ਸ੍ਰੀ ਨਨਕਾਣਾ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਰਾਜਾ ਮਨਸੂਰ ਅਹਿਮਦ ਦੀ ਅਗਵਾਈ ਵਿਚ ਨਿੱਘਾ ਸਵਾਗਤ

ਵਾਹਗਾ ਸਰਹੱਦ ਵਿਖੇ ਪਾਕਿਸਤਾਨ ਕਮੇਟੀ ਪ੍ਰਧਾਨ ਸ. ਸਤਵੰਤ ਸਿੰਘ ਤੇ ਹੋਰ ਸਿੱਖ ਆਗੂ ਸਵਾਗਤ ਲਈ ਪਹੁੰਚੇ

ਸ੍ਰੀ ਨਨਕਾਣਾ ਸਾਹਿਬ, 30 ਜੁਲਾਈ-
ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਅਗਸਤ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਣ ਵਾਲੇ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਰਵਾਨਾ ਹੋਇਆ ਲਗਭਗ ਪੰਜ ਸੌ ਸਿੱਖ ਸ਼ਰਧਾਲੂਆਂ ਦਾ ਜਥਾ ਬਾਅਦ ਦੁਪਹਿਰ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਪੁੱਜ ਗਿਆ। ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸਿੱਖ ਸ਼ਰਧਾਲੂਆਂ ਦਾ ਸ੍ਰੀ ਨਨਕਾਣਾ ਸਾਹਿਬ ਦੇ ਡਿਪਟੀ ਕਮਿਸ਼ਨਰ ਰਾਜਾ ਮਨਸੂਰ ਅਹਿਮਦ ਸਮੇਤ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਅਟਾਰੀ ਸਰਹੱਦ ਤੋਂ ਪਾਕਿਸਤਾਨ ‘ਚ ਪੈਂਦੇ ਵਾਹਗਾ ਵਿਖੇ ਪਹੁੰਚਣ ‘ਤੇ ਭਾਈ ਲੌਂਗੋਵਾਲ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ, ਸ. ਮਨਜਿੰਦਰ ਸਿੰਘ ਸਿਰਸਾ, ਬਾਬਾ ਬਲਬੀਰ ਸਿੰਘ ਨਿਹੰਗ ਮੁਖੀ, ਸੀਨੀਅਰ ਆਗੂ ਸ. ਦਰਬਾਰਾ ਸਿੰਘ ਗੁਰੂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦਾ ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਸਤਵੰਤ ਸਿੰਘ, ਜਨਰਲ ਸਕੱਤਰ ਸ. ਅਮੀਰ ਸਿੰਘ ਅਤੇ ਹੋਰ ਕਮੇਟੀ ਮੈਂਬਰਾਂ ਨੇ ਜੀ-ਆਇਆਂ ਆਖਦਿਆਂ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ। ਸ੍ਰੀ ਨਨਕਾਣਾ ਸਾਹਿਬ ਵਿਖੇ ਵੀ ਸੰਗਤਾਂ ਦੇ ਸਵਾਗਤ ਲਈ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਇਸੇ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਿੰਘ ਸਾਹਿਬਾਨ ਅਤੇ ਸੰਗਤਾਂ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਥੇ ਸੰਗਤ ਦੀ ਆਮਦ ‘ਤੇ ਸਥਾਨਕ ਸਿੱਖ ਸੰਗਤ ਵੱਲੋਂ ਗੁਰਦੁਆਰੇ ਵਿਚ ਠੰਡੇ ਮਿੱਠੇ ਜਲ ਦੀ ਛਬੀਲ ਲਾਈ ਹੋਈ ਸੀ। ਸ੍ਰੀ ਨਨਕਾਣਾ ਸਾਹਿਬ ਵਿਖੇ ਗੱਲਬਾਤ ਕਰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਇਕ ਇਤਿਹਾਸਕ ਮੌਕਾ ਹੈ, ਜਦੋਂ ਵੱਖ-ਵੱਖ ਸਿੱਖ ਸੰਸਥਾਵਾਂ, ਸਭਾ-ਸੁਸਾਇਟੀਆਂ ਅਤੇ ਸੰਪ੍ਰਦਾਵਾਂ ਦੇ ਨੁਮਾਇੰਦੇ ਸੰਗਤਾਂ ਸਮੇਤ ਸੰਯੁਕਤ ਰੂਪ ਵਿਚ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਪੁੱਜੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਜਾਇਆ ਜਾਣ ਵਾਲਾ ਨਗਰ ਕੀਰਤਨ ਅਟਾਰੀ ਸਰਹੱਦ ਰਾਹੀਂ ਭਾਰਤ ਦਾਖ਼ਲ ਹੋਣ ਮਗਰੋਂ ਪੰਜ ਤਖ਼ਤਾਂ ਦੀ ਯਾਤਰਾ ਕਰਦਿਆਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਪੰਨ ਹੋਵੇਗਾ।