ਸੋਸ਼ਲ ਮੀਡੀਆ ਰਾਹੀਂ ਸਿੱਖੀ ਪ੍ਰਚਾਰ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੀਆਂ ਗਤੀਵਿਧੀਆਂ ਨੂੰ ਉਭਾਰਨ ਲਈ ਕੰਮ ਕਰੇਗਾ ਆਈ.ਟੀ. ਵਿੰਗ -ਪ੍ਰੋ. ਬਡੂੰਗਰ

ਅੰਮ੍ਰਿਤਸਰ, 27 ਅਕਤੂਬਰ (      )- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਦੇ ਨਾਲ ਨਾਲ ਸ਼੍ਰੋਮਣੀ ਕਮੇਟੀ ਦੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਨੂੰ ਸੋਸ਼ਲ ਮੀਡੀਆ ਰਾਹੀਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਤੀਕ ਪਹੁੰਚਾਉਣ ਲਈ ਨਵੇਂ ਸਥਾਪਿਤ ਕੀਤੇ ਗਏ ਆਈ.ਟੀ. ਵਿੰਗ (ਇਨਫ਼ਰਮੇਸ਼ਨ ਟੈਕਨਾਲੋਜੀ) ਦਾ ਉਦਘਾਟਨ ਅੱਜ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕੀਤਾ। ਇਹ ਵਿੰਗ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਤੋਂ ਚਲਾਏ ਜਾ ਰਹੇ ਇੰਟਰਨੈੱਟ ਵਿਭਾਗ ਦਾ ਹੀ ਇਕ ਭਾਗ ਹੋਵੇਗਾ।
ਉਦਘਾਟਨ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਲਈ ਵਰਤਮਾਨ ਸਮੇਂ ਵਿਚ ਇਲੈਕਟ੍ਰੋਨਿਕ ਤਕਨੀਕ ਦੀ ਵਰਤੋਂ ਬੇਹੱਦ ਜ਼ਰੂਰੀ ਹੈ ਕਿਉਂਕਿ ਅਜੋਕੀ ਪੀੜ੍ਹੀ ਦਾ ਵੱਡਾ ਹਿੱਸਾ ਆਧੁਨਿਕ ਸਾਧਨਾਂ ਦੀ ਵਰਤੋਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾਂਦੇ ਧਰਮ ਪ੍ਰਚਾਰ ਕਾਰਜਾਂ ਤੋਂ ਇਲਾਵਾ ਸਮਾਜਿਕ, ਵਿਦਿਅਕ ਅਤੇ ਲੋਕ ਕਲਿਆਣਕਾਰੀ ਗਤੀਵਿਧੀਆਂ ਨੂੰ ਸੰਸਾਰ ਭਰ ਦੇ ਲੋਕਾਂ ਤੱਕ ਪਹੁੰਚਾਉਣ ਲਈ ਇਹ ਆਈ.ਟੀ. ਵਿੰਗ ਸਥਾਪਿਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੋਸ਼ਲ ਮੀਡੀਆ ਤੇ ਆਉਂਦੇ ਸਵਾਲਾਂ ਦਾ ਜਵਾਬ ਦੇਣ ਦੇ ਨਾਲ-ਨਾਲ ਵੱਖ-ਵੱਖ ਸਿੱਖ ਮਸਲਿਆਂ ਤੇ ਸੰਜੀਦਾ ਗੱਲਬਾਤ ਨੂੰ ਸੰਗਤਾਂ ਤੱਕ ਪਹੁੰਚਾਉਣ ਲਈ ਇਸ ਮਾਧਿਅਮ ਨੂੰ ਵਰਤਿਆ ਜਾਵੇਗਾ। ਪ੍ਰੋ. ਬਡੂੰਗਰ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਜਲਦੀ ਹੀ ਇਕ ਸਟੀਡਿਊ ਵੀ ਬਣਾਇਆ ਜਾਵੇਗਾ।
ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸੰਗਤਾਂ ਦੀ ਮੰਗ ਅਨੁਸਾਰ ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸਕੱਤਰ ਡਾ. ਰੂਪ ਸਿੰਘ, ਪ੍ਰੋ. ਸੁਖਜੀਤ ਸਿੰਘ, ਡਾ. ਮਨਪ੍ਰੀਤ ਸਿੰਘ ਅਤੇ ਡਾ. ਕਨਵਲਵੀਰ ਸਿੰਘ ਢੀਂਡਸਾ ‘ਤੇ  ਆਧਾਰਿਤ ਇਕ ਸਬ-ਕਮੇਟੀ ਬਣਾਈ ਗਈ ਸੀ, ਜਿਸ ਵੱਲੋਂ ਦਿੱਤੇ ਗਏ ਸੁਝਾਵਾਂ ਅਨੁਸਾਰ ਆਈ.ਟੀ. ਵਿੰਗ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਦੇ ਪ੍ਰੋ. ਸੁਖਜੀਤ ਸਿੰਘ ਅਤੇ ਡਾ. ਮਨਪ੍ਰੀਤ ਸਿੰਘ ਤੋਂ ਇਲਾਵਾ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਡਾ. ਕਨਵਲਵੀਰ ਸਿੰਘ ਢੀਂਡਸਾ ਸਲਾਹਕਾਰ ਵਜੋਂ ਕੰਮ ਕਰਨਗੇ।
ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੰਟਰਨੈੱਟ ਵਿਭਾਗ ਲੰਮੇ ਸਮੇਂ ਤੋਂ ਕਾਰਜਸ਼ੀਲ ਹੈ, ਜਿਸ ਦੁਆਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਲਾਈਵ ਕੀਰਤਨ, ਪਾਵਨ ਹੁਕਮਨਾਮਾ ਰੋਜ਼ਾਨਾ ਸੰਗਤਾਂ ਤੱਕ ਪਹੁੰਚਾਇਆ ਜਾਂਦਾ ਹੈ। ਇਸ ਤੋਂ ਇਲਾਵਾ ਸਿੱਖ ਇਤਿਹਾਸ, ਸਿੱਖ ਸਿਧਾਂਤਾਂ ਅਤੇ ਸਿੱਖ ਰਹਿਤ-ਮਰਿਯਾਦਾ ਨੂੰ ਵੀ ਵੱਡੀ ਪੱਧਰ ‘ਤੇ ਪ੍ਰਚਾਰਿਆ ਜਾਂਦਾ ਹੈ। ਹੁਣ ਇਸ ਦਾ ਹੋਰ ਵਿਸਥਾਰ ਕਰਦਿਆਂ ਸੋਸ਼ਲ ਮੀਡੀਆ ਤੇ ਸਰਗਰਮ ਹੋਣ ਲਈ ਨਵਾਂ ਆਈ.ਟੀ. ਵਿੰਗ ਸਥਾਪਿਤ ਕੀਤਾ ਗਿਆ ਹੈ।
ਉਦਘਾਟਨ ਸਮੇਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤਿੰ੍ਰਗ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਰਾਮ ਸਿੰਘ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਬਚਨ ਸਿੰਘ ਕਰਮੂਵਾਲਾ, ਬੀਬੀ ਕਿਰਨਜੋਤ ਕੌਰ, ਸ. ਹਰਪਾਲ ਸਿੰਘ ਜੱਲਾ, ਸ. ਗੁਰਤੇਜ ਸਿੰਘ ਢੱਡੇ, ਸ. ਤਾਰਾ ਸਿੰਘ ਸੱਲਾ, ਸ਼੍ਰੋਮਣੀ ਕਮੇਟੀ ਸਕੱਤਰ ਡਾ. ਰੂਪ ਸਿੰਘ ਤੇ ਸ. ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ ਤੇ ਸ. ਬਿਜੈ ਸਿੰਘ, ਮੀਤ ਸਕੱਤਰ ਸ. ਸਿਮਰਜੀਤ ਸਿੰਘ, ਸ. ਸਕੱਤਰ ਸਿੰਘ ਤੇ ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਇੰਟਰਨੈੱਟ ਵਿਭਾਗ ਦੇ ਇੰਚਾਜ ਸ. ਜਸਪਾਲ ਸਿੰਘ, ਸ. ਸੁਖਬੀਰ ਸਿੰਘ ਵਧੀਕ ਮੈਨੇਜਰ ਆਦਿ ਮੌਜੂਦ ਸਨ।