ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਬਿੱਕਰ ਸਿੰਘ ਚੰਨੋ ਜੂਨੀਅਰ ਮੀਤ ਪ੍ਰਧਾਨ ਤੇ ਸ. ਗੁਰਬਚਨ ਸਿੰਘ ਕਰਮੂੰਵਾਲਾ ਨੂੰ ਜਨਰਲ ਸਕੱਤਰ ਚੁਣਿਆ
੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦਾ ਸੰਦੇਸ਼ ਘਰ ਘਰ ਪਹੁੰਚਾਉਣਾ ਹੋਵੇਗੀ ਪਹਿਲ –ਭਾਈ ਲੌਂਗੋਵਾਲ

ਅੰਮ੍ਰਿਤਸਰ, ੧੩ ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਾਲਾਨਾ ਜਨਰਲ ਇਜਲਾਸ ਦੌਰਾਨ ਹਾਜ਼ਰ ਹੋਏ ੧੫੩ ਮੈਂਬਰਾਂ ਨੇ ਸਰਬਸੰਮਤੀ ਨਾਲ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਕਮੇਟੀ ਦੇ ਮੁੜ ਪ੍ਰਧਾਨ ਚੁਣ ਲਿਆ। ਜਨਰਲ ਇਜਲਾਸ ਦੀ ਆਰੰਭਤਾ ਸਮੇਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਲਿਆ। ਜਨਰਲ ਹਾਊਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵੀ ਮੌਜੂਦ ਸਨ। ਜਨਰਲ ਇਜਲਾਸ ਦੀ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਨਰਲ ਇਜਲਾਸ ਸਬੰਧੀ ਜਾਰੀ ਪੱਤਰ ਪੜ੍ਹ ਕੇ ਆਰੰਭ ਕੀਤੀ, ਜਦਕਿ ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਸਮੇਂ ਚਲਾਣਾ ਕਰ ਗਏ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕੁਲਦੀਪ ਸਿੰਘ ਵਡਾਲਾ, ਬਾਬਾ ਸੁਖਚੈਨ ਸਿੰਘ ਧਰਮਪੁਰਾ ਅਤੇ ਜਥੇਦਾਰ ਲਾਭ ਸਿੰਘ ਦੇਵੀ ਨਗਰ ਸਬੰਧੀ ਸ਼ੋਕ ਮਤੇ ਪੜ੍ਹੇ।
ਇਸ ਉਪਰੰਤ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਧਾਨਗੀ ਪਦ ਲਈ ਨਾਮ ਦੀ ਮੰਗ ਕੀਤੀ ਜਿਸ ‘ਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜਗੀਰ ਕੌਰ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਨਾਮ ਪੇਸ਼ ਕੀਤਾ। ਉਨ੍ਹਾਂ ਦੇ ਨਾਮ ਦੀ ਤਾਈਦ ਜਥੇਦਾਰ ਅਵਤਾਰ ਸਿੰਘ ਮੱਕੜ ਅਤੇ ਤਾਈਦ ਮਜੀਦ ਸ. ਅਲਵਿੰਦਰਪਾਲ ਸਿੰਘ ਪੱਖੋਕੇ ਨੇ ਕੀਤੀ। ਕੋਈ ਹੋਰ ਨਾਮ ਪੇਸ਼ ਨਾ ਹੋਣ ‘ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਦੇ ਅਗਲੇ ਪ੍ਰਧਾਨ ਬਣ ਗਏ।

ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਦੇ ਪਦ ਲਈ ਸ. ਰਘੂਜੀਤ ਸਿੰਘ ਵਿਰਕ ਨੂੰ ਚੁਣਿਆ ਗਿਆ, ਜਿਨ੍ਹਾਂ ਦਾ ਨਾਮ ਸ. ਗੁਰਮੇਲ ਸਿੰਘ ਸੰਗਤਪੁਰਾ ਨੇ ਪੇਸ਼ ਕੀਤਾ। ਉਨ੍ਹਾਂ ਦੇ ਨਾਮ ਦੀ ਤਈਦ ਸ. ਗੁਰਿੰਦਰਪਾਲ ਸਿੰਘ ਗੋਰਾ ਅਤੇ ਮਜੀਦ ਸ. ਨਵਤੇਜ ਸਿੰਘ ਕਾਉਣੀ ਨੇ ਕੀਤੀ। ਜੂਨੀਅਰ ਮੀਤ ਪ੍ਰਧਾਨ ਵਜੋਂ ਸ. ਬਿੱਕਰ ਸਿੰਘ ਚੰਨੋ ਨੂੰ ਚੁਣਿਆ ਗਿਆ। ਉਨ੍ਹਾਂ ਦਾ ਨਾਮ ਸ. ਗੁਰਪ੍ਰੀਤ ਸਿੰਘ ਝੱਬਰ ਨੇ ਪੇਸ਼ ਕੀਤਾ, ਤਈਦ ਮਜੀਦ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੀਤੀ। ਇਸੇ ਤਰ੍ਹਾਂ ਜਨਰਲ ਸਕੱਤਰ ਦੇ ਪਦ ਲਈ ਸ. ਗੁਰਬਚਨ ਸਿੰਘ ਕਰਮੂੰਵਾਲਾ ਚੁਣੇ ਗਏ। ਉਨ੍ਹਾਂ ਦਾ ਨਾਮ ਭਾਈ ਮਨਜੀਤ ਸਿੰਘ ਨੇ ਪੇਸ਼ ਕੀਤਾ, ਤਾਈਦ ਸ. ਗੁਰਮੇਲ ਸਿੰਘ ਸੰਗਤਪੁਰਾ ਤਾਈਦ ਮਜੀਦ ਸ. ਪ੍ਰੀਤਮ ਸਿੰਘ ਮਲਸੀਆਂ ਨੇ ਕੀਤੀ। ਇਸ ਉਪਰੰਤ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਵਾਨਗੀ ‘ਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੰਤ੍ਰਿੰਗ ਕਮੇਟੀ ਦੇ ੧੧ ਮੈਂਬਰਾਂ ਦਾ ਨਾਂ ਪੇਸ਼ ਕੀਤਾ, ਜਿਨ੍ਹਾਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨ ਕੀਤਾ। ਅੰਤ੍ਰਿੰਗ ਕਮੇਟੀ ਦੇ ਚੁਣੇ ਗਏ ਇਨ੍ਹਾਂ ਮੈਂਬਰਾਂ ਵਿਚ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਭਾਈ ਮਨਜੀਤ ਸਿੰਘ, ਸ. ਅਮਰੀਕ ਸਿੰਘ ਵਿਛੋਆ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਸ਼ਿੰਗਾਰਾ ਸਿੰਘ ਲੋਹੀਆਂ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਤਾਰਾ ਸਿੰਘ ਸੱਲਾ, ਸ. ਭੁਪਿੰਦਰ ਸਿੰਘ ਭਲਵਾਨ, ਸ. ਅਮਰੀਕ ਸਿੰਘ ਕੋਟ ਸ਼ਮੀਰ, ਬੀਬੀ ਜਸਵੀਰ ਕੌਰ ਜੱਫਰਵਾਲ ਤੇ ਸ. ਜਗਜੀਤ ਸਿੰਘ ਤਲਵੰਡੀ ਨੂੰ ਚੁਣਿਆ ਗਿਆ। ਅੰਤ੍ਰਿੰਗ ਕਮੇਟੀ ਮੈਂਬਰਾਂ ਦੇ ਨਾਂ ਦੀ ਤਾਈਦ ਸ. ਗੁਰਿੰਦਰਪਾਲ ਸਿੰਘ ਗੋਰਾ, ਤਾਈਦ ਮਜੀਦ ਸ. ਸੁਰਜੀਤ ਸਿੰਘ ਭਿੱਟੇਵਡ ਨੇ ਕੀਤੀ।
ਪ੍ਰਧਾਨ ਚੁਣੇ ਜਾਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸੇਵਾ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਪ੍ਰਾਪਤ ਹੋਈ ਹੈ, ਜਿਸਨੂੰ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਸਮੁੱਚੇ ਮੈਂਬਰਾਂ ਦਾ ਧੰਨਵਾਦ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੀ ਪਹਿਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਉਣਾ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਵੱਧ ਤੋਂ ਵੱਧ ਪ੍ਰਚਾਰਨਾ ਹੈ। ਭਾਈ ਲੌਂਗੋਵਾਲ ਨੇ ਇਹ ਵੀ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਇਕ ਥਾਂ ਕਰਨ ਲਈ ਭਾਰਤ ਅਤੇ ਪੰਜਾਬ ਸਰਕਾਰ ਦੇ ਨਾਲ-ਨਾਲ ਸਮੁੱਚੀਆਂ ਪੰਥਕ ਧਿਰਾਂ ਨੂੰ ਵੀ ਅਪੀਲ ਕਰਨਗੇ। ਉਨ੍ਹਾਂ ਕਿਹਾ ਕਿ ਕੋਈ ਵੀ ਪਾਰਟੀ, ਧਿਰ ਜਾਂ ਸਰਕਾਰ ਹੋਵੇ ਸਭ ਨੂੰ ਰਲ-ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣਾ ਚਾਹੀਦਾ ਹੈ। ਭਾਈ ਲੌਂਗੋਵਾਲ ਨੇ ਇਸ ਇਤਿਹਾਸਕ ਮੌਕੇ ‘ਤੇ ਵੱਖ-ਵੱਖ ਧਰਮਾਂ ਦੇ ਆਗੂਆਂ ਅਤੇ ਦੇਸ਼-ਵਿਦੇਸ਼ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸੱਦਣ ਦੀ ਗੱਲ ਵੀ ਆਖੀ। ਭਾਈ ਲੌਂਗੋਵਾਲ ਨੇ ਕਿਹਾ ਕਿ ਕੌਮ ਨੂੰ ਦਰਪੇਸ਼ ਚੁਣੌਤੀਆਂ ਨੂੰ ਰਲ਼-ਮਿਲ਼ ਕੇ ਨਜਿੱਠਿਆ ਜਾਵੇਗਾ ਅਤੇ ਧਰਮ ਪ੍ਰਚਾਰ ਦੀ ਲਹਿਰ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਧਰਮ ਪ੍ਰਚਾਰ ਲਹਿਰ ਤਹਿਤ ਆਰੰਭ ਕੀਤੇ ਗਏ ਪਹਿਲੇ ਕਾਰਜਾਂ ਨੂੰ ਜਾਰੀ ਰੱਖਣ ਦੇ ਨਾਲ-ਨਾਲ ਇਸ ਵਿਚ ਸਮੇਂ ਅਤੇ ਲੋੜ ਅਨੁਸਾਰ ਤਬਦੀਲੀਆਂ ਕਰਕੇ ਗੁਰੂ ਸਾਹਿਬਾਨ ਦਾ ਫ਼ਲਸਫ਼ਾ ਪ੍ਰਚਾਰਨ ਲਈ ਵੱਡੇ ਯਤਨ ਕੀਤੇ ਜਾਣਗੇ। ਉਨ੍ਹਾਂ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਬੱਚਿਆਂ ਨੂੰ ਨੌਜੁਆਨਾਂ ਨੂੰ ਗੁਰਸਿੱਖੀ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਰੰਭ ਧਰਮ ਪ੍ਰਚਾਰ ਲਹਿਰ ਦਾ ਹਿੱਸਾ ਬਣਨ। ਸ਼੍ਰੋਮਣੀ ਕਮੇਟੀ ਮੈਂਬਰ ਸ. ਬਲਵਿੰਦਰ ਸਿੰਘ ਬੈਂਸ ਤੇ ਸ. ਮਹਿੰਦਰ ਸਿੰਘ ਹੁਸੈਨਪੁਰ ਦੇ ਹਾਊਸ ‘ਚੋਂ ਚਲੇ ਜਾਣ ਸਬੰਧੀ ਸਵਾਲ ਦੇ ਜਵਾਬ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਹਾਊਸ ਦੀ ਇਕ ਮਰਿਯਾਦਾ ਹੈ ਅਤੇ ਉਸ ਅਨੁਸਾਰ ਹੀ ਕਿਸੇ ਨੂੰ ਬੋਲਣ ਦਾ ਹੱਕ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਦੋਵੇਂ ਮੈਂਬਰ ਆਰੰਭਤਾ ਦੌਰਾਨ ਸ਼ੋਕ ਮਤੇ ਪੜ੍ਹੇ ਜਾਣ ਸਮੇਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਮਤਾ ਲਿਆਉਣ ਦੀ ਮੰਗ ਕਰ ਰਹੇ ਸਨ, ਜਦਕਿ ਇਨ੍ਹਾਂ ਨੂੰ ਇਸ ਗੱਲ ਦਾ ਇਲਮ ਨਹੀਂ ਕਿ ਇਹ ਮਤੇ ਅਹੁਦੇਦਾਰਾਂ ਦੀ ਚੋਣ ਉਪਰੰਤ ਅਖ਼ੀਰ ਵਿਚ ਪੇਸ਼ ਕੀਤੇ ਜਾਂਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਬੈਂਸ ਅਤੇ ਹੁਸੈਨਪੁਰ ਨੇ ਹਾਊਸ ‘ਚੋਂ ਬਾਹਰ ਜਾਣ ਸਮੇਂ ਨਾਅਰੇਬਾਜ਼ੀ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਦਬ-ਸਤਿਕਾਰ ਦਾ ਖ਼ਿਆਲ ਵੀ ਨਹੀਂ ਰੱਖਿਆ।
ਇਸ ਤੋਂ ਬਾਅਦ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਚੁਣੇ ਗਏ ਹੋਰ ਅਹੁਦੇਦਾਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ। ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਗਏ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਰਘਬੀਰ ਸਿੰਘ, ਗਿਆਨੀ ਇਕਬਾਲ ਸਿੰਘ ਅਤੇ ਗਿਆਨੀ ਮਲਕੀਤ ਸਿੰਘ ਨੇ ਸਾਂਝੇ ਤੌਰ ‘ਤੇ ਭਾਈ ਲੌਂਗੋਵਾਲ ਅਤੇ ਹੋਰ ਅਹੁਦੇਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਜਨਰਲ ਹਾਊਸ ਦੌਰਾਨ ਸ਼੍ਰੋਮਣੀ ਕਮੇਟੀ ਦੇ ੧੫੩ ਮੈਂਬਰਾਂ ਵਿਚ ਜਥੇਦਾਰ ਤੋਤਾ ਸਿੰਘ, ਬੀਬੀ ਜਗੀਰ ਕੌਰ, ਜਥੇਦਾਰ ਅਵਤਾਰ ਸਿੰਘ ਮੱਕੜ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ. ਅਲਵਿੰਦਰਪਾਲ ਸਿੰਘ ਪੱਖੋਕੇ ਸਮੇਤ ਹੋਰ ਮੌਜੂਦ ਸਨ।

ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ੧੫੩ ਮੈਂਬਰਾਂ ਨੇ ਕੀਤੀ ਸ਼ਮੂਲੀਅਤ-

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ੧੫੩ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਪ੍ਰਧਾਨ ਸਮੇਤ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ੧੧ ਮੈਂਬਰੀ ਅੰਤ੍ਰਿੰਗ ਕਮੇਟੀ ਚੁਣੇ ਜਾਣ ਸਮੇਂ ਸਾਰੇ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦੇ ਕੇ ਇਕਜੁਟਤਾ ਦਾ ਪ੍ਰਗਟਾਵਾ ਕੀਤਾ। ਸਾਰੇ ਅਹੁਦੇਦਾਰਾਂ ਦੀ ਚੋਣ ਸਮੇਂ ਕੋਈ ਵੀ ਹੋਰ ਨਾਂ ਪੇਸ਼ ਨਾ ਹੋਣ ਕਾਰਨ ਸਾਰੀ ਚੋਣ ਪ੍ਰਕਿਰਿਆ ਸਰਬਸੰਮਤੀ ਨਾਲ ਨੇਪਰੇ ਚੜ੍ਹੀ।

ਜਨਰਲ ਇਜਲਾਸ ਦੌਰਾਨ ਪਾਸ ਕੀਤੇ ਗਏ ਕੁਝ ਅਹਿਮ ਮਤੇ-

-ਜਨਰਲ ਇਜਲਾਸ ਵਿਚ ਪਾਸ ਕੀਤੇ ਗਏ ਮਤੇ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੨੦੧੯ ਵਿਚ ਆ ਰਹੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਕੌਮਾਂਤਰੀ ਪੱਧਰ ‘ਤੇ ਮਨਾਉਣ ਲਈ ਪ੍ਰਤੀਬੱਧਤਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮਤੇ ਰਾਹੀਂ ਸਮੁੱਚੇ ਸਿੱਖ ਜਗਤ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਅਪੀਲ ਕੀਤੀ ਗਈ ਕਿ ਗੁਰੂ ਸਾਹਿਬ ਜੀ ਦੇ ਇਸ ਮੁਬਾਰਕ ਪੁਰਬ ਨੂੰ ਸਮਰਪਿਤ ਹੋਣ ਵਾਲੇ ਸਮੁੱਚੇ ਸਮਾਗਮਾਂ ਵਿਚ ਭਰਪੂਰ ਸ਼ਮੂਲੀਅਤ ਕੀਤੀ ਜਾਵੇ। ਇਸ ਦੇ ਨਾਲ ਹੀ ਭਾਰਤ ਅਤੇ ਪੰਜਾਬ ਸਰਕਾਰ ਸਮੇਤ ਹੋਰਨਾਂ ਸੂਬਿਆਂ ਦੀਆਂ ਸਰਕਾਰਾਂ ਨੂੰ ਵੀ ਅਪੀਲ ਕੀਤੀ ਗਈ ਕਿ ਗੁਰੂ ਸਾਹਿਬ ਦੇ ਇਸ ਮਹਾਨ ਪੁਰਬ ਮੌਕੇ ਵੱਧ ਤੋਂ ਵੱਧ ਰਾਸ਼ੀ ਮੁਹੱਈਆ ਕਰਵਾ ਕੇ ਗੁਰੂ ਸਾਹਿਬਾਨ ਨਾਲ ਸਬੰਧਤ ਸ਼ਹਿਰਾਂ/ਨਗਰਾਂ ਦੇ ਵਿਕਾਸ ਨੂੰ ਪਹਿਲ ਦੇ ਅਧਾਰ ‘ਤੇ ਕੀਨੀ ਬਣਾਇਆ ਜਾਵੇਗਾ।
-ਇੱਕ ਮਤੇ ਵਿਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਲਾਂਘੇ ਲਈ ਪੁਰਜ਼ੋਰ ਮੰਗ ਕੀਤੀ। ਮਤੇ ਰਾਹੀਂ ਕਿਹਾ ਗਿਆ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਭਾਰਤ ਦੀ ਸਰਹੱਦ ਤੋਂ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਲਈ ਹਜ਼ਾਰਾਂ ਸੰਗਤਾਂ ਪੁੱਜਦੀਆਂ ਹਨ। ਇਸ ਮਤੇ ਰਾਹੀਂ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਮੰਗ ਕੀਤੀ ਗਈ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁੰਦਿਆਂ ਕਰਤਾਰਪੁਰ ਸਾਹਿਬ ਲਈ ਖੁੱਲ੍ਹਾ ਲਾਂਘਾ ਵੀ ਦਿੱਤਾ ਜਾਵੇ ਅਤੇ ਇਹ ਇਤਿਹਾਸਕ ਪੁਰਬ ਮਨਾਉਣ ਲਈ ਸੰਗਤਾਂ ਨੂੰ ਵੱਧ-ਵੱਧ ਵੀਜ਼ੇ ਵੀ ਦਿੱਤੇ ਜਾਣ।
-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਦੁਖਦਾਈ ਘਟਨਾਵਾਂ ਦੀ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਪੰਜਾਬ ਅਤੇ ਭਾਰਤ ਸਰਕਾਰ ਪਾਸੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਨਿਰਾਦਰੀ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਨੂੰ ਸਖ਼ਤੀ ਨਾਲ ਅਮਲ ਵਿਚ ਲਿਆਉਣ ਲਈ ਕਿਹਾ ਗਿਆ। ਇਸੇ ਮਤੇ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਸਤਿਕਾਰ ਨੂੰ ਬਹਾਲ ਰੱਖਣ ਲਈ ਦੇਸ਼-ਵਿਦੇਸ਼ ਵਿਚ ਸਥਾਪਤ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਗ੍ਰੰਥੀ ਸਾਹਿਬਾਨ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ।
-ਜਨਰਲ ਇਜਲਾਸ ਵੱਲੋਂ ਇਕ ਮਤੇ ਰਾਹੀਂ ਦੇਸ਼ ਦੀਆਂ ਵੱਖ-ਵੱਖ ਜ਼ੇਲ੍ਹਾਂ ਵਿਚ ਪਿਛਲੇ ਲੰਮੇ ਸਮੇਂ ਤੋਂ ਕਾਲੇ ਕਾਨੂੰਨਾਂ ਅਧੀਨ ਨਿਰਦੋਸ਼ ਨਜ਼ਰਬੰਦ ਸਿੱਖਾਂ ਦੀ ਰਿਹਾਈ ਵਾਸਤੇ ਭਾਰਤ ਸਰਕਾਰ ਅਤੇ ਵੱਖ-ਵੱਖ ਰਾਜਾਂ ਦੀਆਂ ਸਰਕਾਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਗਈ।
-ਜਨਰਲ ਇਜਲਾਸ ਵਿਚ ਇਕ ਹੋਰ ਮਤਾ ਪਾਸ ਕਰਦਿਆਂ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਗਈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਉਣ ਵਾਲੇ ਯਾਤਰੂਆਂ ਤੇ ਸ਼ਰਧਾਲੂਆਂ ਦੀ ਸਹੂਲਤ ਵਾਸਤੇ ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਘਿਓ ਮੰਡੀ ਚੌਂਕ, ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤੇ ਚਾਟੀਵਿੰਡ ਗੇਟ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਆਉਣ ਵਾਲੇ ਸਾਰੇ ਰਸਤਿਆਂ ਨੂੰ ਖੁੱਲ੍ਹਾ ਕਰਕੇ ਸਿੱਖ ਵਿਰਾਸਤੀ ਦਿੱਖ ਦਿੱਤੀ ਜਾਵੇ, ਇਨ੍ਹਾਂ ਰਸਤਿਆਂ ‘ਤੇ ਹਰੇ-ਭਰੇ ਦਰੱਖ਼ਤ ਲਗਾਉਣ ਅਤੇ ਆਰਜ਼ੀ ਕਬਜ਼ਿਆਂ, ਦੁਕਾਨਾਂ, ਫੜੀਆਂ ਨੂੰ ਹਟਾਉਣ ਦੀ ਵੀ ਮੰਗ ਕੀਤੀ ਗਈ।
-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਜੂਨ ੧੯੮੪ ‘ਚ ਭਾਰਤੀ ਫ਼ੌਜ ਵੱਲੋਂ ਕੀਤੇ ਹਮਲੇ ਅਤੇ ਨਵੰਬਰ ੧੯੮੪ ਵਿਚ ਸਮੁੱਚੇ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਕੇਂਦਰ ਦੀ ਕਾਂਗਰਸ ਸਰਕਾਰ ਦੇ ਇਸ਼ਾਰੇ ‘ਤੇ ਸਿੱਖਾਂ ਦੇ ਕਤਲੇਆਮ ਦੀ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਇਸ ਮਤੇ ਰਾਹੀਂ ਲੰਮੇ ਅਰਸੇ ਤੋਂ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲਣ ‘ਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਦੋਸ਼ੀਆਂ ਵਿਰੁੱਧ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ।
ਜੂਨ ੧੯੮੪ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸਿੱਖ ਰੈਂਫਰੈਂਸ ਲਾਇਬ੍ਰੇਰੀ ‘ਚ ਚੁੱਕੇ ਗਏ ਵੱਡਮੁੱਲੇ ਸਰਮਾਏ ਨੂੰ ਵਾਪਸ ਕਰਨ ਦੀ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਗਈ। ਕਿਹਾ ਗਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਸੇ ਸਮੇਂ ਤੋਂ ਭਾਰਤ ਸਰਕਾਰ ਤੱਕ ਪਹੁੰਚ ਕੀਤੀ ਜਾਂਦੀ ਰਹੀ ਹੈ ਅਤੇ ਸਮੇਂ-ਸਮੇਂ ‘ਤੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਕੇਂਦਰੀ ਮੰਤਰੀਆਂ ਨੂੰ ਨਿੱਜੀ ਤੌਰ ‘ਤੇ ਮਿਲ ਕੇ ਅਤੇ ਚਿੱਠੀ ਪੱਤਰ ਰਾਹੀਂ ਵੀ ਲਾਇਬ੍ਰੇਰੀ ਦਾ ਅਨਮੋਲ ਖ਼ਜ਼ਾਨਾ ਵਾਪਸ ਕਰਨ ਦੀ ਮੰਗ ਕੀਤੀ ਜਾਂਦੀ ਰਹੀ ਹੈ, ਪਰ ਅਜੇ ਤੱਕ ਵਾਪਸ ਨਹੀਂ ਕੀਤਾ ਗਿਆ। ਜਨਰਲ ਹਾਊਸ ਵੱਲੋਂ ਇਕ ਵਾਰ ਫਿਰ ਲਾਇਬ੍ਰੇਰੀ ਦੇ ਕੌਮੀ ਸਰਮਾਏ ਨੂੰ ਵਾਪਸ ਕਰਨ ਦੀ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਗਈ।
-ਇਕ ਮਤੇ ਰਾਹੀਂ ਵਿਦੇਸ਼ਾਂ ਅੰਦਰ ਸਿੱਖਾਂ ‘ਤੇ ਹੋ ਰਹੇ ਨਸਲੀ ਹਮਲਿਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਮਤੇ ਵਿਚ ਕਿਹਾ ਗਿਆ ਕਿ ਸਿੱਖਾਂ ਨੇ ਦੁਨੀਆਂ ਭਰ ਵਿਚ ਮਿਹਨਤ ਮੁਸ਼ੱਕਤ ਕਰਕੇ ਵੱਖ-ਵੱਖ ਦੇਸ਼ਾਂ ਦੇ ਵਿਕਾਸ ਵਿਚ ਯੋਗਦਾਨ ਪਾਇਆ ਹੈ, ਪ੍ਰੰਤੂ ਦੁੱਖ ਦੀ ਗੱਲ ਹੈ ਕਿ ਸਿੱਖਾਂ ਨੂੰ ਫਿਰ ਵੀ ਵਿਦੇਸ਼ਾਂ ਅੰਦਰ ਨਫ਼ਰਤੀ ਹਿੰਸਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਦੇਸ਼ਾਂ ਦੇ ਏਅਰਪੋਰਟਾਂ ‘ਤੇ ਸਿੱਖਾਂ ਨੂੰ ਦਸਤਾਰ ਉਤਾਰਨ ਲਈ ਮਜ਼ਬੂਰ ਕੀਤਾ ਜਾਂਦਾ ਹੈ। ਮਤੇ ਰਾਹੀਂ ਮੰਗ ਕੀਤੀ ਗਈ ਕਿ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਸਿੱਖ ਪਛਾਣ ਤੋਂ ਆਪੋ-ਆਪਣੇ ਦੇਸ਼ਾਂ ਅੰਦਰ ਨਾਗਰਿਕਾਂ ਨੂੰ ਜਾਣੂ ਕਰਵਾਉਣ। ਇਸ ਮਾਮਲੇ ਵਿਚ ਭਾਰਤ ਸਰਕਾਰ ਵੀ ਵਿਦੇਸ਼ਾਂ ਦੀਆਂ ਸਰਕਾਰਾਂ ਨਾਲ ਗੱਲਬਾਤ ਕਰੇ। ਇਸੇ ਮਤੇ ਰਾਹੀਂ ਭਾਰਤ ਅੰਦਰ ਹੁੰਦੀਆਂ ਮੁਕਾਬਲਾ ਪ੍ਰੀਖਿਆਵਾਂ ਵਿਚ ਸਿੱਖ ਵਿਦਿਆਰਥੀਆਂ ਨੂੰ ਕਕਾਰ ਪਹਿਨ ਕੇ ਬੈਠਣ ਤੋਂ ਰੋਕਣ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਤੇ ਸਰਕਾਰ ਨੂੰ ਇਸ ਮਾਮਲੇ ਵਿਚ ਸਖ਼ਤ ਆਦੇਸ਼ ਜਾਰੀ ਕਰਨ ਲਈ ਕਿਹਾ ਗਿਆ।
-ਸ਼੍ਰੋਮਣੀ ਕਮੇਟੀ ਦੇ ਇਜਲਾਸ ਵੱਲੋਂ ਫਿਲਮਾਂ, ਨਾਟਕਾਂ ਅਤੇ ਟੀ.ਵੀ. ਸੀਰੀਅਲਾਂ ਵਿਚ ਸਿੱਖ ਪਾਤਰਾਂ ਨੂੰ ਮਜਾਕੀਆਂ ਲਹਿਜ਼ੇ ਵਿਚ ਪੇਸ਼ ਕਰਨ ਦੀ ਵੀ ਸਖ਼ਤ ਨਿੰਦਾ ਕੀਤੀ ਗਈ। ਕਿਹਾ ਗਿਆ ਕਿ ਭਾਰਤ ਦੀ ਅਜ਼ਾਦੀ ਤੇ ਨਿਰਮਾਣ ‘ਚ ਸਿੱਖਾਂ ਦੀਆਂ ਸਭ ਤੋਂ ਵੱਧ ਕੁਰਬਾਨੀਆਂ ਹਨ, ਇਸ ਲਈ ਸਿੱਖਾਂ ਦਾ ਮਾਣ-ਸਤਿਕਾਰ ਹਰ ਪੱਧਰ ‘ਤੇ ਬਹਾਲ ਰਹਿਣਾ ਚਾਹੀਦਾ ਹੈ। ਭਾਰਤ ਸਰਕਾਰ ਤੋਂ ਮੰਗ ਕੀਤੀ ਗਈ ਕਿ ਫਿਲਮਾਂ, ਨਾਟਕਾਂ ਤੇ ਸੀਰੀਅਲਾਂ ਆਦਿ ਵਿਚ ਸਿੱਖਾਂ ਦੇ ਕਿਰਦਾਰ ਨੂੰ ਮਜਾਕੀਆਂ ਲਹਿਜ਼ੇ ਵਿਚ ਪੇਸ਼ ਕਰਨ ਤੋਂ ਰੋਕਣ ਲਈ ਫਿਲਮ ਸੈਂਸਰ ਬੋਰਡ ਵਿਚ ਸ਼੍ਰੋਮਣੀ ਕਮੇਟੀ ਦੇ ਇਕ ਨੁਮਾਇੰਦੇ ਨੂੰ ਪੱਕੇ ਤੌਰ ‘ਤੇ ਸ਼ਾਮਲ ਕੀਤਾ ਜਾਵੇ।
-ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਰ੍ਹਵੀਂ ਜਮਾਤ ਦੇ ਸਿਲੇਬਸ ਦੀ ਪੁਸਤਕ ‘ਚ ਗੁਰ-ਇਤਿਹਾਸ ਤੇ ਸਿੱਖ-ਇਤਿਹਾਸ ਨਾਲ ਛੇੜ-ਛਾੜ ਕਰਨ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਇਸ ਮਤੇ ਰਾਹੀਂ ਕਿਹਾ ਗਿਆ ਕਿ ਪੰਜਾਬ ਦੀ ਮੌਜੂਦਾ ਸਰਕਾਰ ਦਾ ਇਹ ਕਾਰਾ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲਾ ਹੈ, ਇਸ ਲਈ ਪੰਜਾਬ ਦੇ ਮੁੱਖ ਮੰਤਰੀ ਸਿੱਖ ਜਗਤ ਤੋਂ ਮੁਆਫ਼ੀ ਮੰਗਣ ਤੇ ਸਿੱਖਿਆ ਮੰਤਰੀ ਨੂੰ ਮੰਤਰੀ ਮੰਡਲ ‘ਚ ਬਰਖ਼ਾਸਤ ਕਰਕੇ ਉਸ ‘ਤੇ ਬਣਦੀ ਕਾਰਵਾਈ ਕਰਨ। ਇਸ ਤੋਂ ਇਲਾਵਾ ਜਿਹੜੇ ਅਖੌਤੀ ਵਿਦਵਾਨ, ਲੇਖਕ ਇਸ ਮੰਦਭਾਗੀ ਸਾਜ਼ਿਸ਼ ਵਿਚ ਸ਼ਾਮਲ ਹਨ, ਉਨ੍ਹਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇ।
-ਇਜਲਾਸ ਵੱਲੋਂ ਇਕ ਮਤੇ ਰਾਹੀਂ ਸੋਸ਼ਲ ਮੀਡੀਆ ਵਿਚ ਗੁਰੂ ਸਾਹਿਬਾਨ ਅਤੇ ਸਿੱਖ ਧਰਮ ਸਬੰਧੀ ਅਪਮਾਨਜਨਕ ਟਿੱਪਣੀਆਂ ਕਰਨ ਅਤੇ ਇਤਰਾਰਯੋਗ ਤਸਵੀਰਾਂ ਪਾਉਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਰਾਜ ਅਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਗਈ ਕਿ ਸੋਸ਼ਲ ਮੀਡੀਆ ”ਤੇ ਅਜਿਹੀਆਂ ਹਰਕਤਾਂ ਕਰਨ ਵਿਰੁੱਧ ਧਾਰਾ ੨੯੫-ਏ ਅਤੇ ਹੋਰ ਬਣਦੀਆਂ ਧਰਾਵਾਂ ਅਧੀਨ ਪਰਚੇ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਭਾਰਤ ਸਰਕਾਰ ਪਾਸੋਂ ਇਹ ਵੀ ਮੰਗ ਕੀਤੀ ਗਈ ਕਿ ਕਿਸੇ ਵੀ ਧਰਮ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਨ ‘ਤੇ ਇਤਰਾਜਯੋਗ ਸਮੱਗਰੀ ਸੋਸ਼ਲ ਮੀਡੀਆ ‘ਤੇ ਪਾਉਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਇਆ ਜਾਵੇ ਅਤੇ ਸਾਈਬਰ ਕਰਾਇਮ ਨੂੰ ਵੀ ਅਜਿਹੇ ਲੋਕਾਂ ‘ਤੇ ਨਿਗਰਾਨੀ ਰੱਖਣ ਅਤੇ ਸਖ਼ਤ ਕਾਰਵਾਈ ਕਰਨ ਨੂੰ ਕਿਹਾ ਜਾਵੇ। ਇਸ ਦੇ ਨਾਲ ਹੀ ਅਜਿਹੀ ਵਿਵਸਥਾ ਬਣਾਉਣ ਦੀ ਵੀ ਮੰਗ ਕੀਤੀ ਗਈ ਕਿ ਸੋਸ਼ਲ ਮੀਡੀਆ ‘ਤੇ ਅਪਮਾਨਜਨਕ ਅਤੇ ਇਤਰਾਜਯੋਗ ਸਮੱਗਰੀ ਕੋਈ ਪਾ ਹੀ ਨਾ ਸਕੇ।