਤਾ ਦੇ ਅਧਿਆਤਮਿਕ ਅਸਥਾਨ ਹਨ ਅਤੇ ਇਥੇ ਕਿਸੇ ਨੂੰ ਵੀ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਹ ਇਥੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਬਣਨ ਵਾਲੇ ਯਾਤਰੂ ਨਿਵਾਸ ਦਾ ਨੀਂਹ ਪੱਥਰ ਰੱਖਣ ਲਈ ਪਹੁੰਚੇ ਹੋਏ ਸਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਆਪਣੇ ਆਪ ਨੂੰ ਜਥੇਦਾਰ ਅਖਵਾਉਣ ਵਾਲੇ ਇਹ ਲੋਕ ਪੰਥ ਵਿਰੋਧੀ ਕਾਰਵਾਈਆਂ ਕਰਕੇ ਸਿੱਖ ਕੌਮ ਦਾ ਅਕਸ ਖ਼ਰਾਬ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੁੱਝ ਲੋਕਾਂ ਦਾ ਇਕੱਠ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਹੋਰ ਤਖ਼ਤ ਸਾਹਿਬਾਨ ਦੇ ਜਥੇਦਾਰ ਨਿਯੁਕਤ ਨਹੀਂ ਕਰ ਸਕਦਾ ਬਲਕਿ ਇਸ ਦੀ ਵੀ ਇਕ ਪੰਥਕ ਪ੍ਰਕ੍ਰਿਆ ਅਤੇ ਵਿਧੀ ਵਿਧਾਨ ਹੈ। ਪ੍ਰੋ. ਬਡੂੰਗਰ ਨੇ ਪੰਥ ਵਿਰੋਧੀ ਸ਼ਕਤੀਆਂ ਦੇ ਹੱਥਾਂ ਵਿਚ ਖੇਡ ਰਹੇ ਇਨ੍ਹਾਂ ਲੋਕਾਂ ਨੂੰ ਸਿੱਖ ਕੌਮ ਦੇ ਅਕਸ ਨੂੰ ਢਾਹ ਲਾਉਣ ਤੋਂ ਬਾਜ਼ ਆਉਣ ਲਈ ਵੀ ਕਿਹਾ।
ਇਸ ਤੋਂ ਪਹਿਲਾਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੋਤੀ ਜੋਤਿ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜੁੜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰੂ ਸਾਹਿਬਾਨ ਵੱਲੋਂ ਦਰਸਾਏ ਹੋਏ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਕੀਤੀ। ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਬਣਾਏ ਜਾਣ ਵਾਲੇ ਭਾਈ ਕੂਰਮ ਜੀ ਨਿਵਾਸ ਦਾ ਨੀਂਹ ਪੱਥਰ ਵੀ ਰੱਖਿਆ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ ਬਣਾਏ ਜਾਣ ਵਾਲੇ ਇਸ ਨਿਵਾਸ ਦੇ ੫੦ ਕਮਰੇ ਹੋਣਗੇ ਅਤੇ ਇਸ ਦੇ ਨਿਰਮਾਣ ਦੀ ਸੇਵਾ ਬਾਬਾ ਬਚਨ ਸਿੰਘ ਦਿੱਲੀ ਵਾਲਿਆਂ ਵੱਲੋਂ ਬਾਬਾ ਮਹਿੰਦਰ ਸਿੰਘ ਨੂੰ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸੰਗਤਾਂ ਦੀ ਸਹੂਲਤ ਲਈ ਬਿਹਤਰ ਪ੍ਰਬੰਧ ਕਰਨ ਲਈ ਵਚਨਬਧ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਮੈਂਬਰ ਸ. ਚਰਨਜੀਤ ਸਿੰਘ ਕਾਲੇਵਾਲ, ਬੀਬੀ ਪਰਮਜੀਤ ਕੌਰ ਲਾਂਡਰਾਂ, ਸ. ਭੁਪਿੰਦਰ ਸਿੰਘ ਭਲਵਾਨ, ਸ. ਹਰਜਿੰਦਰ ਸਿੰਘ ਧਾਮੀ, ਬੀਬੀ ਹਰਜਿੰਦਰ ਕੌਰ, ਬਾਬਾ ਮਹਿੰਦਰ ਸਿੰਘ, ਸ. ਸੰਤਾ ਸਿੰਘ ਉਮੈਦਪੁਰੀ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਸ. ਅਮਰਜੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਅੰਬ ਸਾਹਿਬ, ਸ. ਪਰਮਜੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਨਾਢਾ ਸਾਹਿਬ, ਸ. ਪ੍ਰਮਿੰਦਰ ਸਿੰਘ ਮੈਨੇਜਰ ਗੁਰਦੁਆਰਾ ਬਾਗ ਸ਼ਹੀਦਾਂ ਬੜੈਲ, ਸ. ਤੇਜਿੰਦਰਪਾਲ ਸਿੰਘ ਸਿੱਧੂ, ਸ. ਅਮਰੀਕ ਸਿੰਘ ਮੋਹਾਲੀ, ਸ. ਪਰਮਜੀਤ ਸਿੰਘ ਕਾਹਲੋਂ, ਸ. ਜਸਵੰਤ ਸਿੰਘ ਭੁੱਲਰ ਆਦਿ ਹਾਜ਼ਰ ਸਨ।