ਸ੍ਰੀ ਨਨਕਾਣਾ ਸਾਹਿਬ/ਅੰਮ੍ਰਿਤਸਰ, ੩੧ ਜੁਲਾਈ- ਸ੍ਰੀ ਨਨਕਾਣਾ ਸਾਹਿਬ ਤੋਂ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਆਰੰਭਤਾ ਸਮੇਂ ਸ਼ਾਮਲ ਹੋਣ ਲਈ ਪਾਕਿਸਤਾਨ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ ਭਾਈ ਲਾਲ ਜੀ ਦੇ ਪੋਤਰੇ ਭਾਈ ਸਰਫਰਾਜ਼ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮਾਸਿਕ ਸਹਾਇਤਾ ਦੀ ਪਹਿਲੀ ਕਿਸ਼ਤ ੨੧ ਹਜ਼ਾਰ ਪ੍ਰਦਾਨ ਕੀਤੀ ਗਈ। ਸਹਾਇਤਾ ਰਾਸ਼ੀ ਦੇਣ ਸਮੇਂ ਭਾਈ ਲੌਂਗੋਵਾਲ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਮਰਦਾਨਾ ਜੀ ਦੇ ਵੰਸ਼ਜ਼ ਨੂੰ ਮਾਸਿਕ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਸੀ। ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸਜੇ ਸ਼ਾਮ ਦੇ ਦੀਵਾਨ ਸਮੇਂ ਇਹ ਪ੍ਰਵਾਨਿਤ ਸਬੰਧਤਾਂ ਨੂੰ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ੨੧ ਹਜ਼ਾਰ ਰੁਪਏ ਦੀ ਇਹ ਸਹਾਇਤਾ ਹਰ ਮਹੀਨੇ ਭਾਈ ਸਰਫਰਾਜ਼ ਦੇ ਜਥੇ ਨੂੰ ਦਿੱਤੀ ਜਾਇਆ ਕਰੇਗੀ। ਇਸ ਤੋਂ ਇਲਾਵਾ ਭਾਈ ਸਰਫਰਾਜ਼ ਦੀ ਮਾਤਾ ਦੇ ਇਲਾਜ਼ ਲਈ ੧੧ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਵੀ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀ ਗਈ।

ਸ੍ਰੀ ਨਨਕਾਣਾ ਸਾਹਿਬ ਦੇ ਸਿੱਖ ਨੌਜੁਆਨਾਂ ਸ਼੍ਰੋਮਣੀ ਕਮੇਟੀ ਦੇ ਦਿੱਤੀਆਂ ਗਤਕਾ ਕਿੱਟਾਂ

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਏ ਸ਼ਾਮ ਦੇ ਗੁਰਮਤਿ ਸਮਾਗਮ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਾਂਝੇ ਤੌਰ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਦੇ ਸਿੱਖ ਨੌਜੁਆਨਾਂ ਨੂੰ ਗਤਕਾ ਕਿੱਟਾਂ ਦਿੱਤੀਆਂ ਗਈਆਂ। ਨਿਰਵੈਰ ਖ਼ਾਲਸਾ ਗਤਕਾ ਅਖਾੜਾ ਸ੍ਰੀ ਨਨਕਾਣਾ ਸਾਹਿਬ ਅਤੇ ਹੋਰ ਗੁਰਸਿੱਖ ਨੌਜੁਆਨਾਂ ਨੂੰ ਗਤਕਾ ਸਿਖਲਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਤਿੰਨ ਗਤਕਾ ਕਿੱਟਾਂ ਪ੍ਰਵਾਨ ਕੀਤੀਆਂ ਗਈਆਂ ਸਨ, ਜੋ ਅੱਜ ਸਮਾਗਮ ਦੌਰਾਨ ਸਬੰਧਤਾਂ ਨੂੰ ਪ੍ਰਦਾਨ ਕੀਤੀਆਂ। ਇਸ ਮੌਕੇ ਭਾਈ ਲੌਂਗੋਵਾਲ ਨੇ ਆਖਿਆ ਕਿ ਗਤਕਾ ਸਿੱਖ ਮਾਰਸ਼ਲ ਆਰਟ ਦਾ ਬੇਹਤਰ ਪ੍ਰਗਟਾਵਾ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੌਜੁਆਨਾਂ ਨੂੰ ਸਿੱਖ ਸੱਭਿਆਚਾਰ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰਦੀ ਰਹੇਗੀ। ਇਸ ਤੋਂ ਪਹਿਲਾਂ ਨਨਕਾਣਾ ਸਾਹਿਬ ਦੀਆਂ ਸਿੱਖ ਬੱਚੀਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਕਥਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਿੱਲੀ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਆਗੂ ਸ. ਦਰਬਾਰਾ ਸਿੰਘ ਗੁਰੂ, ਸ. ਅਵਤਾਰ ਸਿੰਘ ਹਿੱਤ, ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਸ. ਖ਼ੁਸ਼ਵਿੰਦਰ ਸਿੰਘ ਭਾਟੀਆ, ਸ. ਭਗਵੰਤ ਸਿੰਘ ਸਿਆਲਕਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਮੁੱਖ ਸਕੱਤਰ ਡਾ. ਰੂਪ ਸਿੰਘ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਪ੍ਰੇਮ ਸਿੰਘ, ਭਾਈ ਦਇਆ ਸਿੰਘ, ਸ. ਭੁਪਿੰਦਰ ਸਿੰਘ ਲਵਲੀ, ਸ. ਰਾਜਿੰਦਰ ਸਿੰਘ ਰੂਬੀ ਤੇ ਹੋਰ ਮੌਜੂਦ ਸਨ।