ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿਖੇ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ 30 ਜੂਨ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਬਿਹਾਰ ਸਰਕਾਰ ਦੇ ਸਾਇੰਸ ਤੇ ਤਕਨਾਲੋਜੀ ਵਿਭਾਗ ਦੀ ਪ੍ਰਿੰਸੀਪਲ ਸਕੱਤਰ ਹਰਜੋਤ ਕੌਰ ਅਤੇ ਉਨ੍ਹਾਂ ਦੇ ਪਤੀ ਲੇਬਰ ਤੇ ਸਕਿੱਲ ਡਿਵੈਲਪਮੈਂਟ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ੍ਰੀ ਦੀਪਕ ਕੁਮਾਰ ਸਿੰਘ ਨੇ ਸ਼ਰਧਾ ਭਾਵਨਾ ਨਾਲ ਮੱਥਾ ਟੇਕਿਆ। ਉਨ੍ਹਾਂ ਨਾਲ ਉਨ੍ਹਾਂ ਦਾ ਬੇਟਾ ਹਰਦੀਪ ਸਿੰਘ ਵੀ ਮੌਜੂਦ ਸੀ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸੱਕਤਰ ਸ. ਮਨਜੀਤ ਸਿੰਘ ਬਾਠ ਨੇ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਦੱਸਣਯੋਗ ਹੈ ਕਿ ਬੀਬੀ ਹਰਜੋਤ ਕੌਰ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਵਾਏ ਗਏ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਅਹਿੰਮ ਸੇਵਾਵਾਂ ਨਿਭਾਈਆਂ ਸਨ। ਇਸ ਮੌਕੇ ਗੱਲਬਾਤ ਕਰਦਿਆਂ ਬੀਬੀ ਹਰਜੋਤ ਕੌਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਦੇ ਅਧਿਆਤਮਕ ਅਸਥਾਨ ਹਨ ਅਤੇ ਇਥੇ ਨਤਮਸਤਕ ਹੋ ਕੇ ਮਨੁੱਖ ਨੂੰ ਮਾਨਸਿਕ ਸ਼ਾਂਤੀ ਪ੍ਰਾਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਰੂਹਾਨੀ ਅਨੰਦ ਮਿਲਿਆ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ‘ਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਬੀਬੀ ਹਰਜੋਤ ਕੌਰ ‘ਤੇ ਸਮੁੱਚੇ ਸਿੱਖ ਜਗਤ ਨੂੰ ਮਾਣ ਹੈ ਅਤੇ ਇਨ੍ਹਾਂ ਵੱਲੋਂ ਦਸਵੇਂ ਪਾਤਸ਼ਾਹ ਜੀ ਦੇ ੩੫੦ ਸਾਲਾ ਪ੍ਰਕਾਸ਼ ਪੁਰਬ ਸਮੇਂ ਨਿਭਾਈਆਂ ਸੇਵਾਵਾਂ ਸਦਾ ਯਾਦ ਰੱਖੀਆਂ ਜਾਣਗੀਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਸਕੱਤਰ ਸ. ਮਨਜੀਤ ਸਿੰਘ ਬਾਠ, ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਹਰਜਿੰਦਰ ਸਿੰਘ ਕੈਰੋਵਾਲ, ਮੈਨੇਜਰ ਸਰਾਵਾਂ ਸ. ਮੁਖਤਾਰ ਸਿੰਘ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ, ਸ. ਅੰਮ੍ਰਿਤਪਾਲ ਸਿੰਘ ਸਮੇਤ ਹੋਰ ਹਾਜ਼ਰ ਸਨ।