ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਸ਼ਨਿੱਚਰਵਾਰ, ੨੧ ਹਾੜ (ਸੰਮਤ ੫੫੭ ਨਾਨਕਸ਼ਾਹੀ) ੫ ਜੁਲਾਈ, ੨੦੨੫ (ਅੰਗ: ੬੦੯)

ਅੰਮ੍ਰਿਤਸਰ, 1 ਜੂਨ-
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅੱਜ ਬਾਬਾ ਜੀਤ ਸਿੰਘ ਨਿਰਮਲ ਕੁਟੀਆਂ ਜੌਹਲਾਂ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 103 ਕੁਇੰਟਲ ਕਣਕ ਅਤੇ 51 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਲੰਗਰ ਲਈ ਸੇਵਾ ਲੈ ਕੇ ਪੁੱਜੇ ਬਾਬਾ ਜੀਤ ਸਿੰਘ ਤੇ ਹੋਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਸੰਗਤਾਂ ਨਤਮਸਤਕ ਹੁੰਦੀਆਂ ਹਨ ਅਤੇ ਆਪਣੀ ਸ਼ਰਧਾ ਅਨੁਸਾਰ ਭੇਟਾਵਾਂ ਅਰਪਣ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਵੱਲੋਂ ਵੀ ਸੰਗਤ ਦੇ ਸਹਿਯੋਗ ਨਾਲ ਹਰ ਸਾਲ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਕਣਕ ਅਤੇ ਹੋਰ ਰਸਦਾਂ ਭੇਟ ਕੀਤੀਆਂ ਜਾਂਦੀਆਂ ਹਨ।
ਇਸ ਮੌਕੇ ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਨੇ ਕਿਹਾ ਕਿ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰਾਂ ਤੋਂ ਚਲਾਈਆਂ ਜਾ ਰਹੀਆਂ ਸੇਵਾਵਾਂ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਵਿਚ ਸੇਵਾ ਕਰਕੇ ਹਰ ਸਿੱਖ ਆਪਣੇ ਆਪ ਨੂੰ ਵਡਭਾਗਾ ਸਮਝਦਾ ਹੈ ਅਤੇ ਸਤਿਗੁਰੂ ਦੀ ਰਹਿਮਤ ਸਦਕਾ ਉਹ ਹਰ ਸਾਲ ਸੰਗਤਾਂ ਦੇ ਸਹਿਯੋਗ ਨਾਲ ਸੇਵਾ ਲਈ ਆਉਂਦੇ ਹਨ। ਇਸ ਮੌਕੇ ਡਾ. ਸੁਖਬੀਰ ਸਿੰਘ, ਸ. ਮੱਖਣ ਸਿੰਘ ਨੰਬਰਦਾਰ, ਬਾਬਾ ਹਰਪਾਲ ਸਿੰਘ, ਬਾਬਾ ਜਸਪ੍ਰੀਤ ਸਿੰਘ, ਸ. ਆਰ ਪੀ ਸਿੰਘ ਆਦਿ ਹਾਜ਼ਰ ਸਨ।