ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਮੰਨਾ ਨੂੰ ਦਿੱਤਾ ਮੋੜਵਾਂ ਜਵਾਬ

ਅੰਮ੍ਰਿਤਸਰ, ੧੧ ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਨਦੀਪ ਸਿੰਘ ਮੰਨਾ ਵੱਲੋਂ ਸੋਸ਼ਲ ਮੀਡੀਆ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਖ਼ਿਲਾਫ਼ ਵਰਤੀ ਅਪਮਾਨਜਨਕ ਸ਼ਬਦਾਵਲੀ ਦਾ ਸਖ਼ਤ ਨੋਟਿਸ ਲੈਂਦਿਆਂ ਉਸ ਨੂੰ ਸੱਭਿਅਕ ਦਾਇਰੇ ਅੰਦਰ ਰਹਿਣ ਦੀ ਨਸੀਹਤ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਜਾਰੀ ਇਕ ਬਿਆਨ ਵਿਚ ਆਖਿਆ ਕਿ ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਕੇ ਮਨਦੀਪ ਸਿੰਘ ਮੰਨਾ ਆਪਣੇ ਆਪ ਨੂੰ ਚਰਚਿਤ ਕਰਨਾ ਚਾਹੁੰਦੇ ਹਨ। ਇਸ ਦੌਰਾਨ ਉਹ ਇਹ ਵੀ ਭੁੱਲ ਰਹੇ ਹਨ ਕਿ ਜਿਹੜੀਆਂ ਗੱਲਾਂ ਉਹ ਲੋਕਾਂ ਤੱਕ ਪਹੁੰਚਾ ਰਹੇ ਹਨ ਉਹ ਸੱਭਿਅਕ ਸਮਾਜ ਦਾ ਹਿੱਸਾ ਨਹੀਂ ਹਨ। ਕਿਸੇ ਵਿਰੁੱਧ ਅਸੱਭਿਅਕ ਸ਼ਬਦਾਵਲੀ ਵਰਤਣਾ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਿਸ ਨੂੰ ਸਮਾਜ ਪ੍ਰਵਾਨ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਵਿਚ ਜਾਂਚ ਰਿਪੋਰਟ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ ਹੈ। ਪਰੰਤੂ ਮੰਨਾ ਵਰਗੇ ਲੋਕ ਸੋਸ਼ਲ ਮੀਡੀਆ ‘ਤੇ ਆਪਣੀ ਪਬਲੀਸਿਟੀ ਲਈ ਸਿੱਖ ਸੰਸਥਾ ਦੇ ਅਹੁਦੇਦਾਰਾਂ ਵਿਰੁੱਧ ਗਲਤ ਬਿਆਨਬਾਜ਼ੀ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਕਿਹਾ ਕਿ ਮੰਨਾ ਨੂੰ ਆਪਣੇ ਦਾਇਰੇ ਅੰਦਰ ਰਹਿਣਾ ਚਾਹੀਦਾ ਹੈ। ਪੰਥਕ ਸ਼ਖ਼ਸੀਅਤਾਂ ਬਾਰੇ ਗੱਲ ਕਰਨ ਤੋਂ ਪਹਿਲਾਂ ਉਹ ਆਪਣੇ ਅੰਦਰ ਝਾਤੀ ਮਾਰੇ। ਕਿਸੇ ਦੇ ਵੀ ਮਾਣ-ਸਤਿਕਾਰ ਨੂੰ ਸੱਟ ਮਾਰਨੀ ਇਨਸਾਨੀਅਤ ਨਹੀਂ ਹੈ। ਉਨ੍ਹਾਂ ਕਿਹਾ ਕਿ ਆਲੋਚਨਾ ਕਰਨੀ ਗੁਨਾਹ ਨਹੀਂ, ਪਰ ਉਹ ਉਸਾਰੂ ਹੋਵੇ। ਆਲੋਚਨਾ ਦੇ ਨਾਂ ‘ਤੇ ਇਨਸਾਨੀ ਹੱਦਾਂ ਪਾਰ ਕਰਨ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ।