ਅੰਮ੍ਰਿਤਸਰ, 31 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਬਿਜਨੌਰ ਦੇ ਪਿੰਡ ਚੰਪਤਪੁਰ ’ਚ ਇਕ ਸਿੱਖ ਨੌਜੁਆਨ ਦੇ ਕੇਸਾਂ ਅਤੇ ਕਕਾਰਾਂ ਦੀ ਬੇਅਦਬੀ ਕਰਨ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਘਟਗਿਣਤੀ ਸਿੱਖਾਂ ਨਾਲ ਦੇਸ਼ ਅੰਦਰ ਵਧੀਕੀਆਂ ਹੋ ਰਹੀਆਂ ਹਨ। ਬਿਜਨੌਰ ਦੇ ਪਿੰਡ ਚੰਪਤਪੁਰ ’ਚ ਵਾਪਰੀ ਘਟਨਾ ਨਾਲ ਸਿੱਖ ਮਾਨਸਿਕਤਾ ਨੂੰ ਭਾਰੀ ਠੇਸ ਪੁੱਜੀ ਹੈ ਅਤੇ ਇਸ ਦੇ ਦੋਸ਼ੀਆਂ ਖਿਲਾਫ ਕਰੜੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆ ਨਾਥ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਇਸ ਮਾਮਲੇ ਵਿਚ ਦਖ਼ਲ ਦੇਣ ਅਤੇ ਸਥਾਨਕ ਪੁਲਿਸ ਪ੍ਰਸਾਸ਼ਨ ਨੂੰ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਲਈ ਕਹਿਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੇ ਘਟਗਿਣਤੀ ਕਮਿਸ਼ਨ ਨੂੰ ਵੀ ਕਿਹਾ ਕਿ ਉਹ ਅਜਿਹੇ ਮਾਮਲਿਆਂ ’ਤੇ ਕਾਰਵਾਈ ਕਰਵਾਉਣ ਲਈ ਸੰਜੀਦਾ ਯਤਨ ਕਰਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਨੇ ਦੇਸ਼ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਪਰੰਤੂ ਅੱਜ ਦੇ ਹਾਲਾਤ ਇਹ ਹਨ ਕਿ ਸਿੱਖਾਂ ਦੇ ਧਾਰਮਿਕ ਅਕੀਦਿਆਂ ਨੂੰ ਵੀ ਸੱਟ ਮਾਰੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਫਿਰਕੂ ਸੋਚ ਤਹਿਤ ਭਾਈਚਾਰਿਆਂ ਵਿਚ ਵੰਡੀਆਂ ਪਾਉਣ ਦਾ ਯਤਨ ਕਰ ਰਹੇ ਹਨ। ਇਸ ਤੋਂ ਵੀ ਦੁੱਖ ਦੀ ਗੱਲ ਹੈ ਕਿ ਧਰਮ ਤਬਦੀਲੀ ਦੇ ਨਾਂ ’ਤੇ ਅਜਿਹੇ ਵਰਤਾਰੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸੋਚ ਅਤੇ ਚਲਣ ਦੇਸ਼ ਦੇ ਹਿੱਤ ਵਿਚ ਨਹੀਂ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਮਾਮਲੇ ਦੀ ਪੜਤਾਲ ਸਬੰਧੀ ਉਨ੍ਹਾਂ ਸਿੱਖ ਮਿਸ਼ਨ ਉਤਰਾਖੰਡ ਦੇ ਇੰਚਾਰਜ ਦੀ ਡਿਊਟੀ ਲਗਾ ਦਿੱਤੀ ਹੈ, ਜੋ ਸਾਰੇ ਮਾਮਲੇ ਬਾਰੇ ਰਿਪੋਰਟ ਦੇਣਗੇ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਪੀੜਤ ਪਰਿਵਾਰ ਨਾਲ ਹਰ ਪੱਧਰ ’ਤੇ ਖੜ੍ਹੀ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਵਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ।