ਅੰਮ੍ਰਿਤਸਰ, 27 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਵਾ ਗੁਰਦੀਪ ਸਿੰਘ ਐਂਡ ਸੰਨਜ਼ ਸ੍ਰੀ ਅੰਮ੍ਰਿਤਸਰ ਵੱਲੋਂ ਤਿਆਰ ਕੀਤੇ ਗਏ ਯਾਦਗਾਰੀ ਸਿੱਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਜਾਰੀ ਕੀਤੇ ਗਏ। ਦੱਸਣਯੋਗ ਹੈ ਕਿ ਇਹ ਯਾਦਗਾਰੀ ਸਿੱਕੇ ਸੁਨਹਿਰੀ ਅਤੇ ਚਾਂਦੀ ਰੰਗੇ ਹਨ। ਦੋਹਾਂ ਤਰ੍ਹਾਂ ਦੇ ਸਿੱਕਿਆਂ ਦੇ ਸੈੱਟ ਦੀ ਕੀਮਤ ਇਕ ਹਜ਼ਾਰ ਰੁਪਏ ਰੱਖੀ ਗਈ ਹੈ। ਸਿੱਕੇ ਦੇ ਇਕ ਪਾਸੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਅਤੇ ਦੂਸਰੇ ਪਾਸੇ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਦੀ ਤਸਵੀਰ ਹੈ। ਇਸ ਤੋਂ ਇਲਾਵਾ ਇਨ੍ਹਾਂ ਉੱਪਰ ‘੫੫੦ ਸਾਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਨਾਨਕ ਦੇਵ ਜੀ’ ਅਤੇ ‘ਸਤਿਗੁਰੁ ਨਾਨਕੁ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ’ ਵੀ ਉੱਕਰਿਆ ਹੋਇਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਇਹ ਸਿੱਕੇ ਜਾਰੀ ਕਰਨ ਮੌਕੇ ਬਾਵਾ ਗੁਰਦੀਪ ਸਿੰਘ ਐਂਡ ਸੰਨਜ਼ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਿੱਕਰ ਸਿੰਘ ਚੰਨੂ, ਮੁੱਖ ਸਕੱਤਰ ਡਾ. ਰੂਪ ਸਿੰਘ, ਅੰਤ੍ਰਿੰਗ ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ. ਸੁਰਜੀਤ ਸਿੰਘ ਭਿੱਟੇਵਡ, ਸ. ਨਿਰਮਲ ਸਿੰਘ ਹਰਿਆਓ, ਸ. ਅਵਤਾਰ ਸਿੰਘ ਵਣਵਾਲਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਡਾ. ਏ.ਪੀ. ਸਿੰਘ ਅਤੇ ਸ. ਦਰਸ਼ਨ ਸਿੰਘ ਨਿੱਜੀ ਸਹਾਇਕ ਆਦਿ ਮੌਜੂਦ ਸਨ।