ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਸ਼ੁੱਕਰਵਾਰ, ੨੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੯ ਮਈ, ੨੦੨੫ (ਅੰਗ: ੬੯੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸ਼੍ਰੋਮਣੀ ਕਮੇਟੀ ਵੋਟਾਂ ਬਣਾਉਣ ਦੀ ਪ੍ਰਕਿਰਿਆ ਦੀ ਨਜ਼ਰਸਾਨੀ ਕਰੇ ਮੁੱਖ ਚੋਣ ਕਮਿਸ਼ਨਰ
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਜ਼ਦੀਕ ਮਰਯਾਦਾ ਵਿਰੁੱਧ ਹਰਕਤ ਦਾ ਲਿਆ ਕਰੜਾ ਨੋਟਿਸ
ਐਡਵੋਕੇਟ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਲਏ ਅਹਿਮ ਫੈਸਲੇ
ਅੰਮ੍ਰਿਤਸਰ, 20 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੀਤੇ ਜਾ ਰਹੇ ਯਤਨਾਂ ਤਹਿਤ ਅਗਲੀ ਰਣਨੀਤੀ ਉਲੀਕਣ ਲਈ ਸਿੱਖ ਵਿਦਵਾਨਾਂ ਅਤੇ ਸੀਨੀਅਰ ਵਕੀਲਾਂ ਦੀ ਇਕ ਵਿਸ਼ੇਸ਼ ਇਕੱਤਰਤਾ ਚੰਡੀਗੜ੍ਹ ਵਿਖੇ ਸੱਦਣ ਦਾ ਫੈਸਲਾ ਕੀਤਾ ਗਿਆ। ਇਹ ਫੈਸਲਾ ਸ਼੍ਰੋਮਣੀ ਕਮੇਟੀ ਦੀ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਲਿਆ ਗਿਆ ਹੈ। ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ ’ਤੇ ਸਰਕਾਰਾਂ ਵੱਲੋਂ ਸਿੱਖ ਬੰਦੀਆਂ ਨੂੰ ਲੈ ਕੇ ਕੀਤੇ ਜਾ ਰਹੇ ਮਨੁੱਖੀ ਅਧਿਕਾਰਾਂ ਦੇ ਉਲੰਘਣ ਅਤੇ ਅਨਿਆਂ ਵਿਰੁੱਧ ਸ਼੍ਰੋਮਣੀ ਕਮੇਟੀ ਹਰ ਪੱਧਰ ’ਤੇ ਅਵਾਜ਼ ਉਠਾ ਰਹੀ ਹੈ। ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਇਕ ਵਫ਼ਦ ਨੇ 26 ਲੱਖ ਲੋਕਾਂ ਦੀ ਅਵਾਜ਼ ਪੰਜਾਬ ਦੇ ਰਾਜਪਾਲ ਪਾਸ ਉਠਾਈ ਸੀ ਅਤੇ ਹੁਣ ਅਗਲੀ ਰਣਨੀਤੀ ਉਲੀਕਣ ਲਈ ਸਿੱਖ ਵਿਦਵਾਨਾਂ ਅਤੇ ਸੀਨੀਅਰ ਵਕੀਲਾਂ ਦੀ 25 ਨਵੰਬਰ 2023 ਨੂੰ ਚੰਡੀਗੜ੍ਹ ਵਿਖੇ ਇਕੱਤਰਤਾ ਬੁਲਾਈ ਜਾਵੇਗੀ। ਬੁੱਧੀਜੀਵੀਆਂ ਦੀ ਇਸ ਇਕੱਤਰਤਾ ਦੌਰਾਨ ਮਿਲੇ ਸੁਝਾਵਾਂ ਨੂੰ ਵਿਚਾਰਨ ਵਾਸਤੇ ਬਾਅਦ ਵਿਚ ਸਿੱਖ ਜਥੇਬੰਦੀਆਂ ਦੀ ਵਿਸ਼ੇਸ਼ ਇਕੱਤਰਤਾ ਸੱਦ ਕੇ ਭਵਿੱਖੀ ਪ੍ਰੋਗਰਾਮ ਐਲਾਨਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪਟਿਆਲਾ ਜੇਲ੍ਹ ਵਿਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਵਾਸਤੇ ਵੀ ਸ਼੍ਰੋਮਣੀ ਕਮੇਟੀ ਦਾ ਵਫ਼ਦ ਜਲਦ ਜਾਵੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਬਣ ਰਹੀਆਂ ਵੋਟਾਂ ਲਈ ਠੋਸ ਨੀਤੀ ਨਾ ਬਣਾਉਣ ਦਾ ਵੀ ਗੰਭੀਰ ਨੋਟਿਸ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਦੀਆਂ ਜਨਰਲ ਚੋਣਾਂ ਲਈ ਵੋਟਾਂ ਬਣਾਉਣ ਪ੍ਰਤੀ ਸਰਕਾਰ ਸੰਜੀਦਾ ਨਹੀਂ ਹੈ, ਜਿਸ ਕਰਕੇ ਹੁਣ ਤੱਕ ਬਹੁਤ ਘੱਟ ਗਿਣਤੀ ਵਿਚ ਵੋਟਾਂ ਬਣੀਆਂ ਹਨ। ਉਨ੍ਹਾਂ ਕਿਹਾ ਕਿ ਇਸ ਦਾ ਵੱਡਾ ਕਾਰਨ ਸਰਕਾਰ ਵੱਲੋਂ ਇਸ ਮਾਮਲੇ ਵਿਚ ਕੀਤੀ ਜਾ ਰਹੀ ਦਖ਼ਲਅੰਦਾਜ਼ੀ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਇਕ ਮਤਾ ਪਾਸ ਕਰਕੇ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਤੋਂ ਮੰਗ ਕੀਤੀ ਗਈ ਕਿ ਉਹ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਵੋਟਾਂ ਬਣਾਉਣ ਵਾਲੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਨ ਕਿ ਉਹ ਲੋਕਾਂ ਨੂੰ ਖੱਜਲ ਖੁਆਰ ਨਾ ਕਰਨ। ਐਡਵੋਕੇਟ ਧਾਮੀ ਨੇ ਕਿਹਾ ਕਿ ਵੋਟ ਦੀ ਤਸਦੀਕ ਦੇ ਤਰੀਕੇ ਨੂੰ ਸੁਖਾਲਾ ਕੀਤਾ ਜਾਵੇ, ਤਾਂ ਜੋ ਲੋਕ ਭਰੇ ਫਾਰਮ ਇਕ ਥਾਂ ’ਤੇ ਇਕੱਤਰ ਕਰਕੇ ਜਮ੍ਹਾਂ ਕਰਵਾ ਸਕਣ। ਇਸ ਦੇ ਨਾਲ ਹੀ ਹਰ ਸਿੱਖ ਨੂੰ ਸ਼੍ਰੋਮਣੀ ਕਮੇਟੀ ਲਈ ਵੋਟਰ ਰਜਿਸਟਰਡ ਕਰਨ ਵਾਸਤੇ ਕੈਂਪ ਵੀ ਲਗਾਏ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਵੋਟਰਾਂ ਨੂੰ ਵੋਟ ਬਣਾਉਣ ਵਾਸਤੇ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰੇ, ਜਿਸ ਤਰ੍ਹਾਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਕੀਤਾ ਜਾਂਦਾ ਹੈ।
ਐਡਵੋਕੇਟ ਧਾਮੀ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਨੇੜੇ ਆਯੋਜਤ ਕੀਤੇ ਗਏ ਇਕ ਪ੍ਰੋਗਰਾਮ ਦੌਰਾਨ ਮਰਯਾਦਾ ਵਿਰੁੱਧ ਹਰਕਤਾਂ ਦੀ ਵੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਵਰਤਾਰਾ ਠੀਕ ਨਹੀਂ ਹੈ ਕਿ ਗੁਰੂ ਘਰ ਨੇੜੇ ਸਿੱਖ ਭਾਵਨਾਵਾਂ ਵਿਰੁੱਧ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਵਿਦੇਸ਼ ਮੰਤਰੀ ਅਤੇ ਪਾਕਿਸਤਾਨ ਸਰਕਾਰ ਦੇ ਸਬੰਧਤ ਮੰਤਰਾਲੇ ਅਤੇ ਓਕਾਫ਼ ਬੋਰਡ ਨੂੰ ਪੱਤਰ ਲਿਖਿਆ ਜਾ ਰਿਹਾ ਹੈ।
ਅੰਤ੍ਰਿੰਗ ਕਮੇਟੀ ਵੱਲੋਂ ਇਕ ਵਿਸ਼ੇਸ਼ ਮਤਾ ਪਾਸ ਕਰਦਿਆਂ ਸੋਸ਼ਲ ਮੀਡੀਆ ’ਤੇ ਸਿੱਖਾਂ ਅਤੇ ਸਿੱਖ ਸੰਸਥਾਵਾਂ ਖਿਲਾਫ਼ ਕੀਤੇ ਜਾ ਰਹੇ ਨਫ਼ਰਤੀ ਪ੍ਰਚਾਰ ਦੀ ਵੀ ਕਰੜੀ ਨਿੰਦਾ ਕੀਤੀ ਗਈ ਹੈ। ਐਡਵੋਕੇਟ ਧਾਮੀ ਅਨੁਸਾਰ ਇਸ ਮਤੇ ਰਾਹੀਂ ਐਕਸ (ਟਵਿੱਟਰ) ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਂ ’ਤੇ ਬਣੇ ਇਕ ਫ਼ਰਜ਼ੀ ਪੈਰੋਡੀ ਖਾਤੇ ਨੂੰ ਲੈ ਕੇ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਹੋਇਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਇਸ ਫ਼ਰਜ਼ੀ ਖਾਤੇ ਰਾਹੀਂ ਸ਼੍ਰੋਮਣੀ ਕਮੇਟੀ ਦੇ ਅਕਸ ਨੂੰ ਢਾਹ ਲਗਾਈ ਜਾ ਰਹੀ ਹੈ ਅਤੇ ਇਸ ਦੀ ਸ਼ਿਕਾਇਤ ਦੇ ਬਾਵਜੂਦ ਵੀ ਐਕਸ (ਟਵਿੱਟਰ) ਨੇ ਖਾਤਾ ਬੰਦ ਨਹੀਂ ਕੀਤਾ, ਸਗੋਂ ਇਸ ਨੂੰ ਆਪਣੀ ਨੀਤੀ ਤਹਿਤ ਜਾਇਜ਼ ਠਹਿਰਾ ਦਿੱਤਾ। ਹੁਣ ਇਸ ਫ਼ਰਜ਼ੀ ਖਾਤੇ ਅਤੇ ਐਕਸ (ਟਵਿੱਟਰ) ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਗੁਰਦੁਆਰਾ ਸਾਹਿਬਾਨ, ਟਰੱਸਟ ਅਤੇ ਵਿਦਿਅਕ ਅਦਾਰਿਆਂ ਨਾਲ ਸਬੰਧਤ ਮਸਲੇ ਵੀ ਵਿਚਾਰੇ ਗਏ।
ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਲਈ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਮੋਹਣ ਸਿੰਘ ਬੰਗੀ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਜਸਮੇਰ ਸਿੰਘ ਲਾਛੜੂ, ਸ. ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਦੀਪ ਕੌਰ ਖੋਖ, ਸ. ਇੰਦਰਮੋਹਨ ਸਿੰਘ ਲਖਮੀਰਵਾਲਾ, ਸ. ਗੁਰਪ੍ਰੀਤ ਸਿੰਘ ਝੱਬਰ, ਬੀਬੀ ਮਲਕੀਤ ਕੌਰ ਕਮਾਲਪੁਰ, ਸ. ਅਮਰਜੀਤ ਸਿੰਘ ਭਲਾਈਪੁਰ, ਬੀਬੀ ਜਸਪਾਲ ਕੌਰ, ਸ. ਜਸਵੰਤ ਸਿੰਘ ਪੁੜੈਣ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਸ. ਸ਼ਾਹਬਾਜ਼ ਸਿੰਘ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਪਰਮਜੀਤ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਜਤਿੰਦਰਪਾਲ ਸਿੰਘ ਐਕਸੀਅਨ ਆਦਿ ਸ਼ਾਮਲ ਹਨ।