ਅੰਮ੍ਰਿਤਸਰ, ੨੩ ਫਰਵਰੀ- ਬਰਤਾਨੀਆ ਦੀ ਸੰਸਦ ਦੇ ਬਾਹਰ ਇੱਕ ਸਿੱਖ ‘ਤੇ ਇੱਕ ਗੋਰੇ ਵੱਲੋਂ ਨਸਲੀ ਹਮਲੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਵਨੀਤ ਸਿੰਘ ਨਾਂ ਦੇ ਇੱਕ ਸਿੱਖ ਦੀ ਦਸਤਾਰ ਨੂੰ ਹੱਥ ਪਾਉਣ ਵਾਲੇ ਗੋਰੇ ਨੂੰ ਤੁਰੰਤ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਕਿ ਵਿਦੇਸ਼ਾਂ ਵਿਚ ਵੱਸਦੇ ਸਿੱਖ ਭਾਈਚਾਰੇ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਉਠਾਉਣ ਅਤੇ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਸਿੱਖਾਂ ਦੀ ਪਛਾਣ ਬਾਰੇ ਜਾਗਰੂਕਤਾ ਫੈਲਾਉਣ ਲਈ ਕਹਿਣ। ਉਨ੍ਹਾਂ ਸਿੱਖਾਂ ਵੱਲੋਂ ਵੱਖ-ਵੱਖ ਦੇਸ਼ਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਪਾਏ ਯੋਗਦਾਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਿੱਖ ਦੁਨੀਆ ਦੇ ਜਿਸ ਵੀ ਦੇਸ਼ ਵਿਚ ਵੱਸਦੇ ਹਨ, ਉਥੋਂ ਦੀ ਖੈਰ ਮੰਗਦੇ ਹਨ। ਇਸ ਲਈ ਸਰਬੱਤ ਦਾ ਭਲਾ ਮੰਗਣ ਵਾਲੀ ਸਿੱਖ ਕੌਮ ‘ਤੇ ਹੁੰਦੇ ਨਸਲੀ ਹਮਲੇ ਰੋਕਣ ਲਈ ਭਾਰਤ ਸਰਕਾਰ ਪਹਿਲ ਕਰੇ।