ਅੰਮ੍ਰਿਤਸਰ, 23 ਮਈ-
ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬੀਬੀ ਉਪਿੰਦਰਜੀਤ ਕੌਰ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਲਗਭਗ 400 ਕੁਇੰਟਲ ਕਣਕ ਭੇਜੀ ਗਈ ਹੈ। ਕਣਕ ਲੈ ਕੇ ਪੁੱਜੀਆਂ ਸੁਲਤਾਨਪੁਰ ਲੋਧੀ ਇਲਾਕੇ ਦੀਆਂ ਸੰਗਤਾਂ ਨਾਲ ਆਏ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਚਲਾਈ ਗਈ ਲੰਗਰ ਪ੍ਰਥਾ ਸਿੱਖ ਕੌਮ ਦੀ ਵਿਲੱਖਣ ਪਛਾਣ ਹੈ ਅਤੇ ਹਰ ਗੁਰੂ ਘਰ ਅੰਦਰ ਬਿਨਾ ਮਤਭੇਦ ਲੰਗਰ ਜਾਰੀ ਰਹਿੰਦਾ ਹੈ। ਸ੍ਰੀ ਦਰਬਾਰ ਸਾਹਿਬ ਪੁੱਜਣ ਵਾਲੀਆਂ ਸੰਗਤਾਂ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਤੋਂ ਪ੍ਰਸ਼ਾਦਾ ਛਕ ਕੇ ਤ੍ਰਿਪਤ ਹੁੰਦੀਆਂ ਹਨ। ਇਹ ਦੁਨੀਆਂ ਦੇ ਸਭ ਤੋਂ ਵੱਡਾ ਲੰਗਰ ਘਰ ਹੈ, ਜੋ ਸੰਗਤਾਂ ਦੇ ਸਹਿਯੋਗ ਨਾਲ ਚੱਲਦਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ ਤੇ ਮੈਨੇਜਰ ਸ. ਮੁਖਤਾਰ ਸਿੰਘ ਚੀਮਾ ਨੇ ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀ: ਸਵਰਨ ਸਿੰਘ, ਸ. ਸੁਰਜੀਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ ਤੇ ਹੋਰਨਾਂ ਦਾ ਗੁਰੂ ਬਖ਼ਸ਼ਿਸ਼ ਸਿਰਪਾਓ ਨਾਲ ਸਨਮਾਨ ਕੀਤਾ। ਸ. ਆਹਲੀ ਨੇ ਕਿਹਾ ਕਿ ਸੰਗਤਾਂ ਅੰਦਰ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਘਰ ਲਈ ਕਣਕ ਭੇਜਣ ਪ੍ਰਤੀ ਭਾਰੀ ਉਤਸ਼ਾਹ ਹੈ ਅਤੇ ਰੋਜ਼ਾਨਾ ਲਈ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਕਣਕ ਭੇਜੀ ਜਾ ਰਹੀ ਹੈ। ਇਸ ਮੌਕੇ ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸਤਿੰਦਰ ਸਿੰਘ, ਸ. ਕਾਰਜ ਸਿੰਘ, ਸ. ਕਰਨਜੀਤ ਸਿੰਘ ਆਦਿ ਮੌਜੂਦ ਸਨ।
 
ਫੋਟੋ ਕੈਪਸ਼ਨ: ਸੁਲਤਾਨਪੁਰ ਲੋਧੀ ਦੀਆਂ ਸੰਗਤਾਂ ਨਾਲ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਕਣਕ ਲੈ ਕੇ ਪੁੱਜੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਇੰਜੀ: ਸਵਰਨ ਸਿੰਘ ਤੇ ਹੋਰਾਂ ਦਾ ਸਨਮਾਨ ਕਰਦੇ ਹੋਏ ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਮੈਨੇਜਰ ਸ. ਮੁਖਤਾਰ ਸਿੰਘ ਅਤੇ ਹੋਰ।