ਪਟਿਆਲਾ, 31 ਮਈ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸਿੱਖ ਮਸਲਿਆਂ ਦੇ ਸਰਲੀਕਰਨ ਲਈ ਗੰਭੀਰ ਪਹੁੰਚ ਅਪਣਾਉਂਦਿਆਂ ਪਿਛਲੇ ਸਮੇਂ ਦੌਰਾਨ ਵੱਖ-ਵੱਖ ਸਿੱਖ ਮਸਲਿਆਂ ਸਬੰਧੀ ਗਠਿਤ ਕੀਤੀਆਂ ਸਬ-ਕਮੇਟੀਆਂ ਦੇ ਮੈਂਬਰਾਂ ਨਾਲ ਅੱਜ ਸਥਾਨਕ ਖਾਲਸਾ ਕਾਲਜ ਵਿਖੇ ਇਕੱਤਰਤਾ ਕਰ ਕੇ ਵਿਚਾਰ ਵਟਾਂਦਰਾ ਕੀਤਾ। ਇਕੱਤਰਤਾ ਦੌਰਾਨ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿਦੁਆਰ ਦੀ ਮੁੜ ਸਥਾਪਨਾ, ਸੈਲੂਲਰ ਜੇਲ੍ਹ ਅੰਡੇਮਾਨ ਨਿਕੋਬਾਰ, ਗੁਰਦੁਆਰਾ ਬਾਉਲੀ ਸਾਹਿਬ ਜਗਨਨਾਥ ਪੁਰੀ, ਗੁਰਦੁਆਰਾ ਕਰਤਾਰ ਕੀਰਤਨ ਸਾਹਿਬ ਇੰਦੌਰ ਅਤੇ ਮੱਧ ਪ੍ਰਦੇਸ਼ ਦੇ ਸਿਕਲੀਗਰ ਸਿੱਖਾਂ ਸਬੰਧੀ ਬਣਾਈਆਂ ਕਮੇਟੀਆਂ ਦੇ ਮੈਂਬਰਾਂ ਨੇ ਹਿੱਸਾ ਲਿਆ। ਇਸ ਮੌਕੇ ਵੱਖ-ਵੱਖ ਕਮੇਟੀਆਂ ਦੇ ਮੈਂਬਰਾਂ ਨੇ ਆਪਣੀਆਂ ਰਿਪੋਰਟਾਂ ਸਬੰਧੀ ਵਿਸਥਾਰ ਵਿਚ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰੰ ਦੱਸਦਿਆਂ ਜ਼ਮੀਨੀ ਸਥਿਤੀ ਤੋਂ ਵੀ ਜਾਣੂੰ ਕਰਵਾਇਆ।

ਹਾਜ਼ਰ ਮੈਂਬਰਾਂ ਦੇ ਵਿਚਾਰਾਂ ਨੂੰ ਸੰਜੀਦਗੀ ਨਾਲ ਸੁਣਨ ਉਪਰੰਤ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਮਾਮਲਿਆਂ ਸਬੰਧੀ ਕਾਰਵਾਈ ਨੂੰ ਤੁਰੰਤ ਅਮਲ ਵਿਚ ਲਿਆਉਣ ਲਈ ਆਦੇਸ਼ ਕੀਤੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮੌਕੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਨੇ ਦੇਸ਼ ਦੇ ਰਾਸ਼ਟਰਪਤੀ ਨੂੰ ਮਿਲ ਕੇ ਇਨ੍ਹਾਂ ਮਸਲਿਆਂ ਸਬੰਧੀ ਗੱਲਬਾਤ ਕੀਤੀ ਸੀ ਜਿਸ ‘ਤੇ ਰਾਸ਼ਟਰਪਤੀ ਨੇ ਸਾਰਥਕ ਹੁੰਗਾਰਾ ਭਰਦਿਆਂ ਹੱਲ ਦਾ ਭਰੋਸਾ ਵੀ ਦਿੱਤਾ ਸੀ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਹੋਣ ਕਾਰਨ ਸਿੱਖ ਮਸਲਿਆਂ ਦੇ ਹੱਲ ਲਈ ਵਚਨਬੱਧ ਹੈ ਅਤੇ ਇਸ ਤਹਿਤ ਪਿਛਲੇ ਸਮੇਂ ਦੌਰਾਨ ਸਾਹਮਣੇ ਆਏ ਵੱਖ-ਵੱਖ ਮਸਲਿਆਂ ਦੀ ਅਸਲ ਸਥਿਤੀ ਸਬੰਧੀ ਸਬ-ਕਮੇਟੀਆਂ ਗਠਿਤ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਸਬ-ਕਮੇਟੀਆਂ ਵੱਲੋਂ ਪ੍ਰਾਪਤ ਰਿਪੋਰਟਾਂ ਨੂੰ ਅੱਜ ਮੁਕੰਮਲ ਰੂਪ ਵਿਚ ਵਾਚਿਆ ਗਿਆ ਹੈ। ਉਨ੍ਹਾਂ ਵਿਚਾਰੇ ਗਏ ਮਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਭ ਤੋਂ ਗੰਭੀਰ ਮਸਲਾ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਹਰਿਦੁਆਰ ਫੇਰੀ ਨਾਲ ਸਬੰਧਤ ਗੁਰਦੁਆਰਾ ਗਿਆਨ ਗੋਦੜੀ ਸਾਹਿਬ, ਹਰਿ ਕੀ ਪੌੜੀ ਦੀ ਮੁੜ ਸਥਾਪਨਾ ਦਾ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਅੱਜ ਇਸ ਸਬੰਧੀ ਸਮੁੱਚੇ ਸਿੱਖ ਪੰਥ ਵੱਲੋਂ ਇੱਕਜੁਟਤਾ ਨਾਲ ਯਤਨ ਆਰੰਭੇ ਗਏ ਹਨ ਪਰ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਇਕ ਵਫਦ ਉਤਰਾਖੰਡ ਦੇ ਮੁੱਖ ਮੰਤਰੀ ਨੂੰ ਇਸ ਸਬੰਧੀ ਗੱਲਬਾਤ ਕਰਨ ਲਈ ਵੀ ਭੇਜਿਆ ਗਿਆ ਸੀ। ਇਸ ਵਫਦ ਵੱਲੋਂ ਹੋਰਨਾਂ ਸਥਾਨਕ ਆਗੂਆਂ ਨਾਲ ਮੁਲਾਕਾਤ ਕੀਤੀ ਗਈ ਸੀ ਅਤੇ ਇਸ ਸਬੰਧੀ ਰਿਪੋਰਟ ਨੂੰ ਵੀ ਵਾਚਿਆ ਗਿਆ ਹੈ। ਉਨ੍ਹਾਂ ਹੋਰ ਦੱਸਿਆ ਕਿ ਅੰਡੇਮਾਨ ਨਿਕੋਬਾਰ ਦੀ ਸੈਲੂਲਰ ਜੇਲ੍ਹ ਦੇ ਇਤਿਹਾਸ ਵਿਚੋਂ ਪੰਜਾਬੀਆਂ ਅਤੇ ਖਾਸਕਰ ਸਿੱਖਾਂ ਸਬੰਧੀ ਵੇਰਵਿਆਂ ਨੂੰ ਖਤਮ ਕਰਨ ਦੇ ਯਤਨਾਂ ਨੂੰ ਰੋਕਣ ਲਈ ਭੇਜੀ ਗਈ ਸਬ-ਕਮੇਟੀ ਦੇ ਮੈਂਬਰਾਂ ਨੇ ਵੀ ਉਥੋਂ ਦੀ ਵਿਸਥਾਰਤ ਰਿਪੋਰਟ ਪੇਸ਼ ਕਰ ਕੇ ਅਸਲ ਸਥਿਤੀ ਬਾਰੇ ਵੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪ੍ਰਾਪਤ ਰਿਪੋਰਟ ਅਨੁਸਾਰ ਉਥੋਂ ਦੇ ਜੇਲ੍ਹ ਮਿਊਜ਼ੀਅਮ ਵਿਚ ਸਿੱਖਾਂ ਦੀ ਗਾਥਾ ਨੂੰ ਸੱਚਮੁੱਚ ਹੀ ਮਨਫੀ ਕੀਤਾ ਗਿਆ ਹੈ, ਜੋ ਸਿੱਖਾਂ ਨਾਲ ਵੱਡਾ ਧੋਖਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਵਫਦ ਨੇ ਉਥੋਂ ਦੇ ਰਾਜਪਾਲ ਨਾਲ ਮੁਲਾਕਾਤ ਕਰ ਕੇ ਅਸਲੀਅਤ ਤੋਂ ਜਾਣੂ ਕਰਵਾਇਆ ਸੀ, ਜਿਸ ਤੇ ਉਨ੍ਹਾਂ ਨੇ ਜਲਦੀ ਹੀ ਇਸ ਸਬੰਧੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਰਿਪੋਰਟ ਅਨੁਸਾਰ ਸਿੱਖਾਂ ਦੇ ਦੇਸ਼ ਦੀ ਆਜ਼ਾਦੀ ਲਈ ਪਾਏ ਯੋਗਦਾਨ ਨੂੰ ਮੁੜ ਉਭਾਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਮੁਕੰਮਲ ਖੋਜ ਕਰਵਾਉਣ ਲਈ ਜਲਦੀ ਹੀ ਇਕ ਖੋਜ ਕਮੇਟੀ ਬਣਾਈ ਜਾਵੇਗੀ। ਇਕੱਤਰਤਾ ਦੌਰਾਨ ਮੱਧ ਪ੍ਰਦੇਸ਼ ਦੇ ਸਿਕਲੀਗਰ ਸਿੱਖਾਂ ‘ਤੇ ਹੋ ਰਹੇ ਅੱਤਿਆਚਾਰ ਦੀਆਂ ਮਿਲੀਆਂ ਰਿਪੋਰਟਾਂ ਤੋਂ ਬਾਅਦ ਬਣਾਈ ਗਈ ਸਬ-ਕਮੇਟੀ ਨੇ ਵੀ ਪ੍ਰੋ: ਬਡੂੰਗਰ ਨੂੰ ਆਪਣੀ ਵਿਸਥਾਰਤ ਰਿਪੋਰਟ ਸਬੰਧੀ ਜਾਣਕਾਰੀ ਦਿੱਤੀ ਜਿਸ ‘ਤੇ ਉਨ੍ਹਾਂ ਨੇ ਤਰੁੰਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ ਤੇ ਭਾਈ ਰਾਮ ਸਿੰਘ, ਮੈਂਬਰ ਸ. ਰਜਿੰਦਰ ਸਿੰਘ ਮਹਿਤਾ, ਸ. ਕਰਨੈਲ ਸਿੰਘ ਪੰਜੋਲੀ ਤੇ ਸ. ਸੁਖਦੇਵ ਸਿੰਘ ਭੌਰ, ਡਾ. ਪਰਮਵੀਰ ਸਿੰਘ ਮੈਂਬਰ ਸਿੱਖ ਇਤਿਹਾਸ ਰੀਸਰਚ ਬੋਰਡ, ਸ. ਜਗਤਾਰ ਸਿੰਘ, ਸ. ਗੁਰਦਰਸ਼ਨ ਸਿੰਘ ਬਾਹੀਆ, ਡਾ. ਧਰਮਿੰਦਰ ਸਿੰਘ ਉਭਾ, ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ ਤੇ ਸ. ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਸ. ਹਰਭਜਨ ਸਿੰਘ ਮਨਾਵਾਂ ਤੇ ਡਾ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਵਿਦਿਆ ਸ. ਸਿਮਰਜੀਤ ਸਿੰਘ ਆਦਿ ਹਾਜ਼ਰ ਸਨ।