23-08-2016-3ਅੰਮ੍ਰਿਤਸਰ ੨੩ ਅਗਸਤ (       ) ਪੰਜਾਬ ਦੇ ਨਵ ਨਿਯੁਕਤ ਰਾਜਪਾਲ ਸ੍ਰੀ ਵੀ ਪੀ ਸਿੰਘ ਬਦਨੌਰ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਮੱਥਾ ਟੇਕਣ ਉਪਰੰਤ ਪਰਿਕਰਮਾ ਕੀਤੀ ਤੇ ਮੁੱਖ ਸੂਚਨਾ ਅਧਿਕਾਰੀ ਸ. ਗੁਰਬਚਨ ਸਿੰਘ ਤੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਪਰਿਕਰਮਾ ‘ਚ ਸਥਿਤ ਇਤਿਹਾਸਕ ਸਥਾਨਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ੍ਰੀ ਵੀ ਪੀ ਸਿੰਘ ਬਦਨੌਰ ਨੂੰ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਕਮੇਟੀ ਮੈਂਬਰ ਤੇ ਸ. ਸੁਲੱਖਣ ਸਿੰਘ ਮੈਨੇਜਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਸਿਰੋਪਾਓ, ਲੋਈ ਤੇ ਧਾਰਮਿਕ ਕਿਤਾਬਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਉਹ ਧੰਨਤਾਯੋਗ ਹਨ ਕਿ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ ਜਿਥੇ ਸਭ ਧਰਮਾਂ ਦੇ ਲੋਕ ਬੜੀ ਸ਼ਰਧਾ ਭਾਵਨਾ ਨਾਲ ਆਉਂਦੇ ਹਨ ਤੇ ਆਪਣੀਆਂ ਮਨੋਕਾਮਨਾਵਾਂ ਪੂਰੀਆਂ ਕਰਦੇ ਹਨ।ਉਨ੍ਹਾਂ ਕਿਹਾ ਕਿ ਇਹ ਅਸਥਾਨ ਸਭ ਵਰਨਾਂ ਲਈ ਸਾਂਝਾ ਹੈ ਤੇ ਏਥੇ ਆ ਕੇ ਮਨ ਨੂੰ ਅਲੋਕਿਕ ਸ਼ਾਂਤੀ ਮਿਲੀ ਹੈ।ਉਨ੍ਹਾਂ ਕਿਹਾ ਕਿ ਮੈਂ ਇਥੇ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦਾ ਆਸ਼ੀਰਵਾਦ ਲੈਣ ਆਇਆ ਹਾਂ ਤਾਂ ਕਿ ਪੰਜਾਬ ਦੇ ਰਾਜਪਾਲ ਵਜੋਂ ਮਿਲੀ ਵੱਡੀ ਜ਼ਿੰਮੇਵਾਰੀ ਨੂੰ ਬਿਨਾਂ ਰੁਕਾਵਟ ਨਿਭਾਅ ਸਕਾਂ।
ਇਸ ਮੌਕੇ ਸ੍ਰ: ਸੁਖਬੀਰ ਸਿੰਘ ਤੇ ਸ. ਇਕਬਾਲ ਸਿੰਘ ਵਧੀਕ ਮੈਨੇਜਰ, ਸ. ਹਰਪ੍ਰੀਤ ਸਿੰਘ ਸੂਚਨਾ ਅਧਿਕਾਰੀ, ਸ੍ਰੀ ਵਰੁਣ ਰਜ਼ੂਮ ਡਿਪਟੀ ਕਮਿਸ਼ਨਰ ਤੇ ਸ. ਗੁਰਪ੍ਰਤਾਪ ਸਿੰਘ ਟਿੱਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸ਼ਹਿਰੀ ਆਦਿ ਹਾਜ਼ਰ ਸਨ।