ਅੰਮ੍ਰਿਤਸਰ, 2 ਮਾਰਚ – ਹਿਮਾਚਲ ਦੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੀ ਇਕੱਤਰਤਾ ਅੱਜ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਕਲਗੀਧਰ ਨਿਵਾਸ ਸੈਕਟਰ 27-ਬੀ, ਚੰਡੀਗੜ੍ਹ ਵਿਖੇ ਹੋਈ। ਇਕੱਤਰਤਾ ਦੌਰਾਨ ਸ. ਹਰਭਜਨ ਸਿੰਘ ਮੀਤ ਪ੍ਰਧਾਨ, ਸ. ਰਜਿੰਦਰ ਸਿੰਘ ਜਨਰਲ ਸਕੱਤਰ, ਸ. ਹਰਜਿੰਦਰ ਸਿੰਘ ਧਾਮੀ ਐਡਵੋਕੇਟ, ਬਾਬਾ ਨਾਗਰ ਸਿੰਘ, ਸ. ਹਰਭਜਨ ਸਿੰਘ ਮੈਂਬਰ, ਸ. ਜੋਰਾ ਸਿੰਘ ਮੈਂਬਰ, ਸ. ਹਰਪ੍ਰੀਤ ਸਿੰਘ ਮੈਂਬਰ ਆਦਿ ਨੇ ਸ਼ਮੂਲੀਅਤ ਕੀਤੀ। ਇਸ ਇਕੱਤਰਤਾ ਵਿਚ ਹਿਮਾਚਲ ਦੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਸਬੰਧੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਵੰਬਰ 2019 ਵਿਚ 550 ਸਾਲਾ ਪ੍ਰਕਾਸ਼ ਗੁਰਪੁਰਬ ਸਬੰਧੀ ਵਿਚਾਰਾਂ ਕੀਤੀਆਂ ਗਈਆਂ।

ਇਸ ਮੌਕੇ ਸ. ਕੁਲਵੰਤ ਸਿੰਘ ਚੌਧਰੀ ਮੈਨੇਜਰ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੇ ਘਰੇਲੂ ਮਜ਼ਬੂਰੀਆਂ ਅਤੇ ਵਡੇਰੀ ਉਮਰ ਦਾ ਹਵਾਲਾ ਦਿੰਦਿਆਂ ਆਪਣਾ ਅਸਤੀਫ਼ਾ ਪ੍ਰਬੰਧਕ ਕਮੇਟੀ ਨੂੰ ਸੌਂਪਿਆ, ਜਿਸ ਨੂੰ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ ਅਤੇ ਸ. ਜਗੀਰ ਸਿੰਘ ਨੂੰ ਮੈਨੇਜਰ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨਿਯੁਕਤ ਕਰ ਲਿਆ ਗਿਆ। ਪ੍ਰਬੰਧਕ ਕਮੇਟੀ ਨੇ ਇਕ ਮਤਾ ਪਾਸ ਕਰਕੇ ਸ. ਕੁਲਵੰਤ ਸਿੰਘ ਚੌਧਰੀ ਦੀਆਂ ਲੰੰਮੇ ਸਮੇਂ ਤੀਕ ਨਿਭਾਈਆਂ ਵਧੀਆ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਨਿਹੰਗ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਉਨ੍ਹਾਂ ਨੂੰ ਸਿਰੋਪਾਓ ਅਤੇ ਸਿਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ. ਆਦਿ ਵੀ ਮੌਜੂਦ ਸਨ।