ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ ੩੦ ਮਾਰਚ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ-ਭਾਈ ਲੌਂਗੋਵਾਲ

ਸੈਸ਼ਨ ੨੦੧੯-੨੦ ਲਈ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਵਜੀਫੇ ਦੇਣ ਦੀ ਦਿੱਤੀ ਪ੍ਰਵਾਨਗੀ
ਨਾਮਵਰ ਸਿੱਖ ਇਤਿਹਾਸਕਾਰ ਗਿਆਨੀ ਬਲਵੰਤ ਸਿੰਘ ਕੋਠਾਗੁਰੂ ਦੇ ਅਕਾਲ ਚਲਾਣੇ ‘ਤੇ ਸ਼ੋਕ ਮਤਾ ਪਾਸ


ਚੰਡੀਗੜ੍ਹ, ੮ ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ ੩੦ ਮਾਰਚ ਨੂੰ ਹੋਵੇਗਾ। ਇਹ ਫੈਸਲਾ ਇਥੇ ੨੭ ਸੈਕਟਰ ਵਿਚ ਸਥਿਤ ਕਲਗੀਧਰ ਨਿਵਾਸ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ। ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਸਾਲ ੨੦੧੯-੨੦ ਦਾ ਸਲਾਨਾ ਬਜਟ ਇਜਲਾਸ ੩੦ ਮਾਰਚ ਨੂੰ ਸ਼੍ਰੋਮਣੀ ਕਮੇਟੀ ਦੇ ਸ੍ਰੀ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ ੧:੦੦ ਵਜੇ ਹੋਵੇਗਾ। ਇਕੱਤਰਤਾ ਦੌਰਾਨ ਲਏ ਗਏ ਹੋਰ ਫੈਸਲਿਆਂ ਸਬੰਧੀ ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵਿਦਿਅਕ ਅਦਾਰਿਆਂ ਵਿਚ ਪੜ੍ਹਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸੈਸ਼ਨ ੨੦੧੯-੨੦ ਲਈ ਵਜੀਫੇ ਦੇਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਹ ਵਜੀਫੇ ਉਨ੍ਹਾਂ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ ਜਿਨ੍ਹਾਂ ਦੇ ਮਾਤਾ ਪਿਤਾ ਵੀ ਅੰਮ੍ਰਿਤਧਾਰੀ ਹੋਣੇਗੇ। ਵਜੀਫਾ ਰਾਸ਼ੀ ਛੇਵੀਂ ਤੋਂ ਦੱਸਵੀਂ ਤੀਕ ੩੫੦੦ ਰੁਪਏ, ਗਿਆਰ੍ਹਵੀਂ ਤੋਂ ਬਾਰ੍ਹਵੀਂ ਤੀਕ ੫੦੦੦ ਰੁਪਏ, ਗ੍ਰੈਜੂਏਟ ਲਈ ੮੦੦੦ ਰੁਪਏ ਤੇ ਪੋਸਟ ਗ੍ਰੈਜੂਏਟ ਪੱਧਰ ਲਈ ੧੦੦੦੦ ਰੁਪਏ ਸਾਲਾਨਾ ਰੱਖੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਵੱਖ ਵੱਖ ਖੇਡਾਂ ਵਿਚ ਪ੍ਰਾਪਤੀ ਕਰਨ ਵਾਲੇ ਗੁਰਸਿੱਖ ਖਿਡਾਰੀਆਂ ਨੂੰ ਵਿਸ਼ੇਸ਼ ਸਨਮਾਨ ਵੀ ਦਿੱਤੇ ਜਾਣਗੇ। ਇਸ ਤਹਿਤ ਓਲੰਪਿਕ, ਏਸ਼ੀਅਨ, ਕਾਮਨਵੈਲਥ, ਸੈਫ ਤੇ ਨੈਸ਼ਨਲ ਖੇਡਾਂ ਵਿਚ ਤਗਮੇ ਹਾਸਲ ਕਰਨ ਵਾਲਿਆਂ ਨੂੰ ਵਿਸ਼ੇਸ਼ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਕੱਤਰਤਾ ਦੌਰਾਨ ਪ੍ਰਸਿੱਧ ਸਿੱਖ ਇਤਿਹਾਸਕਾਰ ਗਿਆਨੀ ਬਲਵੰਤ ਸਿੰਘ ਕੋਠਾਗੁਰੂ ਦੇ ਅਕਾਲ ਚਲਾਣੇ ‘ਤੇ ਸ਼ੋਕ ਮਤਾ ਵੀ ਪਾਸ ਕੀਤਾ ਗਿਆ। ਭਾਈ ਲੌਂਗੋਵਾਲ ਨੇ ਕਿਹਾ ਕਿ ਗਿਆਨੀ ਕੋਠਾਗੁਰੂ ਨੇ ਸਿੱਖ ਇਤਿਹਾਸ ਸਬੰਧੀ ਅਨੇਕਾਂ ਮੌਲਿਕ ਖੋਜ ਕਾਰਜ ਕੀਤੇ ਹਨ, ਜੋ ਕੌਮ ਦੇ ਨਵੇਂ ਖੋਜਾਰਥੀਆਂ ਲਈ ਸਦਾ ਅਗਵਾਈ ਕਰਦੇ ਰਹਿਣਗੇ। ਭਾਈ ਲੌਂਗੋਵਾਲ ਨੇ ਦੱਸਿਆ ਕਿ ਅੰਤਿੰ੍ਰਗ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਤਿੰਨ ਪ੍ਰੈੱਸਾਂ ਨੂੰ ਇਕ ਥਾਂ ਕਰਨ ਦੀ ਪ੍ਰਵਾਨਗੀ ਦਿੰਦਿਆਂ ਇਥੇ ਲੋੜ ਅਨੁਸਾਰ ਕਾਗਜ ਅਤੇ ਹੋਰ ਸਮੱਗਰੀ ਲਈ ਇਕ ਕੇਂਦਰੀ ਸਟੋਰ ਸਥਾਪਤ ਕਰਨ ਦਾ ਵੀ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਵੱਲੋਂ ਭੇਟ ਕੀਤੇ ਜਾਂਦੇ ਰਾਸ਼ਨ ਲਈ ਦੋ ਸਟੋਰ ਕਾਇਮ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਰਸਤਿਆਂ ਦੀ ਸਮੱਸਿਆ ਹੋਣ ਕਾਰਨ ਸ਼ਰਧਾਲੂਆਂ ਨੂੰ ਸ੍ਰੀ ਗੁਰੂ ਰਾਮਦਾਸ ਲੰਗਰ ਤੱਕ ਰਸਦਾਂ ਪਹੁੰਚਾਉਣ ਲਈ ਦਿਕਤ ਆ ਰਹੀ ਹੈ, ਜਿਸ ਦੇ ਮੱਦੇਨਜ਼ਰ ਸ੍ਰੀ ਅੰਮ੍ਰਿਤਸਰ ਵਿਖੇ ਸੁਲਤਾਨਵਿੰਡ ਅਤੇ ਮਾਤਾ ਭਾਗ ਕੌਰ ਨਿਵਾਸ ਰਾਮ ਤਲਾਈ ਵਿਖੇ ਇਹ ਸਟੋਰ ਬਣਾਏ ਜਾਣਗੇ। ਇਕੱਤਰਤਾ ਵਿਚ ਜੰਮੂ ਕਸ਼ਮੀਰ ਅੰਦਰ ਪੈਂਦੇ ਤਿੰਨ ਗੁਰਦੁਆਰਿਆਂ ਗੁਰਦੁਆਰਾ ਸਿੰਘ ਸਭਾ ਪੰਗਧੋਰ ਸਾਂਬਾ, ਸ੍ਰੀ ਗੁਰੂ ਸਿੰਘ ਸਭਾ ਖਾਲਸਾ ਕਲੋਨੀ ਕਰਥੋਲੀ ਬੜੀ ਬ੍ਰਾਹਮਣਾਂ ਜੰਮੂ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਗੋਵਾਲੀ ਆਰ.ਐਸ. ਪੁਰਾ ਜੰਮੂ ਦੀਆਂ ਇਮਾਰਤਾਂ ਲਈ ਇਕ-ਇਕ ਲੱਖ ਰੁਪਏ ਦੀ ਸਹਾਇਤਾ ਨੂੰ ਪ੍ਰਵਾਨਗੀ ਦਿੱਤੀ ਗਈ। ਇਸ ਦੌਰਾਨ ਵੱਖ ਵੱਖ ਗੁਰਦੁਆਰਾ ਸਾਹਿਬਾਨ, ਅਮਲਾ ਅਤੇ ਟਰੱਸਟ ਵਿਭਾਗ ਦੇ ਮਾਮਲੇ ਵ ਵਿਚਾਰੇ ਗਏ।

ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਿੱਕਰ ਸਿੰਘ ਚੰਨੂ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰਾਨ ਭਾਈ ਮਨਜੀਤ ਸਿੰਘ, ਸ. ਅਮਰੀਕ ਸਿੰਘ ਕੋਟ ਸ਼ਮੀਰ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਭੁਪਿੰਦਰ ਸਿੰਘ ਭਲਵਾਨ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਤਾਰਾ ਸਿੰਘ ਸੱਲਾ, ਸ. ਸ਼ਿੰਗਾਰਾ ਸਿੰਘ ਲੋਹੀਆਂ, ਸ. ਜਗਜੀਤ ਸਿੰਘ ਤਲਵੰਡੀ, ਬੀਬੀ ਜਸਬੀਰ ਕੌਰ ਜੱਫਰਵਾਲ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਕੇਵਲ ਸਿੰਘ ਗਿੱਲ, ਸ. ਮਹਿੰਦਰ ਸਿੰਘ ਆਹਲੀ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ. ਏ. ਆਦਿ ਮੌਜੂਦ ਸਨ।