੧੯੮੪ ‘ਚ ਕੀਤੀ ਗਈ ਸਿੱਖ ਨਸਲਕੁਸ਼ੀ ਨੂੰ ਕਦੇ ਨਾ ਭੁੱਲਣ ਵਾਲਾ ਨਾਸੂਰ – ਗਿਆਨੀ ਹਰਪ੍ਰੀਤ ਸਿੰਘ
ਸੋਸ਼ਲ ਮੀਡੀਏ ਨੂੰ ਭਰਾ-ਮਾਰੂ ਜੰਗ ਲਈ ਆਧਾਰ ਸਰੋਤ ਵਜੋਂ ਵਰਤਣਾ ਸਿੱਖ ਵਿਰੋਧੀ ਲੋਕਾਂ ਦੀ ਡੂੰਘੀ ਸਾਜ਼ਿਸ਼ ਦਾ ਹਿੱਸਾ -ਗਿਆਨੀ ਹਰਪ੍ਰੀਤ ਸਿੰਘ
ਪੰਥ ਵਿਰੋਧੀਆਂ ਵੱਲੋਂ ਗੁਰ ਇਤਿਹਾਸ ਨੂੰ ਵਿਗਾੜਨ ਦੀਆਂ ਚਾਲਾਂ ਤੋਂ ਸੁਚੇਤ ਰਹਿਣ ਸੰਗਤਾਂ -ਭਾਈ ਲੌਂਗੋਵਾਲ
ਗਿਆਨੀ ਜਗਤਾਰ ਸਿੰਘ, ਗਿਆਨੀ ਰਘਬੀਰ ਸਿੰਘ, ਬਾਬਾ ਹਰਨਾਮ ਸਿੰਘ ਖ਼ਾਲਸਾ ਤੇ ਗਿਆਨੀ ਰਣਜੀਤ ਸਿੰਘ ਗੌਹਰ ਨੇ ਵੀ ਕੀਤਾ ਸੰਬੋਧਨ

ਅੰਮ੍ਰਿਤਸਰ ੮ ਨਵੰਬਰ – ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉੜੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂਅ ਸੰਦੇਸ਼ ਦਿੱਤਾ ਅਤੇ ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਅਤੇ ਪ੍ਰਸਿੱਧ ਕਥਾਵਾਚਕ ਭਾਈ ਰਣਜੀਤ ਸਿੰਘ ਗੌਹਰ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਬੰਦੀ ਛੋੜ ਦਿਵਸ ਦੀ ਮੁਬਾਰਕਬਾਦ ਦਿੱਤੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂਅ ਸੰਦੇਸ਼ ਦਿੰਦਿਆਂ ਕਿਹਾ ਕਿ ਗੁਰਬਾਣੀ ਦੇ ਇਲਾਹੀ ਗਿਆਨ ਖੜਗ ਨਾਲ ਆਪਣੇ ਅੰਦਰ ਅਤੇ ਦੁਨੀਆਂ ਵਿਚ ਫੈਲੇ ਹੋਏ ਅੰਧਕਾਰ ਨੂੰ ਖ਼ਤਮ ਕਰਨਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਇਲਾਹੀ ਸੱਚ ਦੀ ਤਾਕਤ ਨਾਲ ਨਿਰਭਉ ਨਿਰਵੈਰੁ ਵਿਚਾਰਧਾਰਾ ਤੋਂ ਪ੍ਰੇਰਣਾ ਲੈ ਕੇ ਸਰਬੱਤ ਦੇ ਭਲੇ ਲਈ ਮਜਲੂਮ, ਲੋੜਵੰਦ ਅਤੇ ਗਰੀਬ ਦੀ ਆਸ ਬਣਦਿਆਂ ਹਰ ਇਕ ਲਈ ਇਨਸਾਫ਼, ਬਰਾਬਰੀ ਤੇ ਅਜ਼ਾਦੀ ਦੀ ਅਵਾਜ਼ ਬੁਲੰਦ ਕਰਨ ਦੀ ਜ਼ੁੰਮੇਵਾਰੀ ਨਿਭਾਉਣ ਲਈ ਕਿਹਾ। ਸਿੰਘ ਸਾਹਿਬ ਨੇ ਜੂਨ ਅਤੇ ਨਵੰਬਰ ੧੯੮੪ ਵਿਚ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਸਿੱਖਾਂ ਦੀ ਨਸਲਕੁਸ਼ੀ ਨੂੰ ਕਦੇ ਨਾ ਭੁੱਲਣ ਵਾਲਾ ਨਾਸੂਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਲਗਾਤਾਰ ਹੋ ਰਹੀਆਂ ਘਟਨਾਵਾਂ, ਜ਼ੇਲ੍ਹਾਂ ਵਿਚ ਬੰਦ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਨਾ ਹੋਣਾ ਅਤੇ ਦੇਸ਼ ਅੰਦਰ ਸਿੱਖਾਂ ਨੂੰ ਨਿਸ਼ਾਨਾ ਬਣਾ ਕੇ ਕਤਲ ਕਰਨ ਵਰਗੇ ਅਪਰਾਧਾਂ ਨੇ ਭਾਰਤ ਅੰਦਰ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ, ਦੇਸ਼ ਦੇ ਕਾਨੂੰਨ ਅਤੇ ਅਦਾਲਤਾਂ ਨੇ ਸਿੱਖਾਂ ਨੂੰ ਇਨਸਾਫ਼ ਨਾ ਦੇ ਕੇ ਕੌਮ ਨੂੰ ਦਰਦ ਹੀ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਗਹਿਰੀ ਸਾਜ਼ਿਸ਼ ਅਧੀਨ ਸਿੱਖ ਇਤਿਹਾਸ, ਸਿੱਖ ਪ੍ਰੰਪਰਾਵਾਂ ਨਾਲ ਛੇੜ-ਛਾੜ ਤੇ ਪੰਜਾਬੀ ਸੱਭਿਆਚਾਰ ਦੇ ਗੰਧਲੇਪਨ ਕਾਰਨ ਸਿੱਖ ਨੌਜੁਆਨੀ ਨੂੰ ਕੁਰਾਹੇ ਪਾਇਆ ਜਾ ਰਿਹਾ ਹੈ। ਇਹ ਸਭ ਕਾਰਵਾਈਆਂ ਪੰਥਕ ਸ਼ਕਤੀ ਨੂੰ ਖੇਰੂੰ-ਖੇਰੂੰ ਕਰਨ ਦਾ ਯਤਨ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੋਸ਼ਲ ਮੀਡੀਆ ‘ਤੇ ਸਿੱਖਾਂ ਵੱਲੋਂ ਆਪਣੇ ਵਿਚਾਰ ਰੱਖਦਿਆਂ ਇਕ-ਦੂਸਰੇ ਪ੍ਰਤੀ ਨੀਵੇਂ ਪੱਧਰ ‘ਤੇ ਵਰਤੀ ਜਾ ਰਹੀ ਸ਼ਬਦਾਵਲੀ ਨੂੰ ਸਿੱਖ ਨੈਤਿਕਤਾ ਦਾ ਘਾਣ ਕਿਹਾ ਅਤੇ ਸੋਸ਼ਲ ਮੀਡੀਏ ਨੂੰ ਭਰਾ-ਮਾਰੂ ਜੰਗ ਕਰਵਾਉਣ ਲਈ ਆਧਾਰ ਸਰੋਤ ਵਜੋਂ ਵਰਤਣਾ ਸਿੱਖ ਵਿਰੋਧੀ ਲੋਕਾਂ ਦੀ ਡੂੰਘੀ ਸਾਜ਼ਿਸ਼ ਦਾ ਹਿੱਸਾ ਕਰਾਰ ਦਿੱਤਾ। ਉਨ੍ਹਾਂ ਆਖਿਆ ਕਿ ਇਸ ਵਰਤਾਰੇ ਤੋਂ ਬਚਣ ਅਤੇ ਸਾਵਧਾਨ ਹੋਣ ਦੀ ਵੱਡੀ ਲੋੜ ਹੈ ਅਤੇ ਸਿੱਖ ਪੰਥ ਸੰਜਮ ਵਿਚ ਰਹਿ ਕੇ ਉਸਾਰੂ ਰੂਪ ਵਿਚ ਹੀ ਇਸ ਦੀ ਵਰਤੋਂ ਕਰੇ। ਇਸ ਦੇ ਨਾਲ ਹੀ ਉਨ੍ਹਾਂ ਸਿੱਖ ਸੰਸਥਾਵਾਂ ਨੂੰ ਆਪਣੇ ਕਰਤੱਵ ਪਛਾਣਦਿਆਂ ਕਿਰਤ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਯੋਗ ਉਪਰਾਲੇ ਅਤੇ ਵਿਉਂਤਬੰਦੀ ਕਰਨ ਲਈ ਕਿਹਾ, ਜਦਕਿ ਸਮੁੱਚੀਆਂ ਪੰਥਕ ਧਿਰਾਂ ਅਤੇ ਸੰਸਥਾਵਾਂ ਨੂੰ ਇਕ-ਦੂਜੇ ਨੂੰ ਭੰਡਣ ਦੀ ਬਜਾਏ ਗੁਰਬਾਣੀ ਦੀ ਰੌਸ਼ਨੀ ਵਿਚ ਗੁਰਮਤਿ ਅਨੁਸਾਰ ਕੀਤੇ ਕਾਰਜਾਂ ਨੂੰ ਉਤਸ਼ਾਹਤ ਕਰਨ ਦੀ ਵੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਸੰਨ ੨੦੧੯ ਵਿਚ ਮਨਾਈ ਜਾ ਰਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ੫੫੦ ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਬੰਧੀ ਹੁਣ ਤੋਂ ਵਿਉਂਤਬੰਦੀ ਕੀਤੀ ਜਾਵੇ ਅਤੇ ਪੰਥਕ ਸ਼ਕਤੀ ਨੂੰ ਇਕਜੁਟ ਕਰਨ ਲਈ ਰਲ-ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਚਲਾਈ ਉਸਾਰੂ ਸੰਵਾਦ ਪ੍ਰਕਿਰਿਆ ਨੂੰ ਮੁੜ ਸੁਰਜੀਤ ਕੀਤਾ ਜਾਵੇ, ਤਾਂ ਜੋ ਕੌਮ ਵਿਵਾਦਾਂ ਵਿੱਚੋਂ ਨਿਕਲ ਸਕੇ।

ਪੰਥ ਵਿਰੋਧੀਆਂ ਵੱਲੋਂ ਗੁਰ ਇਤਿਹਾਸ ਨੂੰ ਵਿਗਾੜਨ ਦੀਆਂ ਚਾਲਾਂ ਤੋਂ ਸੁਚੇਤ ਰਹਿਣ ਸੰਗਤਾਂ -ਭਾਈ ਲੌਂਗੋਵਾਲ

ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਵੱਲੋਂ ਗਵਾਲੀਅਰ ਦੀ ਕੈਦ ਵਿੱਚੋਂ ਛੁਡਾਏ ੫੨ ਰਾਜਿਆਂ ਦਾ ਇਤਿਹਾਸ ਸੰਭਾਲੀ ਬੈਠਾ ਇਹ ਦਿਹਾੜਾ ਸਾਨੂੰ ਸੱਚ ਦੀ ਅਵਾਜ਼ ਬਣਨ ਅਤੇ ਜ਼ੁਲਮ ਦੇ ਸਤਾਏ ਹੋਏ ਲੋਕਾਂ ਦੇ ਹੱਕ ਵਿਚ ਅੱਗੇ ਆਉਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਹਿੰਦੁਸਤਾਨ ਦੀ ਬੋਲੀ, ਸੱਭਿਆਚਾਰ ਅਤੇ ਰੀਤੀ-ਰਿਵਾਜ਼ ਬਚਾਉਣ ਲਈ ਜੋ ਮਿਸ਼ਨ ਆਰੰਭਿਆ ਉਸ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਹੋਰ ਅੱਗੇ ਵਧਾਉਂਦਿਆਂ ਜ਼ੁਲਮ ਅਤੇ ਅਨਿਆਂ ਵਿਰੁੱਧ ਆਵਾਜ਼ ਬੁਲੰਦ ਕੀਤੀ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਲੋਕਾਈ ਨੂੰ ਇਕ ਨਵੀਂ ਰੋਸ਼ਨੀ, ਨਵੇਂ ਜਜ਼ਬੇ ਅਤੇ ਨਵੇਂ ਜੋਸ਼ ਦੇ ਰੂਬਰੂ ਕੀਤਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਧਾਰਮਿਕ, ਸਮਾਜਿਕ, ਰਾਜਨੀਤਿਕ ਅਤੇ ਆਰਥਿਕ ਕ੍ਰਾਂਤੀ ਦਾ ਮੁੱਢ ਬੰਨਣ ਵਾਲੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਹੋਏ ਮਾਰਗ ਨੂੰ ਅਪਨਾਉਣ। ਉਨ੍ਹਾਂ ਕਿਹਾ ਕਿ ਅੱਜ ਕੁਝ ਪੰਥ ਵਿਰੋਧੀ ਸ਼ਕਤੀਆਂ ਗੁਰ-ਇਤਿਹਾਸ ਅਤੇ ਸਿੱਖ-ਇਤਿਹਾਸ ਨੂੰ ਵਿਗਾੜਨ ਲਈ ਚਾਲਾਂ ਚੱਲ ਰਹੀਆਂ ਹਨ, ਜਿਨ੍ਹਾਂ ਤੋਂ ਸੁਚੇਤ ਹੋਣ ਦੀ ਲੋੜ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਪਣੇ ਸੰਬੋਧਨ ਦੌਰਾਨ ਸ਼ਹੀਦ ਭਾਈ ਮਨੀ ਸਿੰਘ ਨੂੰ ਵੀ ਯਾਦ ਕੀਤਾ ਅਤੇ ਉਨ੍ਹਾਂ ਦੇ ਜੀਵਨ ਤੋਂ ਸੰਗਤਾਂ ਅਤੇ ਖ਼ਾਸਕਰ ਸਿੱਖ ਨੌਜੁਆਨੀ ਨੂੰ ਪ੍ਰੇਰਣਾ ਲੈਣ ਦੀ ਅਪੀਲ ਕੀਤੀ।

ਗਿਆਨੀ ਜਗਤਾਰ ਸਿੰਘ, ਗਿਆਨੀ ਰਘਬੀਰ ਸਿੰਘ, ਬਾਬਾ ਹਰਨਾਮ ਸਿੰਘ ਖ਼ਾਲਸਾ ਤੇ ਗਿਆਨੀ ਰਣਜੀਤ ਸਿੰਘ ਗੌਹਰ ਨੇ ਵੀ ਕੀਤਾ ਸੰਬੋਧਨ

ਇਸ ਮੌਕੇ ਸੱੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਿੱਖ ਧਰਮ ਅੰਦਰ ਬੰਦੀ ਛੋੜ ਦਿਵਸ ਦੇ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕਰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹ ਕਿ ਸਿੱਖ ਕੌਮ ਦਾ ਇਤਿਹਾਸ ਬੇਹੱਦ ਗੌਰਵਮਈ ਅਤੇ ਸ਼ਾਨਾਮੱਤਾ ਹੈ, ਜਿਸ ਤੋਂ ਸੇਧ ਪ੍ਰਾਪਤ ਕਰ ਕੇ ਗੁਰਮਤਿ ਜੁਗਤ ਅਨੁਸਾਰ ਜੀਵਨ ਬਤੀਤ ਕਰਨਾ ਚਾਹੀਦਾ ਹੈ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੰਦੀ ਛੋੜ ਦਿਵਸ ਦੀ ਸਮੁੱਚੇ ਸਿੱਖ ਜਗਤ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਕੌਮੀ ਇਕਜੁਟਤਾ ਦੀ ਅਪੀਲ ਕੀਤੀ। ਇਸ ਦੌਰਾਨ ਦਮਦਮੀ ਟਕਸਾਲ ਦੇ ਮੁੱਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਬੰਦੀ ਛੋੜ ਦਿਵਸ ਸਿੱਖ ਕੌਮ ਦਾ ਸ਼ਾਨਾਮੱਤਾ ਇਤਿਹਾਸਕ ਦਿਹਾੜਾ ਹੈ, ਜਿਸ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਬਹੁਤ ਸਾਰੀਆਂ ਪੰਥ ਵਿਰੋਧੀ ਸ਼ਕਤੀਆਂ ਪੰਥਕ ਸ਼ਕਤੀ ਨੂੰ ਖੇਰੂੰ-ਖੇਰੂੰ ਕਰਨ ਲਈ ਯਤਨਸ਼ੀਲ ਹਨ, ਜਿਸ ਤੋਂ ਸਿੱਖ ਕੌਮ ਨੂੰ ਸੁਚੇਤ ਰਹਿਣਾ ਪਵੇਗਾ। ਉਨ੍ਹਾਂ ਵਰਤਮਾਨ ਸਮੇਂ ਵਿਚ ਗੁਰੂ ਸਾਹਿਬਾਨ ਅਤੇ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨਾਲ ਕੀਤੀ ਜਾ ਰਹੀ ਛੇੜ-ਛਾੜ ਨੂੰ ਵੀ ਮੰਦਭਾਗਾ ਕਰਾਰ ਦਿੱਤਾ ਅਤੇ ਪੰਥ ਵਿਰੋਧੀਆਂ ਦੇ ਅਜਿਹੇ ਕਾਰਨਾਮਿਆਂ ਦਾ ਰਲ-ਮਿਲ ਕੇ ਮੁਕਾਬਲਾ ਕਰਨ ਲਈ ਕਿਹਾ। ਇਸ ਤੋਂ ਇਲਾਵਾ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੇ ਵੀ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ। ਬੁਲਾਰਿਆਂ ਨੂੰ ਸਮਾਂ ਦੇਣ ਦੀ ਸੇਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਨਿਭਾਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਸ. ਗੁਰਮੀਤ ਸਿੰਘ ਬੂਹ, ਮੈਂਬਰ ਸ. ਗੁਰਰਿੰਦਰਪਾਲ ਸਿੰਘ ਗੋਰਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸੱਕਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਨਿੱਜੀ ਸਕੱਤਰ ਸ. ਸੁਖਮਿੰਦਰ ਸਿੰਘ ਐਕਸੀਅਨ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਮਹਿੰਦਰ ਸਿੰਘ ਆਹਲੀ, ਸ. ਬਿਜੈ ਸਿੰਘ ਬਾਦੀਆਂ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਬਚਨ ਸਿੰਘ ਲੇਹਲ, ਸ. ਸਿਮਰਜੀਤ ਸਿੰਘ ਕੰਗ, ਸ. ਜਗਜੀਤ ਸਿੰਘ ਜੱਗੀ, ਸ. ਦਰਸ਼ਨ ਸਿੰਘ ਲੌਂਗੋਵਾਲ, ਗਿਆਨੀ ਸੰਤ ਸਿੰਘ ਮਸਕੀਨ ਦੇ ਸਪੁੱਤਰ ਭਾਈ ਅਮਰਜੀਤ ਸਿੰਘ ਆਦਿ ਮੌਜੂਦ ਸਨ।