ਅੰਮ੍ਰਿਤਸਰ, ੨੮ ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਪੰਥ ਦੀ ਮਾਨਯੋਗ ਸ਼ਖ਼ਸੀਅਤ ਬਾਬਾ ਲਾਭ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਕੀਤੇ ਗਏ ਇਕ ਪ੍ਰੈਸ ਬਿਆਨ ਰਾਹੀਂ ਭਾਈ ਲੌਂਗੋਵਾਲ ਨੇ ਆਖਿਆ ਕਿ ਬਾਬਾ ਲਾਭ ਸਿੰਘ ਨੇ ਗੁਰੂ ਘਰਾਂ ਅੰਦਰ ਮਿਸਾਲੀ ਸੇਵਾਵਾਂ ਨਿਭਾਈਆਂ ਹਨ ਅਤੇ ਸਿੱਖ ਪੰਥ ਨੂੰ ਉਨ੍ਹਾਂ ਦੀ ਦੇਣ ‘ਤੇ ਸਦਾ ਮਾਣ ਰਹੇਗਾ। ਉਨ੍ਹਾਂ ਕਿਹਾ ਕਿ ਇਕ ਗੁਰਮਤਿ ਦੇ ਰੰਗ ਵਿਚ ਰੰਗੀ ਸ਼ਖ਼ਸੀਅਤ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਵੱਡਾ ਘਾਟਾ ਪਿਆ ਹੈ, ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ। ਉਨ੍ਹਾਂ ਬਾਬਾ ਲਾਭ ਸਿੰਘ ਦੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਨੂੰ ਸਪਰਪ੍ਰਸਤੀ ਦੇਣ ਵਾਲੇ ਬਾਬਾ ਲਾਭ ਸਿੰਘ ਦਾ ਸੰਗਤ ਅੰਦਰ ਬੇਹੱਦ ਸਤਿਕਾਰ ਹੈ। ਬਾਬਾ ਲਾਭ ਸਿੰਘ ਕਾਰਸੇਵਾ ਦੇ ਖੇਤਰ ਵਿਚ ਸਦਾ ਚਾਨਣ-ਮੁਨਾਰੇ ਰਹਿਣਗੇ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਕ ਉੱਘੀ ਧਾਰਮਿਕ ਸ਼ਖ਼ਸੀਅਤ ਦੇ ਅਕਾਲ ਚਲਾਣੇ ‘ਤੇ ਅਫ਼ਸੋਸ ਪ੍ਰਗਟ ਕਰਦੀ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਸ਼ਰਧਾ ਤੇ ਸਤਿਕਾਰ ਭੇਟ ਕਰਦੀ ਹੈ।