ਗੁਰੂ ਕੇ ਲੰਗਰਾਂ ਵਿਚੋਂ ਪਲਾਸਟਿਕ ਦੇ ਬਰਤਨ ਬੰਦ ਕੀਤੇ ਜਾਣਗੇ : ਪ੍ਰੋ. ਬਡੂੰਗਰ

350 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਿੰਘ ਸਾਹਿਬਾਨਾਂ ਨਾਲ ਜ਼ਰੂਰੀ ਵਿਚਾਰਾਂ ਕੀਤੀਆਂ

ਸਮੂਹ ਰਾਗੀ ਜਥੇ ਗੁਰਬਾਣੀ ਦੇ ਹੋਰ ਸ਼ੁੱਧ ਉਚਾਰਣ ਵੱਲ ਧਿਆਨ ਦੇਣ

2-copy 6-copyਅੰਮ੍ਰਿਤਸਰ 12 ਦਸੰਬਰ (      ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪ੍ਰਬੰਧਕੀ ਬਲਾਕ ਦੇ ਇਕੱਤਰਤਾ ਹਾਲ ਵਿਖੇ ਪੱਤਰਕਾਰ ਵਾਰਤਾ ਦੌਰਾਨ ਦੱਸਿਆ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਅਰਦਾਸੀਆ ਸਿੰਘ ਭਾਈ ਬਲਬੀਰ ਸਿੰਘ ਨੂੰ ਉਨ੍ਹਾਂ ਦੀਆਂ ਸੇਵਾਵਾਂ ਤੇ ਮੁੜ ਬਹਾਲ ਕਰ ਦਿੱਤਾ ਗਿਆ ਹੈ।ਤਬਦੀਲੀ ਸਬੰਧੀ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਸ ਸਮੇਂ ਦੇ ਹਾਲਾਤਾਂ ਮੁਤਾਬਿਕ ਪ੍ਰਬੰਧਕਾਂ ਵੱਲੋਂ ਕੀਤੇ ਫੈਸਲੇ ਤੇ ਮੈਂ ਕੋਈ ਟਿੱਪਣੀ ਨਹੀਂ ਕਰ ਸਕਦਾ, ਪਰ ਸਮੇਂ ਦੀ ਮੰਗ ਮੁਤਾਬਿਕ ਉਨ੍ਹਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਤੇ ਮੁੜ ਬਹਾਲ ਕੀਤਾ ਗਿਆ ਹੈ।
 ਉਨ੍ਹਾਂ ਦੱਸਿਆ ਕਿ ਦਸਮੇਸ਼ ਪਿਤਾ ਸਾਹਿਬ-ਏ-ਕਮਾਲ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਪੁਰਬ ਜੋ ਪਟਨਾ ਸਾਹਿਬ ਦੀ ਧਰਤੀ ਤੇ ਮਨਾਏ ਜਾ ਰਹੇ ਹਨ ਸਬੰਧੀ ਸਤਿਕਾਰਯੋਗ ਸਿੰਘ ਸਾਹਿਬਾਨਾਂ ਨਾਲ ਵੀ ਦੀਰਘ ਵਿਚਾਰ ਕੀਤੀ ਗਈ ਹੈ।ਇਨ੍ਹਾਂ ਸਮਾਗਮਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਧ ਚੜ੍ਹ ਕੇ ਹਿੱਸਾ ਲਵੇਗੀ।ਇਸ ਸਬੰਧੀ ਵਿਚਾਰ-ਵਟਾਂਦਰੇ ਲਈ ਡਾ. ਰੂਪ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਟੀਮ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪਹੁੰਚੀ ਹੋਈ ਹੈ ਤੇ ਉਨ੍ਹਾਂ ਦੇ ਮਗਰ ਹੀ ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਤੇ ਸ. ਸੁਰਜੀਤ ਸਿੰਘ ਭਿਟੇਵਡ ਮੈਂਬਰ ਅੰਤ੍ਰਿੰਗ ਕਮੇਟੀ ਆਦਿ ਵੀ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਦਿਨੋਂ-ਦਿਨ ਵਾਤਾਵਰਣ ਦੇ ਹੋ ਰਹੇ ਗੰਦਲੇਪਨ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਹੁਤ ਚਿੰਤਤ ਹੈ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਬਖਸ਼ੇ ਸਿਧਾਂਤ ਮੁਤਾਬਿਕ ਵਾਤਾਵਰਣ ਦੀ ਸ਼ੁੱਧਤਾ ਲਈ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਸਥਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਬਾਬਾ ਬਲਬੀਰ ਸਿੰਘ ਸੀਚੇਵਾਲ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ ਤੇ ਹੋਰ ਬਹੁਤ ਸਾਰੇ ਵਾਤਾਵਰਣ ਪ੍ਰੇਮੀਆਂ ਨਾਲ ਇਕੱਤਰਤਾ ਕੀਤੀ ਗਈ ਹੈ, ਜੋ ਵਾਤਾਵਰਣ ਦੀ ਸ਼ੁੱਧਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸ ਉਪਰਾਲੇ ਨਾਲ ਪੂਰੀ ਤਰ੍ਹਾਂ ਸਹਿਮਤ ਹਨ।ਉਨ੍ਹਾਂ ਅੱਗੇ ਦੱਸਿਆ ਕਿ ੨੦੧੯ ਵਿੱਚ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ੫੫੦ ਸਾਲਾ ਪ੍ਰਕਾਸ਼ ਪੁਰਬ ਆ ਰਿਹਾ ਹੈ ਤੇ ਇਹ ਵਾਤਾਵਰਣ ਦੀ ਸ਼ੁੱਧਤਾ ਉਨ੍ਹਾਂ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ।ਉਨ੍ਹਾਂ ਇਹ ਵੀ ਦੱਸਿਆ ਕਿ ਇਸ ਕਾਰਜ ਵਿੱਚ ਮੈਨੇਜਰ, ਕਥਾਵਾਚਕ, ਪ੍ਰਚਾਰਕ ਸਾਹਿਬਾਨ, ਵਾਤਾਵਰਣ ਪ੍ਰੇਮੀਆਂ ਨੂੰ ਨਾਲ ਲੈ ਕੇ ਇਕ ਟੀਮ ਦੇ ਤੌਰ ਤੇ ਕੰਮ ਕਰਦਿਆਂ ਲੋਕਾਂ ਨੂੰ ਇਸ ਮੁਹਿੰਮ ਬਾਰੇ ਜਾਗਰੂਕ ਕਰਨਗੇ।ਉਨ੍ਹਾਂ ਫਤਿਹਗੜ੍ਹ ਸਾਹਿਬ ਵਿਖੇ ਇਕੱਤਰਤਾ ਵਿੱਚ ਪਹੁੰਚੇ ਵਾਤਾਵਰਣ ਪ੍ਰੇਮੀਆਂ ਦਾ ਧੰਨਵਾਦ ਵੀ ਕੀਤਾ।
 ਨੌਜਵਾਨ ਪੀੜ੍ਹੀ ਬਾਰੇ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਤਿੰਨ ਜ਼ੋਨ ਬਣਾ ਕੇ ਇਕੱਤਰਤਾਵਾਂ ਕੀਤੀਆਂ ਗਈਆਂ ਹਨ।ਸ਼੍ਰੋਮਣੀ ਕਮੇਟੀ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਪ੍ਰਤੀ ਜਾਗਰੂਕ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਉਚਾਰਣ ਕੀਤੀ ਬਾਣੀ ਜਪੁਜੀ ਸਾਹਿਬ ਦੇ ਪਾਠ ੧ ਲੱਖ ਬੱਚਿਆਂ ਨੂੰ ਕਰਵਾਏ ਜਾਣਗੇ ਤੇ ਇਹ ਕਾਰਜ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕਰਦਿਆਂ ੨੨ ਦਸੰਬਰ ਨੂੰ ਹੋਵੇਗਾ।ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਿਕ ਹੋਣ ਦੇਸ਼-ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਹਰੇਕ ਧਰਮ ਦੇ ਲੋਕ ਆਉਂਦੇ ਹਨ ਤੇ ਉਹ ਆਪਣੇ ਧਰਮ ਮੁਤਾਬਿਕ ਆਪਣਾ ਪਹਿਰਾਵਾ ਪਾਉਂਦੇ ਹਨ।ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਟੋਪੀ ਪਾ ਕੇ ਸ੍ਰੀ ਦਰਬਾਰ ਸਾਹਿਬ ਨਤਮਸਤਿਕ ਹੋਣ ਤੇ ਵਿਵਾਦ ਬੇਲੋੜਾ ਹੈ ਤੇ ਕੋਈ ਵੀ ਵਿਅਕਤੀ ਆਪਣੇ ਧਰਮ ਵਿੱਚ ਰਹਿ ਕੇ ਸ੍ਰੀ ਦਰਬਾਰ ਸਾਹਿਬ ਦਰਸ਼ਨ ਕਰ ਸਕਦਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਫੈਸਲੇ ਮੁਤਾਬਿਕ ਰਿਹਾਇਸ਼ੀ ਸਰਾਵਾਂ ਦੇ ਕਮਰਿਆਂ ਦੀ ਬੁਕਿੰਗ ਆਨਲਾਈਨ ਕਰਨ ਦਾ ਕੰਮ ਜਾਰੀ ਹੈ।ਉਨ੍ਹਾਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਨੂੰ ਹੋਰ ਸਹੀ ਢੰਗ ਨਾਲ ਚਲਾਉਣ ਲਈ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਸਮੂਹ ਰਾਗੀ ਸਿੰਘਾਂ ਨਾਲ ਜ਼ਰੂਰੀ ਵਿਚਾਰਾਂ ਕੀਤੀਆਂ ਗਈਆਂ ਹਨ।ਸਾਰੇ ਰਾਗੀ ਸਿੰਘਾਂ ਨੂੰ ਗੁਰਬਾਣੀ ਦੇ ਹੋਰ ਸ਼ੁੱਧ ਉਚਾਰਣ ਲਈ ਕਿਹਾ ਗਿਆ ਹੈ।ਉਨ੍ਹਾਂ ਦੱਸਿਆ ਕਿ ਰਾਗੀ ਸਿੰਘਾਂ ਦੀਆਂ ਜਿਹੜੀਆਂ ਵੀ ਮੁਸ਼ਕਿਲਾਂ ਹੋਣਗੀਆਂ ਉਸ ਸਬੰਧੀ ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਤੇ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਆਪਸੀ ਮਿਲ ਬੈਠ ਕੇ ਵਿਚਾਰ ਕਰਨਗੇ।  
ਇਸ ਮੌਕੇ ਸ. ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ, ਸ. ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ, ਸ. ਸੁਰਜੀਤ ਸਿੰਘ ਭਿਟੇਵਡ ਮੈਂਬਰ ਅੰਤ੍ਰਿੰਗ ਕਮੇਟੀ, ਸ. ਅਜਾਇਬ ਸਿੰਘ ਅਭਿਆਸੀ ਮੈਂਬਰ ਧਰਮ ਪ੍ਰਚਾਰ ਕਮੇਟੀ, ਬੀਬੀ ਕਿਰਨਜੋਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਸ. ਹਰਦਲਬੀਰ ਸਿੰਘ ਸ਼ਾਹ ਸਾਬਕਾ ਮੈਂਬਰ ਧਰਮ ਪ੍ਰਚਾਰ ਕਮੇਟੀ, ਡਾ. ਪਰਮਜੀਤ ਸਿੰਘ ਸਰੋਆ ਤੇ ਸ. ਬਿਜੈ ਸਿੰਘ ਵਧੀਕ ਸਕੱਤਰ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਸਕੱਤਰ ਸਿੰਘ, ਸ. ਕੁਲਵਿੰਦਰ ਸਿੰਘ ‘ਰਮਦਾਸ’, ਸ. ਗੁਰਮੀਤ ਸਿੰਘ ਬੁੱਟਰ ਤੇ ਸ. ਸਿਮਰਜੀਤ ਸਿੰਘ ਮੀਤ ਸਕੱਤਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰਾਗੀ ਸਿੰਘ ਤੇ ਗ੍ਰੰਥੀ ਸਾਹਿਬਾਨ ਹਾਜ਼ਰ ਸਨ।