ਅੰਮ੍ਰਿਤਸਰ, 31 ਅਕਤੂਬਰ-
ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਦਾ ਬਦਲਾ ਲੈਣ ਵਾਲੇ ਸ਼ਹੀਦ ਭਾਈ ਬੇਅੰਤ ਸਿੰਘ ਦੀ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਬੰਧਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ। ਪਾਵਨ ਹੁਕਮਨਾਮਾ ਸਰਵਣ ਕਰਵਾਉਣ ਤੋਂ ਬਾਅਦ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਸਮੇਂ ਦੀ ਹਕੂਮਤ ਵੱਲੋਂ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਨੂੰ ਸਿੱਖ ਕੌਮ ਕਦੀ ਭੁਲਾ ਨਹੀਂ ਸਕਦੀ। ਉਨ੍ਹਾਂ ਪੰਥ ਵਿਚ ਪ੍ਰਸਪਰ ਪਿਆਰ, ਇਤਫ਼ਾਕ, ਏਕਤਾ ਦੀ ਅਰਦਾਸ ਕਰਦਿਆਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸ਼ਾਨਾਮੱਤਾ ਹੈ ਅਤੇ ਗੁਰੂ ਸਾਹਿਬ ਦੀ ਕਿਰਪਾ ਨਾਲ ਸਿੱਖ ਕੌਮ ਅੱਜ ਪੂਰੇ ਵਿਸ਼ਵ ਵਿਚ ਚੜ੍ਹਦੀ ਕਲਾ ਨਾਲ ਵਿਚਰ ਰਹੀ ਹੈ। ਉਨ੍ਹਾਂ ਸ਼ਹੀਦ ਭਾਈ ਬੇਅੰਤ ਸਿੰਘ ਸਮੇਤ ਹੋਰ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਹੀਦ ਭਾਈ ਸਤਵੰਤ ਸਿੰਘ ਭਤੀਜੇ ਭਾਈ ਸੁਖਵਿੰਦਰ ਸਿੰਘ ਅਗਵਾਨ ਅਤੇ ਸ਼ਹੀਦ ਭਾਈ ਬੇਅੰਤ ਸਿੰਘ ਦੇ ਪਰਿਵਾਰ ਲਈ ਸਿਰੋਪਾਓ ਭੇਟ ਕੀਤੇ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਨਿੱਜੀ ਸਕੱਤਰ ਸ. ਸੁਖਮਿੰਦਰ ਸਿੰਘ ਐਕਸੀਅਨ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸੁਲੱਖਣ ਸਿੰਘ ਭੰਗਾਲੀ, ਸ. ਕਰਮਬੀਰ ਸਿੰਘ ਕਿਆਮਪੁਰ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਇਕਬਾਲ ਸਿੰਘ ਮੁਖੀ, ਸ. ਪਰਮਜੀਤ ਸਿੰਘ, ਸ. ਬਘੇਲ ਸਿੰਘ, ਸ. ਲਖਬੀਰ ਸਿੰਘ ਤੋਂ ਇਲਾਵਾ ਸ. ਕੰਵਲਪਾਲ ਸਿੰਘ ਬਿੱਟੂ, ਸ. ਮਨਜੀਤ ਸਿੰਘ ਭੋਮਾ, ਭਾਈ ਸਰਬਜੀਤ ਸਿੰਘ ਸੋਹਲ, ਭਾਈ ਦਲਜੀਤ ਸਿੰਘ ਬਿੱਟੂ, ਭਾਈ ਦਲਜੀਤ ਸਿੰਘ ਖ਼ਾਲਸਾ ਆਦਿ ਮੌਜੂਦ ਸਨ।