ਅੰਮ੍ਰਿਤਸਰ, ੦੧ ਮਈ – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੀ ਇਤਿਹਾਸ ਦੀ ਪੁਸਤਕ ਵਿੱਚੋਂ ਗੁਰ-ਇਤਿਹਾਸ, ਸਿੱਖ ਇਤਿਹਾਸ ਅਤੇ ਪੰਜਾਬ ਦਾ ਇਤਿਹਾਸ ਖ਼ਤਮ ਕਰਨ ਦੇ ਸਾਹਮਣੇ ਆਏ ਮਾਮਲੇ ਦੀ ਘੋਖ ਪੜਤਾਲ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇਕ ਸਬ-ਕਮੇਟੀ ਬਣਾ ਦਿੱਤੀ ਗਈ ਹੈ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਅਤੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਇਕ ਪ੍ਰੈਸ ਬਿਆਨ ਰਾਹੀਂ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਿਲੇਬਸ ਵਿੱਚੋਂ ਸਿੱਖ ਧਰਮ ਨਾਲ ਸਬੰਧਤ ਅਧਿਆਏ ਹਟਾਉਣ ਦੇ ਮਾਮਲੇ ਦੀ ਸੰਜੀਦਗੀ ਨੂੰ ਸਮਝਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸਬ-ਕਮੇਟੀ ਦਾ ਗਠਨ ਕੀਤਾ ਹੈ, ਜੋ ੨ ਦਿਨਾਂ ਵਿਚ ਆਪਣੀ ਰਿਪੋਰਟ ਦੇਵੇਗੀ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਚੰਡੀਗੜ੍ਹ ਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਸ੍ਰੀ ਅਨੰਦਪੁਰ ਸਾਹਿਬ, ਸ਼੍ਰੋਮਣੀ ਕਮੇਟੀ ਦੇ ਸਕੱਤਰ ਵਿਦਿਆ ਸ. ਅਵਤਾਰ ਸਿੰਘ ਸੈਂਪਲਾ, ਗੁਰੂ ਨਾਨਕ ਗਰਲਜ਼ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਿੰਸੀਪਲ ਡਾ. ਤੇਜਿੰਦਰ ਕੌਰ ਧਾਲੀਵਾਲ ਤੇ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸ. ਸਿਮਰਜੀਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ, ਜਦਕਿ ਇਸ ਕਮੇਟੀ ਦੇ ਕੋਆਰਡੀਨੇਟਰ ਸ਼੍ਰੋਮਣੀ ਕਮੇਟੀ ਦੇ ਡਾਇਰੈਕਟਰ ਸਿੱਖਿਆ ਡਾ. ਜਤਿੰਦਰ ਸਿੰਘ ਸਿੱਧੂ ਹੋਣਗੇ। ਸ. ਬੇਦੀ ਅਨੁਸਾਰ ਇਸ ਸਬ-ਕਮੇਟੀ ਦੀ ਇਕੱਤਰਤਾ ੨ ਮਈ ਨੂੰ ਬਹਾਦਰਗੜ੍ਹ ਪਟਿਆਲਾ ਸਥਿਤ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿਖੇ ਹੋਵੇਗੀ।

ਇਸੇ ਦੌਰਾਨ ਉਨ੍ਹਾਂ ਦੱਸਿਆ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ੪ ਮੈਂਬਰੀ ਸਬ-ਕਮੇਟੀ ਦੀ ਇਕੱਤਰਤਾ ੩ ਮਈ ਨੂੰ ਸ਼੍ਰੋਮਣੀ ਕਮੇਟੀ ਦੇ ਮੁਖ ਦਫ਼ਤਰ ਵਿਖੇ ਰੱਖ ਦਿੱਤੀ ਗਈ ਹੈ। ਇਸ ਕਮੇਟੀ ਵੱਲੋਂ ਸਿੱਖ ਜਥੇ ਨਾਲ ਪਾਕਿਸਤਾਨ ਗਈ ਬੀਬੀ ਕਿਰਨ ਬਾਲਾ ਦੇ ਮਾਮਲੇ ਸਬੰਧੀ ਚਰਚਾ ਕਰਨ ਦੇ ਨਾਲ-ਨਾਲ ਭਵਿੱਖੀ ਯੋਜਨਾ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।