ਅੰਮ੍ਰਿਤਸਰ, 16 ਅਪ੍ਰੈਲ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਹਨਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਨਿੱਜੀ ਤੌਰ ’ਤੇ 25 ਹਜ਼ਾਰ ਰੁਪਏ ਭੇਟ ਕੀਤੇ ਹਨ। ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਨੂੰ ਇਸ ਰਾਸ਼ੀ ਦਾ ਚੈੱਕ ਸੌਂਪਿਆ ਅਤੇ ਸਮੂਹ ਸੰਗਤ ਨੂੰ ਲੰਗਰ ਸੇਵਾ ਲਈ ਆਪੋ ਆਪਣੀ ਸਮਰੱਥਾ ਅਨੁਸਾਰ ਮਾਇਆ ਤੇ ਰਸਦਾਂ ਭੇਜਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਕਟ ਸਮੇਂ ਸਿੱਖ ਕੌਮ ਮਨੁੱਖਤਾ ਲਈ ਮੱਦਦਗਾਰ ਬਣਦੀ ਹੈ। ਮੌਜੂਦਾ ਮਹਾਂਮਾਰੀ ਦੇ ਚੱਲਦਿਆਂ ਵੀ ਸਿੱਖ ਪੰਥ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਲੱਗਭਗ ਇੱਕ ਮਹੀਨੇ ਤੋਂ ਲੱਖਾਂ ਲੋੜਵੰਦਾਂ ਨੂੰ ਲੰਗਰ ਭੇਜਿਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਹਰ ਗੁਰੂ ਘਰ ਤੋਂ ਸੇਵਾਦਾਰ ਲੋੜਵੰਦਾਂ ਤੱਕ ਪੁੱਜ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਮਾਈ ਭਾਈ ਦਾ ਫਰਜ਼ ਹੈ ਕਿ ਸ੍ਰੀ ਗੁਰੂ ਰਾਮਦਾਸ ਲੰਗਰ ਹੋਰਨਾਂ ਗੁਰੂ ਘਰਾਂ ਵਿਖੇ ਲੰਗਰਾਂ ਲਈ ਰਸਦਾਂ ਜਾਂ ਮਾਇਆ ਭੇਜ ਕੇ ਸੇਵਾ ਵਿਚ ਹਿੱਸਾ ਪਾਉਣ, ਕਿਉਂਕਿ ਗੁਰੂ ਕੇ ਲੰਗਰ ਸੰਗਤਾਂ ਦੇ ਸਹਿਯੋਗ ਨਾਲ ਹੀ ਚੱਲਦੇ ਹਨ। ਇਸ ਦੌਰਾਨ ਭਾਈ ਮਨਜੀਤ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਵੱਲੋਂ ਗੁਰੂ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾਂ, ਸ. ਪ੍ਰਤਾਪ ਸਿੰਘ, ਸ. ਮੁਖਤਾਰ ਸਿੰਘ ਮੈਨੇਜਰ, ਸ. ਮਲਕੀਤ ਸਿੰਘ ਬਹਿੜਵਾਲ ਸੁਪ੍ਰਿੰਟੈਂਡੈਂਟ, ਸ. ਗੁਰਚਰਨ ਸਿੰਘ ਕੁਹਾਲਾ ਇੰਚਾਰਜ ਆਦਿ ਮੌਜੂਦ ਸਨ।