ਗੁਰਦੁਆਰਾ ਸਾਹਿਬਾਨ ਸਿੱਖੀ ਦਾ ਕੇਂਦਰੀ ਧੁਰਾ ਹਨ -ਪ੍ਰੋ: ਕਿਰਪਾਲ ਸਿੰਘ ਬਡੂੰਗਰ
ਅੰਮ੍ਰਿਤਸਰ, 05 ਅਪ੍ਰੈਲ – ਸਥਾਨਕ ਪੁਤਲੀਘਰ ਸਥਿਤ ਗੁਰਦੁਆਰਾ ਸ੍ਰੀ ਪਿੱਪਲੀ ਸਾਹਿਬ ਵਿਖੇ ਦਰਬਾਰ ਦੀ ਨਵੀਂ ਬਣੀ ਇਮਾਰਤ ਦੀਆਂ ਚਾਬੀਆਂ ਅੱਜ ਕੀਤੇ ਗਏ ਸ਼ੁਕਰਾਨਾ ਸਮਾਗਮ ਸਮੇਂ ਬਾਬਾ ਬਚਨ ਸਿੰਘ ਅਤੇ ਬਾਬਾ ਮਹਿੰਦਰ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਸੌਂਪੀਆਂ ਗਈਆਂ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਕੁਲਦੀਪ ਸਿੰਘ ਅਤੇ ਭਾਈ ਗੁਰਦੇਵ ਸਿੰਘ ਕੁਹਾੜਕਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗੰ੍ਰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਲਿਆ।
ਇਸ ਮੌਕੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਜਿਥੇ ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਅਤੇ ਬਾਬਾ ਮਹਿੰਦਰ ਸਿੰਘ ਸਮੇਤ ਕਾਰ ਸੇਵਾ ਵਿਚ ਹਿੱਸਾ ਪਾਉਣ ਵਾਲੀ ਸੰਗਤ ਦਾ ਧੰਨਵਾਦ ਕੀਤਾ, ਉਥੇ ਹੀ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਅਨੁਸਾਰ ਚੱਲਣ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੀ ਸੇਵਾ ਵਿਚ ਸੱਚਖੰਡ ਵਾਸੀ ਪੰਥ ਰਤਨ ਬਾਬਾ ਹਰਬੰਸ ਸਿੰਘ ਜੀ ਦਿੱਲੀ ਵਾਲਿਆਂ ਦਾ ਵੱਡਾ ਯੋਗਦਾਨ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਵਰੋਸਾਏ ਬਾਬਾ ਬਚਨ ਸਿੰਘ ਜੀ ਅਤੇ ਬਾਬਾ ਮਹਿੰਦਰ ਸਿੰਘ ਜੀ ਵੀ ਗੁਰੂ ਘਰਾਂ ਦੀ ਕਾਰ ਸੇਵਾ ਲਈ ਨਿਰੰਤਰ ਕਾਰਜਸ਼ੀਲ ਹਨ। ਸੰਗਤ ਦੇ ਸਹਿਯੋਗ ਨਾਲ ਇਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਖੂਬਸੂਰਤ ਇਮਾਰਤ ਤਿਆਰ ਕੀਤੀ ਹੈ। ਪ੍ਰੋ: ਬਡੂੰਗਰ ਨੇ ਆਖਿਆ ਕਿ ਗੁਰਦੁਆਰਾ ਸਾਹਿਬ ਸਿੱਖੀ ਦਾ ਕੇਂਦਰੀ ਧੁਰਾ ਹਨ, ਜਿੱਥੋਂ ਸਾਨੂੰ ਜੀਵਨ ਜਾਚ ਦੀ ਸੋਝੀ ਪ੍ਰਾਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਤੋਂ ਗੁਰਬਾਣੀ ਉਪਦੇਸ਼ ਪ੍ਰਾਪਤ ਕਰਕੇ ਮਨੁੱਖ ਦੀਆਂ ਸਾਰੀਆਂ ਸਮੱਸਿਆਵਾਂ ਦਾ ਸਮਾਧਾਨ ਹੋ ਸਕਦਾ ਹੈ। ਜ਼ਿੰਦਗੀ ਦੇ ਹਰ ਪੱਖ ਨੂੰ ਸੁਚੱਜਾ ਬਣਾਉਣ ਲਈ ਗੁਰਬਾਣੀ ਸਾਡੀ ਅਗਵਾਈ ਕਰਦੀ ਹੈ। ਲੋੜ ਸਿਰਫ ਇਸ ਗੱਲ ਦੀ ਹੈ ਕਿ ਅਸੀਂ ਗੁਰਬਾਣੀ ਨੂੰ ਆਪਣੇ ਅਮਲੀ ਜੀਵਨ ਦਾ ਹਿੱਸਾ ਬਣਾਈਏ। ਪ੍ਰੋ: ਬਡੂੰਗਰ ਨੇ ਇਹ ਵੀ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਦੇ ਚਲਨ ਨੂੰ ਰੋਕਣ ਲਈ ਗੁਰਦੁਆਰਾ ਕਮੇਟੀਆਂ ਅਤੇ ਸੰਗਤ ਨੂੰ ਚੇਤੰਨ ਹੋਣ ਦੀ ਲੋੜ ਹੈ ਅਤੇ ਇਸ ਸਬੰਧੀ ਸੁਰੱਖਿਆ ਤੇ ਪਹਿਰੇਦਾਰੀ ਨੂੰ ਯਕੀਨੀ ਬਣਾ ਕੇ ਆਪਣੇ ਫਰਜ਼ਾਂ ਦੀ ਪੂਰਤੀ ਕੀਤੀ ਜਾਵੇ।
ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਅਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਬਾਬਾ ਬਚਨ ਸਿੰਘ ਤੇ ਬਾਬਾ ਮਹਿੰਦਰ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ ਤੇ ਸ. ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਬੀਬੀ ਕਿਰਨਜੋਤ ਕੌਰ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਮਗਵਿੰਦਰ ਸਿੰਘ ਖਾਪੜਖੇੜੀ ਤੇ ਸ. ਭਗਵੰਤ ਸਿੰਘ ਸਿਆਲਕਾ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਲੱਖਾ ਸਿੰਘ ਪਿਹੋਵਾ, ਬਾਬਾ ਰਵਿੰਦਰ ਸਿੰਘ ਦਿੱਲੀ ਵਾਲੇ, ਬਾਬਾ ਬੀਰਾ ਸਿੰਘ ਪਟਨਾ ਸਾਹਿਬ, ਬਾਬਾ ਗੁਲਾਬ ਸਿੰਘ, ਸ਼੍ਰੋਮਣੀ ਕਮੇਟੀ ਦੇ ਐਡੀ: ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਡਾ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸੁਲੱਖਣ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ. ਹਰਪ੍ਰੀਤ ਸਿੰਘ ਐਡੀ: ਮੈਨੇਜਰ ਆਦਿ ਹਾਜ਼ਰ ਸਨ।