ਭਾਈ ਡੱਲ ਸਿੰਘ ਦੀਵਾਨ ਹਾਲ ਵਿਖੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕੀਤਾ ਸੰਗਤ ਨੂੰ ਸੰਬੋਧਨ

ਤਲਵੰਡੀ ਸਾਬੋ (ਬਠਿੰਡਾ), 13 ਅਪ੍ਰੈਲ–  ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ ਮੌਕੇ ਲੱਖਾਂ ਦੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰ ਕੇ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ। ਹਰ ਪਾਸੇ ਸੰਗਤ ਦਾ ਸਮੂਹ ਖਾਲਸਾਈ ਜਾਹੋ ਜਲਾਲ ਦਾ ਪ੍ਰਗਟਾਵਾ ਕਰ ਰਿਹਾ ਸੀ। ਬੀਤੇ ਕੱਲ੍ਹ ਤੋਂ ਤਖਤ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਗਏ ਧਾਰਮਿਕ ਦੀਵਾਨਾਂ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਅਤੇ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕੀਤਾ ਗਿਆ। ਇਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੀ ਨਤਮਸਤਕ ਹੋਏ ਜਿਥੇ ਉਨ੍ਹਾਂ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਸਿਰੋਪਾਉ ਦੀ ਬਖਸ਼ਿਸ਼ ਕੀਤੀ।
 ਇਸ ਉਪਰੰਤ ਭਾਈ ਡੱਲ ਸਿੰਘ ਦੀਵਾਨ ਹਾਲ ਵਿਖੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਖਾਲਸਾ ਸਾਜਣਾ ਦਿਵਸ ਸਮੁੱਚੀ ਦੁਨੀਆਂ ਅੰਦਰ ਸਿੱਖ ਕੌਮ ਵੱਲੋਂ ਪੂਰੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਤਖਤ ਸ੍ਰੀ ਦਮਦਮਾ ਸਾਹਿਬ ਦੇ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਦਸਵੇਂ ਪਾਤਸ਼ਾਹ ਵੱਲੋਂ ਕਰਵਾਈ ਗਈ ਸੀ, ਜਿਸ ਕਰਕੇ ਸੰਗਤ ਸ਼ਰਧਾ ਤੇ ਸਤਿਕਾਰ ਨਾਲ ਇਥੇ ਹਾਜ਼ਰੀ ਭਰਦੀ ਹੈ। ਉਨ੍ਹਾਂ ਆਖਿਆ ਕਿ ਖਾਲਸਾ ਸਾਜਣਾ ਦਿਵਸ ਮੌਕੇ ਅਸੀਂ ਮੰਥਨ ਕਰਨਾ ਹੈ ਕਿ ਕੀ ਅਸੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਚੱਲ ਰਹੇ ਹਾਂ। ਸਾਨੂੰ ਆਪਣੀ ਸਵੈ-ਪੜਚੋਲ ਕਰਕੇ ਗੁਰਬਾਣੀ ਤੋਂ ਪ੍ਰੇਰਨਾ ਲੈਣੀ ਪਵੇਗੀ। ਉਨ੍ਹਾਂ ਕਿਹਾ ਕਿ ਬਿਖੜੇ ਸਮਿਆਂ ਵਿਚ ਵੀ ਖਾਲਸੇ ਨੇ ਚੜ੍ਹਦੀ ਕਲਾ ਨਾਲ ਜੀਵਨ ਜੀਵਿਆ ਜੋ ਸਾਡੇ ਲਈ ਇਕ ਮਿਸਾਲ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਅਕਾਦਮਿਕ ਵਿਦਿਆ ਦੇ ਨਾਲ-ਨਾਲ ਧਰਮ ਦੇ ਸੁਨਹਿਰੀ ਇਤਿਹਾਸ ਤੋਂ ਵੀ ਜਾਣੂੰ ਕਰਵਾਇਆ ਜਾਵੇ ਤਾਂ ਜੋ ਉਹ ਸਿੱਖੀ ਸੰਸਕਾਰਾਂ ਵਾਲੇ ਬਣ ਸਕਣ।
 ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਜੋਗਿੰਦਰ ਕੌਰ, ਮੈਂਬਰ ਸ਼੍ਰੋਮਣੀ ਕਮੇਟੀ ਸ. ਮੋਹਣ ਸਿੰਘ ਬੰਗੀ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਰਾਮਪਾਲ ਸਿੰਘ ਬਹਿਣੀਵਾਲਾ, ਸ. ਮਿੱਠੂ ਸਿੰਘ ਕਾਨੇਕੇ, ਸ. ਸੁਰਜੀਤ ਸਿੰਘ ਰਾਏਪੁਰ, ਬਾਬਾ ਸੁਖਚੈਨ ਸਿੰਘ ਧਰਮਪੁਰਾ, ਸ. ਅਮਰੀਕ ਸਿੰਘ ਕੋਟ ਸ਼ਮੀਰ, ਸ. ਗੁਰਤੇਜ ਸਿੰਘ ਢੱਡੇ ਤੇ ਸ. ਸੁਖਦੇਵ ਸਿੰਘ ਬਾਠ, ਧਰਮ ਪ੍ਰਚਾਰ ਕਮੇਟੀ ਮੈਂਬਰ ਸ. ਅਵਤਾਰ ਸਿੰਘ ਵਣਵਾਲਾ ਤੇ ਸ. ਮਨਜੀਤ ਸਿੰਘ ਬਪੀਆਣਾ, ਸ਼੍ਰੋਮਣੀ ਕਮੇਟੀ ਦੇ ਐਡੀ: ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਡਾ. ਪਰਮਜੀਤ ਸਿੰਘ ਸਰੋਆ ਤੇ ਸ. ਕੇਵਲ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ. ਚਾਨਣ ਸਿੰਘ, ਸ. ਜਗਜੀਤ ਸਿੰਘ ਮੈਨੇਜਰ ਤਖਤ ਸ੍ਰੀ ਦਮਦਮਾ ਸਾਹਿਬ, ਸ. ਸ਼ਮਸ਼ੇਰ ਸਿੰਘ ਚੱਠਾ ਐਡੀ: ਮੈਨੇਜਰ ਤੇ ਹੋਰ ਹਾਜ਼ਰ ਸਨ।