ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸ਼ਨਿਚਰਵਾਰ, ੨੦ ਹਾੜ (ਸੰਮਤ ੫੫੮ ਨਾਨਕਸ਼ਾਹੀ) ੦੪ ਜੁਲਾਈ, ੨੦੨੬ (ਅੰਗ: ੬੨੬)

ਅੰਮ੍ਰਿਤਸਰ, 1 ਦਸੰਬਰ-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਸੁੱਚਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬਾਬਾ ਸੁੱਚਾ ਸਿੰਘ ਜੀ ਨੇ ਗੁਰੂ ਘਰ ਦੀਆਂ ਸੇਵਾਵਾਂ ਸਮਰਪਣ ਭਾਵ ਨਾਲ ਕੀਤੀਆਂ। ਉਨ੍ਹਾਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕਈ ਗੁਰਦੁਆਰਾ ਸਾਹਿਬਾਨ ਦੀਆਂ ਇਮਾਰਤਾਂ ਦੀ ਸੇਵਾ ਕਰਵਾਈ ਗਈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬਾਬਾ ਸੁੱਚਾ ਸਿੰਘ ਜੀ ਦੀ ਨਿਮਰਤਾ, ਪਿਆਰ ਅਤੇ ਗੁਰੂ ਘਰਾਂ ਦੀ ਸੇਵਾ ਲਈ ਸਮਰਪਣ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।  ਬਾਬਾ ਜੀ ਦੇ ਅਕਾਲ ਚਲਾਣੇ ਨਾਲ ਪੂਰੇ ਪੰਥ ਨੂੰ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਬਾਬਾ ਜੀ ਨੂੰ ਸਤਿਕਾਰ ਭੇਟ ਕਰਦਿਆਂ ਕਰਤਾ ਪੁਰਖੁ ਅਗੇ ਅਰਦਾਸ ਕੀਤੀ ਕਿ ਸੰਗਤਾਂ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਰਨਲ ਸਕੱਤਰ ਸ. ਸੇ਼ੇਰ ਸਿੰਘ ਮੰਡਵਾਲਾ ਤੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਬਾਬਾ ਸੁੱਚਾ ਸਿੰਘ ਦੇ ਅਕਾਲ ਚਲਾਣੇ ਤੇ ਸੰਵੇਦਨਾ ਪ੍ਰਗਟ ਕਰਦਿਆਂ ਵਾਹਿਗੁਰੂ ਅੱਗੇ ਉਨ੍ਹਾਂ ਨਮਿਤ ਅਰਦਾਸ ਕੀਤੀ।