ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਮੰਗਲਵਾਰ, ੨੩ ਹਾੜ (ਸੰਮਤ ੫੫੮ ਨਾਨਕਸ਼ਾਹੀ) ੦੭ ਜੁਲਾਈ, ੨੦੨੬ (ਅੰਗ: ੭੦੯)

ਸਿੱਖਾਂ `ਤੇ ਹੋਏ ਸਰਕਾਰੀ ਅਤਿਆਚਾਰ ਦੀ ਸਚਾਈ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ – ਐਡਵੋਕੇਟ ਧਾਮੀ

ਅੰਮ੍ਰਿਤਸਰ, 6 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਜਸਵੰਤ ਸਿੰਘ ਜੀ ਖਾਲੜਾ ਦੇ ਜੀਵਨ, ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਵੱਲੋਂ ਕੀਤੇ ਅਦੁੱਤੀ ਕਾਰਜਾਂ ਅਤੇ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਵਧੀਕੀਆਂ `ਤੇ ਆਧਾਰਿਤ ਫ਼ਿਲਮ `ਸਤਲੁਜ` ਨੂੰ ਜਾਰੀ ਹੋਣ ਤੋਂ ਕੁਝ ਸਮਾਂ ਬਾਅਦ ਹੀ ਭਾਰਤ ਵਿੱਚ ਜੀ ਨੈਟਵਰਕ ਤੋਂ ਮਨਮਾਨੇ ਢੰਗ ਨਾਲ ਹਟਾਏ ਜਾਣ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ 1984 ਤੋਂ ਬਾਅਦ ਪੁਲਿਸ ਨੇ ਹਜ਼ਾਰਾਂ ਬੇਗੁਨਾਹ ਨੌਜਵਾਨਾਂ ਨੂੰ ਤਸੀਹੇ ਦੇ ਕੇ ਸ਼ਹੀਦ ਕੀਤਾ ਅਤੇ ਲਾਵਾਰਸ ਕਹਿ ਕੇ ਲਾਸਾ਼ ਨੂੰ ਸਾੜ ਦਿੱਤਾ ਗਿਆ। ਭਾਈ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਦੇ ਇਤਿਹਾਸ ਦੇ ਉਸ ਦਰਦਨਾਕ ਦੌਰ ਨੂੰ ਦੁਨੀਆ ਸਾਹਮਣੇ ਲਿਆਉਣ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਵੱਲੋਂ ਕੀਤੇ ਯਤਨਾਂ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਇਨਸਾਫ਼ ਦੀ ਆਸ ਬੱਝੀ ਸੀ ਜਿਨ੍ਹਾਂ ਦੇ ਨੌਜਵਾਨ ਪੁੱਤਰ ਲਾਪਤਾ ਕਰ ਦਿੱਤੇ ਗਏ ਸਨ। ਦੁਖਦਾਈ ਪਹਿਲੂ ਇਹ ਹੈ ਕਿ ਲੋਕਾਂ ਦੀ ਆਸ ਬਣੇ ਭਾਈ ਖਾਲੜਾ ਨੂੰ ਵੀ ਪੁਲਿਸ ਨੇ ਸ਼ਹੀਦ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਭਾਈ ਖਾਲੜਾ ਦੇ ਜੀਵਨ ਤੇ ਬਣੀ ਇਸ ਫਿਲਮ ਵਿਚ ਇਤਿਹਾਸ ਦੇ ਤੱਥਾਂ, ਮਨੁੱਖੀ ਅਧਿਕਾਰਾਂ ਅਤੇ ਸਮਾਜਕ ਸੱਚਾਈ ਨੂੰ ਸਾਹਮਣੇ ਲਿਆਂਦਾ ਗਿਆ ਹੈ, ਜਿਸ ਨੂੰ ਰੋਕਣ ਦੀ ਬਜਾਏ ਖੁੱਲ੍ਹੇ ਮਨ ਨਾਲ ਦੇਖਿਆ ਅਤੇ ਵਿਚਾਰਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਤੇ ਹੋਏ ਸਰਕਾਰੀ ਅਤਿਆਚਾਰ ਨੂੰ ਲੁਕਾਉਣ ਦੇ ਯਤਨ ਕਦੇ ਵੀ ਸਫਲ ਨਹੀਂ ਹੋ ਸਕਦੇ। ਜਿਨ੍ਹਾਂ ਨੌਜਵਾਨਾਂ ਨੂੰ ਸ਼ਹੀਦ ਕਰਨ ਮਗਰੋਂ ਲਾਵਾਰਸ ਕਹਿ ਕੇ ਸਾੜ ਦਿੱਤਾ ਗਿਆ ਸੀ ਉਨ੍ਹਾਂ ਕੇਸਾਂ ਵਿੱਚ ਅੱਜ ਮਾਨਯੋਗ ਅਦਾਲਤਾਂ ਵੱਲੋਂ ਉਸ ਵੇਲੇ ਦੇ ਪੁਲਿਸ ਅਧਿਕਾਰੀਆਂ ਨੂੰ ਸਜਾਵਾਂ ਦਿੱਤੀਆਂ ਜਾ ਰਹੀਆਂ ਹਨ। ਅਦਾਲਤਾਂ ਦੇ ਇਨ੍ਹਾਂ ਫੈਸਲਿਆਂ ਤੋਂ ਕਿਵੇਂ ਮੂੰਹ ਮੋੜ ਲਵੋਗੇ।
ਉਨ੍ਹਾਂ ਕਿਹਾ ਕਿ ਨਾਂ ਤਾਂ ਇਤਿਹਾਸ ਦੇ ਇਨ੍ਹਾਂ ਪੰਨਿਆਂ ਨੂੰ ਮਿਟਾਇਆ ਜਾ ਸਕਦਾ ਹੈ ਅਤੇ ਨਾ ਹੀ ਕਿਸੇ ਪਾਬੰਦੀ ਰਾਹੀਂ ਸੱਚ ਨੂੰ ਦਬਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਮੇਤ ਦੁਨੀਆ ਭਰ ਦੇ ਇਨਸਾਫ਼ ਪਸੰਦ ਲੋਕਾਂ ਨੂੰ ਆਪਣੇ ਇਤਿਹਾਸ ਨੂੰ ਜਾਣਨ, ਸਮਝਣ ਅਤੇ ਉਸ ਤੋਂ ਸਿੱਖਣ ਦਾ ਪੂਰਾ ਅਧਿਕਾਰ ਹੈ। ਲੋਕਤੰਤਰ ਵਿੱਚ ਵਿਚਾਰਾਂ ਦੀ ਵਿਭਿੰਨਤਾ ਅਤੇ ਇਤਿਹਾਸਕ ਸੱਚਾਈ ਨੂੰ ਸਾਹਮਣੇ ਰੱਖਣ ਵਾਲੀਆਂ ਰਚਨਾਵਾਂ `ਤੇ ਰੋਕ ਲਗਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਇਹ ਕਦਮ ਸੱਚਾਈ ਸਾਹਮਣੇ ਲਿਆਉਣ ਵਾਲੀਆਂ ਆਵਾਜ਼ਾਂ ਨੂੰ ਚੁੱਪ ਕਰਵਾਉਣ ਦੀ ਕੋਸ਼ਿਸ਼ ਘਿਨਾਉਣੀ ਹਰਕਤ ਵਜੋਂ ਦੇਖਿਆ ਜਾਵੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੰਗ ਕੀਤੀ ਕਿ ਫ਼ਿਲਮ `ਸਤਲੁਜ` `ਤੇ ਲਗਾਈ ਗਈ ਹਰ ਕਿਸਮ ਦੀ ਰੋਕ ਤੁਰੰਤ ਹਟਾਈ ਜਾਵੇ ਤਾਂ ਜੋ ਲੋਕ ਖੁਦ ਇਤਿਹਾਸ ਦੇ ਇਸ ਮਹੱਤਵਪੂਰਨ ਅਧਿਆਇ ਨੂੰ ਸਮਝ ਸਕਣ।
ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਦੀ ਕੁਰਬਾਨੀ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਸੱਚ ਦੀ ਜਿੱਤ ਲਈ ਸਦਾ ਪ੍ਰੇਰਣਾ ਸਰੋਤ ਰਹੇਗੀ ਅਤੇ ਇਤਿਹਾਸ ਦੇ ਪੰਨਿਆਂ `ਤੇ ਦਰਜ ਸੱਚ ਨੂੰ ਦਬਾਉਣ ਦੇ ਯਤਨ ਕਦੇ ਵੀ ਕਾਮਯਾਬ ਨਹੀਂ ਹੋ ਸਕਦੇ।