ਅੰਮ੍ਰਿਤਸਰ, 14 ਨਵੰਬਰ-
ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਉਹ ਕੁਝ ਮਹੀਨੇ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ ਬ੍ਰਿਟਿਸ਼ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਦੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਵਿਸ਼ੇਸ਼ ਸਵਾਗਤ ਅਤੇ ਸਨਮਾਨ ਲਈ ਧੰਨਵਾਦ ਕਰਨ ਆਏ ਸਨ। ਐਡਵੋਕੇਟ ਧਾਮੀ ਨਾਲ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਕੈਰੋਲਿਨ ਰੋਵੇਟ ਨੇ ਜਿਥੇ ਸਿੱਖਾਂ ਵੱਲੋਂ ਯੂਕੇ ਦੀ ਤਰੱਕੀ ਲਈ ਪਾਏ ਜਾਂਦੇ ਯੋਗਦਾਨ ਦੀ ਸ਼ਲਾਘਾ ਕੀਤੀ, ਉਥੇ ਹੀ ਜਲਦ ਹੀ ਬ੍ਰਿਟਿਸ਼ ਸਰਕਾਰ ਦੇ ਇਕ ਮੰਤਰੀ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਣ ਦਾ ਖੁਲਾਸਾ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਨੇ ਵੱਖ-ਵੱਖ ਦੇਸ਼ਾਂ ਵਿਚ ਜਾ ਕੇ ਆਪਣੀ ਮਿਹਨਤ ਨਾਲ ਸਫਲਤਾ ਹਾਸਲ ਕੀਤੀ ਹੈ ਅਤੇ ਉਨ੍ਹਾਂ ਨੂੰ ਇਸ ਗੱਲ ਦਾ ਵੀ ਮਾਣ ਹੈ ਕਿ ਕਈ ਸਿੱਖ ਉਥੋਂ ਦੀਆਂ ਸਰਕਾਰਾਂ ਦਾ ਵੀ ਹਿੱਸਾ ਬਣੇ ਹੋਏ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮੌਕੇ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਫੁੰਮਣ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਦਫ਼ਤਰ ਇੰਚਾਰਜ ਸ. ਸ਼ਾਹਬਾਜ ਸਿੰਘ ਮੌਜੂਦ ਸਨ।