ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 16 ਫਰਵਰੀ (      ) – ਫੋਰਟਿਸ ਹੈਲਥ ਕੇਅਰ ਲਿਮਟਿਡ ਦੇ ਗਰੋਥ ਐਂਡ ਬਿਜ਼ਨੈਸ ਡਿਵੈਲਪਮੈਂਟ ਵਿਭਾਗ ਦੇ ਵਾਇਸ ਪ੍ਰੈਜੀਡੈਂਟ ਸ੍ਰੀ ਰਾਜੀਵ ਦੂਆ ਅਤੇ ਸ੍ਰੀਮਤੀ ਸੁਧਾ ਝਜਰੀਆ ਪ੍ਰੋਗਰਾਮ ਐਸੋਸੀਏਟ-ਸੇਵਾ ਫੋਰਟਿਸ ਫਾਊਂਡੇਸ਼ਨ ਨਵੀਂ ਦਿੱਲੀ ਅੱਜ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।

ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਪੁੱਜਣ ‘ਤੇ ਸ੍ਰੀ ਰਾਜੀਵ ਦੂਆ, ਸ੍ਰੀਮਤੀ ਸੁਧਾ ਝਜਰੀਆ ਅਤੇ ਡਾ. ਲਹਿੰਬਰ ਸਿੰਘ ਰਿਟਾ: ਸਿਵਲ ਸਰਜਨ ਅੰਮ੍ਰਿਤਸਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਉਨ੍ਹਾਂ ਦੇ ਨਿੱਜੀ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਕੁਲਵਿੰਦਰ ਸਿੰਘ ‘ਰਮਦਾਸ’ ਤੇ ਸ. ਹਰਜੀਤ ਸਿੰਘ ਲਾਲੂਘੁੰਮਣ ਮੀਤ ਸਕੱਤਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਸਿਰੋਪਾਓ ਤੇ ਧਾਰਮਿਕ ਕਿਤਾਬਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ।  

ਇਸ ਮੌਕੇ ਸ੍ਰੀ ਰਾਜੀਵ ਦੂਆ ਅਤੇ ਸ੍ਰੀਮਤੀ ਸੁਧਾ ਝਜਰੀਆ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸਮੁੱਚੀ ਮਨੁੱਖਤਾ ਨੂੰ ਸਰਬ-ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਪਾਵਨ ਪਵਿੱਤਰ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਅਧਿਆਤਮਕ ਤੇ ਰੂਹਾਨੀਅਤ ਸਕੂਨ ਪ੍ਰਾਪਤ ਹੋਇਆ ਹੈ।ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂਂ ਮਿਲੇ ਮਾਣ-ਸਨਮਾਨ ਬਦਲੇ ਅਧਿਕਾਰੀਆਂ ਦਾ ਧੰਨਵਾਦ ਕੀਤਾ।ਉਨ੍ਹਾਂ ਦੱਸਿਆ ਕਿ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਫੋਰਟਿਸ ਫਾਊਂਡੇਸ਼ਨ ਦਾ ਮੁੱਖ ਉਦੇਸ਼ ਵੱਖ-ਵੱਖ ਬਿਮਾਰੀਆਂ ਖਾਸ ਕਰਕੇ ਦਿਲ ਦੀਆਂ ਬਿਮਾਰੀਆਂ ਨਾਲ ਪੀੜਤ ਲੋੜਵੰਦਾਂ ਅਤੇ ਗਰੀਬ ਮਰੀਜ਼ਾਂ ਦਾ ਨਿਸ਼ਕਾਮ ਤੌਰ ‘ਤੇ ਇਲਾਜ ਕਰਨਾ ਹੈ।ਇਸੇ ਮਿਸ਼ਨ ਦੀ ਪ੍ਰਾਪਤੀ ਲਈ ਫੋਰਟਿਸ ਫਾaੂਂਡੇਸ਼ਨ ਵੱਲੋਂ ਦਿੱਲੀ, ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਮੇਤ ਦੇਸ਼ ਦੇ ਕਈ ਪ੍ਰਮੁੱਖ ਸ਼ਹਿਰਾਂ ਵਿੱਚ ਆਪਣੇ ਸੇਵਾ ਕੇਂਦਰ ਸਥਾਪਿਤ ਕੀਤੇ ਗਏ ਹਨ।