ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ॥ ੧॥ ਸੋਮਵਾਰ, ੯ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੧ ਅਪ੍ਰੈਲ, ੨੦੨੫ (ਅੰਗ: ੬੧੯)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਮੂਲਮੰਤਰ ਅਸਥਾਨ’ ‘ਚ ਇਤਿਹਾਸ ਰੂਪਮਾਨ ਕਰਨ ਬਾਰੇ ਮਾਹਿਰਾਂ ਦੀ ਕਮੇਟੀ ਬਣਾਉਣ ਨੂੰ ਦਿੱਤੀ ਪ੍ਰਵਾਨਗੀ
ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਦੇ ਧੰਨਵਾਦ ਦਾ ਮਤਾ ਪਾਸ

ਅੰਮ੍ਰਿਤਸਰ, ੨੭ ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਬਣਾਏ ਜਾ ਰਹੇ ਮੂਲਮੰਤਰ ਅਸਥਾਨ ਵਿਚ ਇਤਿਹਾਸ ਨੂੰ ਰੂਪਮਾਨ ਕਰਨ ਅਤੇ ਪੇਂਟਿੰਗਜ਼ ਸਥਾਪਤ ਕਰਨ ਸਬੰਧੀ ਮਾਹਿਰਾਂ ਦੀ ਇਕ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਵਿਚਾਰ-ਵਿਟਾਂਦਰੇ ਤੋਂ ਬਾਅਦ ਸੁਲਤਾਨਪੁਰ ਲੋਧੀ ਵਿਖੇ ਸਥਾਪਤ ਕੀਤੀ ਜਾ ਰਹੀ ਅਜੂਬਾ ਨੁਮਾ ਵਿਸ਼ੇਸ਼ ਯਾਦਗਾਰ ਲਈ ਮਾਹਿਰਾਂ ਦਾ ਪੈਨਲ ਬਣਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਮੀਟਿੰਗ ਵਿਚ ਲਏ ਗਏ ਫੈਸਲਿਆਂ ਦੀ ਤਫਸੀਲ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਣਾਈ ਜਾ ਰਹੀ ਇਹ ਯਾਦਗਾਰ ਵਿਲੱਖਣ ਹੋਵੇਗੀ ਅਤੇ ਇਸ ਵਿਚ ਗੁਰੂ ਸਾਹਿਬ ਦੀਆਂ ਉਦਾਸੀਆਂ (ਯਾਤਰਾਵਾਂ) ਨਾਲ ਸਬੰਧਤ ਇਤਿਹਾਸ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਸ ਵਿਚ ਇਤਿਹਾਸ ਅਤੇ ਗੁਰੂ ਸਾਹਿਬ ਦੀ ਜੀਵਨੀ ਨਾਲ ਸਬੰਧਤ ਪੇਂਟਿੰਗਜ਼ ਵੀ ਲਗਾਈਆਂ ਜਾਣਗੀਆਂ। ਇਸ ਸਬੰਧ ਵਿਚ ਮਾਹਿਰਾਂ ਦੀ ਇਕ ਕਮੇਟੀ ਬਣਾਈ ਜਾਵੇਗੀ, ਜਿਸ ਦੀਆਂ ਸਿਫ਼ਾਰਸ਼ਾਂ ਨੂੰ ਅਮਲੀ ਰੂਪ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਵੱਲੋਂ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਕੀਤੀ ਪਹਿਲਕਦਮੀਂ ਦਾ ਸਵਾਗਤ ਕੀਤਾ ਗਿਆ। ਬੁਲਾਰੇ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਿਛਲੇ ਲੰਮੇ ਅਰਸੇ ਤੋਂ ਲਾਂਘੇ ਸਬੰਧੀ ਯਤਨ ਕੀਤੇ ਜਾ ਰਹੇ ਸਨ ਅਤੇ ਸਿੱਖ ਸੰਗਤਾਂ ਵੱਲੋਂ ਵੀ ਕਈ ਦਹਾਕਿਆਂ ਤੋਂ ਪਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰਿਆਂ ਦੀ ਅਰਦਾਸ ਕੀਤੀ ਜਾ ਰਹੀ ਹੈ। ਅੰਤ੍ਰਿੰਗ ਕਮੇਟੀ ਨੇ ਭਾਰਤ ਅਤੇ ਪਾਕਿਸਤਾਨ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਸਮੇਤ ਜਿਨ੍ਹਾਂ ਨੇ ਵੀ ਇਸ ਕਾਰਜ ਲਈ ਯੋਗਦਾਨ ਪਾਇਆ ਉਸ ਸਬੰਧੀ ਧੰਨਵਾਦੀ ਮਤਾ ਪਾਸ ਕੀਤਾ ਗਿਆ। ਇਕੱਤਰਤਾ ਦੌਰਾਨ ਭਾਰਤ ਸਰਕਾਰ ਵੱਲੋਂ ੫੫੦ ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਗਏ ਸੁਝਾਅ ਪ੍ਰਵਾਨ ਕਰਨ ਅਤੇ ਇਸ ਇਤਿਹਾਸਕ ਮੌਕੇ ਨੂੰ ਸਮਰਪਿਤ ਵੱਖ-ਵੱਖ ਕਾਰਜਾਂ ਦਾ ਐਲਾਨ ਕਰਨ ਲਈ ਵੀ ਧੰਨਵਾਦ ਕੀਤਾ। ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਗੁਰੂ ਨਾਨਕ ਸਿੱਖ ਸਟੱਡੀਜ਼ ਵਿਭਾਗ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸੰਦੇਸ਼ਾਂ ਬਾਰੇ ਦੋ ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਅਤੇ ਕਵੀ ਦਰਬਾਰ ਕਰਵਾਉਣ ਲਈ ੫ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਫੈਸਲਾ ਵੀ ਕੀਤਾ ਗਿਆ। ਇਹ ਵੀ ਪ੍ਰਵਾਨ ਕੀਤਾ ਗਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਸਾਹਿਬ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਰ ਵੱਖ-ਵੱਖ ਥਾਵਾਂ ‘ਤੇ ਵਿਸ਼ੇਸ਼ ਸੈਮੀਨਾਰ ਵੀ ਕਰਵਾਏ ਜਾਣਗੇ। ਸ. ਬੇਦੀ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ਵੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ੭ ਨਵੰਬਰ ਨੂੰ ਸੱਦ ਲਈ ਗਈ ਹੈ।
ਇਕੱਤਰਤਾ ਦੌਰਾਨ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਿੱਕਰ ਸਿੰਘ ਚੰਨੂ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ. ਅਮਰੀਕ ਸਿੰਘ ਕੋਟ ਸ਼ਮੀਰ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਖ਼ੁਸ਼ਵਿੰਦਰ ਸਿੰਘ ਭਾਟੀਆ, ਸ. ਜਗਜੀਤ ਸਿੰਘ ਤਲਵੰਡੀ, ਸ. ਤਾਰਾ ਸਿੰਘ ਸੱਲਾ, ਸ. ਭੁਪਿੰਦਰ ਸਿੰਘ ਭਲਵਾਨ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਸ਼ਿੰਗਾਰਾ ਸਿੰਘ ਲੋਹੀਆਂ, ਸ. ਅਮਰੀਕ ਸਿੰਘ ਵਿਛੋਆ, ਬੀਬੀ ਜਸਬੀਰ ਕੌਰ ਜੱਫਰਵਾਲ, ਮੁੱਖ ਸਕੱਤਰ ਡਾ. ਰੂਪ ਸਿੰਘ, ਸੱਕਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਐਡੀਸ਼ਨਲ ਸਕੱਤਰ ਸ. ਕੇਵਲ ਸਿੰਘ ਗਿੱਲ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ, ਸ. ਪ੍ਰਤਾਪ ਸਿੰਘ, ਨਿੱਜੀ ਸਕੱਤਰ ਸ. ਸੁਖਮਿੰਦਰ ਸਿੰਘ ਐਕਸੀਅਨ, ਸ. ਦਰਸ਼ਨ ਸਿੰਘ ਲੌਂਗੋਵਾਲ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਆਦਿ ਮੌਜੂਦ ਸਨ।