ਅੰਮ੍ਰਿਤਸਰ, 03 ਫਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਲੀ ਵਿਚ ਅਨੰਦ ਮੈਰਿਜ ਐਕਟ ਲਾਗੂ ਹੋਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਨੰਦ ਮੈਰਿਜ ਐਕਟ ਦੀ ਲੰਮੇ ਸਮੇਂ ਤੋਂ ਮੰਗ ਕਰਦੀ ਰਹੀ ਹੈ ਅਤੇ ਇਹ ਪ੍ਰਸੰਨਤਾ ਦੀ ਗੱਲ ਹੈ ਕਿ ਹੁਣ ਤਕ ਭਾਰਤ ਦੇ ੧੩ ਰਾਜਾਂ ਵਿਚ ਇਸਨੂੰ ਮਾਨਤਾ ਮਿਲ ਚੁੱਕੀ ਹੈ। ਉਨ੍ਹਾਂ ਨੇ ਦਿੱਲੀ ਵਿਚ ਅਨੰਦ ਮੈਰਿਜ ਐਕਟ ਲਾਗੂ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਜਨਰਲ ਸਕੱਤਰ ਸ. ਮਨਜਿੰਦਰ ਸਿੰਘ ਸਿਰਸਾ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਇਸੇ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਅਨੰਦ ਮੈਰਿਜ ਐਕਟ ਨੂੰ ਦੇਸ਼ ਦੇ ਬਾਕੀ ਰਾਜਾਂ ਵਿਚ ਵੀ ਲਾਗੂ ਕਰਾਉਣ ਲਈ ਕਦਮ ਚੁੱਕੇ ਜਾਣ ਤਾਂ ਜੋ ਸਿੱਖ ਇਸ ਅਧੀਨ ਆਪਣੇ ਅਨੰਦ ਕਾਰਜ ਰਜਿਸਟਰਡ ਕਰਵਾ ਸਕਣ।