ਦੂਸ਼ਿਤ ਹੋ ਰਹੇ ਵਾਤਾਵਰਣ, ਪਾਣੀ ਤੇ ਹਵਾ ਨੂੰ ਬਚਾਉਣ ਲਈ ਕਿਸਾਨ ਕੁਦਰਤੀ ਖੇਤੀ ਅਪਣਾਉਣ –ਭਾਈ ਲੌਂਗੋਵਾਲ

ਸੀਬੀਐਸਈ ਵੱਲੋਂ ਦਸਵੀਂ ਦੀ ਪ੍ਰੀਖਿਆ ‘ਚ ਤੀਸਰੇ ਸਥਾਨ ‘ਤੇ ਆਈ ਤਰਨਪ੍ਰੀਤ ਕੌਰ ਨੂੰ ਸਨਮਾਨਿਤ ਕਰਨ ਦਾ ਫੈਸਲਾ

6 ਜੂਨ ਨੂੰ ਘੱਲੂਘਾਰਾ ਦਿਵਸ ਮੌਕੇ ਅਮਨ ਸ਼ਾਂਤੀ ਨਾਲ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ ਜਾਵੇ

ਸ੍ਰੀ ਅਨੰਦਪੁਰ ਸਾਹਿਬ, 2 ਜੂਨ –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਇਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਇਕੱਤਰਤਾ ਦੌਰਾਨ ਜਿਥੇ ਕੇਂਦਰ ਸਰਕਾਰ ਵੱਲੋਂ ਗੁਰੂ ਘਰਾਂ ਦੇ ਲੰਗਰਾਂ ਤੋਂ ਜੀਐਸਟੀ ਵਾਪਸ ਕਰਨ ਦੇ ਫੈਸਲੇ ਲਈ ਸ਼ਲਾਘਾ ਦਾ ਮਤਾ ਪਾਸ ਕੀਤਾ ਗਿਆ, ਉਥੇ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿੱਢੇ ਗਏ ਦੇਸ਼ ਪੱਧਰੀ ਸੰਘਰਸ਼ ਦੀ ਹਮਾਇਤ ਕਰਦਿਆਂ ਸਰਕਾਰ ਨੂੰ ਮੰਗਾਂ ਮੰਨਣ ਦੀ ਅਪੀਲ ਕੀਤੀ ਗਈ। ਦੂਸਰੇ ਪਾਸੇ ਦਿਨੋਂ ਦਿਨ ਦੂਸ਼ਿਤ ਹੋ ਰਹੇ ਵਾਤਾਵਰਨ, ਪਾਣੀ ਅਤੇ ਹਵਾ ਨੂੰ ਬਚਾਉਣ ਲਈ ਵੀ ਕਿਸਾਨਾਂ ਨੂੰ ਕੁਦਰਤੀ ਖੇਤੀ ਅਪਨਾਉਣ ਦਾ ਸੱਦਾ ਦਿੱਤਾ ਗਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਬੀਤੇ ਦਿਨੀਂ ਸ਼ਿਲਾਂਗ ਵਿਚ ਸਥਾਨਕ ਲੋਕਾਂ ਦੀ ਹਿੰਸਕ ਭੀੜ ਵਲੋਂ ਇਕ ਸਿੱਖ ਦੇ ਘਰ ਉੱਤੇ ਹਮਲਾ ਕਰਕੇ ਅੱਗ ਲਗਾ ਦੇਣ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਉਥੋਂ ਦੀ ਸਰਕਾਰ ਕੋਲੋਂ ਦੋਸ਼ੀਆਂ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਮੰਗ ਕਰਦਿਆਂ ਅਗਲੇ ਦਿਨੀਂ ਇਕ ਵਫਦ ਸਿਲਾਂਗ ਭੇਜਣ ਦਾ ਫ਼ੈਸਲਾ ਕੀਤਾ ਗਿਆ।
ਇਕੱਤਰਤਾ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੀਟਿੰਗ ਵਿਚ ਲਏ ਗਏ ਅਹਿਮ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਬੀਐਸਈ ਵਲੋਂ ਲਈ ਗਈ ਦਸਵੀਂ ਦੀ ਪ੍ਰੀਖਿਆ ਵਿਚੋਂ ਦੇਸ਼ ਭਰ ਵਿਚੋਂ ਤੀਜਾ ਅਤੇ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਗੁਰਸਿੱਖ ਲੜਕੀ ਤਰਨਪ੍ਰੀਤ ਕੌਰ ਦੀ ਹੌਂਸਲਾ ਅਫ਼ਜ਼ਾਈ ਲਈ ਉਸ ਨੂੰ ਸ਼੍ਰੋਮਣੀ ਕਮੇਟੀ ਵਲੋਂ ੫੧ ਹਜ਼ਾਰ ਰੁਪਏ ਅਤੇ ਲੈਪਟਾਪ ਦੇ ਕੇ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।ਭਾਈ ਲੌਂਗੋਵਾਲ ਨੇ ਦੱਸਿਆ ਕਿ ਸਿੱਖ ਰੈਫ਼ਰੈਂਸ ਲਾਇਬਰੇਰੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਚਲਾਏ ਜਾ ਰਹੇ ਡਿਜੀਟਾਈਜੇਸ਼ਨ ਪ੍ਰੋਜੈਕਟ ਤਹਿਤ ਉੱਘੇ ਇਤਿਹਾਸਕਾਰ ਸ. ਹਰਵਿੰਦਰ ਸਿੰਘ ਖ਼ਾਲਸਾ ਦੀ ਨਿੱਜੀ ਲਾਇਬਰੇਰੀ ਵਿਚ ਮੌਜੂਦ ਦੁਰਲੱਭ ਅਤੇ ਬੇਸ਼ਕੀਮਤੀ ਇਤਿਹਾਸਕ ਦਸਤਾਵੇਜ਼ਾਂ ਨੂੰ ਕੰਪਿਊਟ੍ਰਾਈਜ਼ਡ ਕਰਕੇ ਸੰਭਾਲਿਆ ਜਾਵੇਗਾ ਜਿਸ ਨਾਲ ਇਤਿਹਾਸ ਦੇ ਖੋਜਾਰਥੀਆਂ ਨੂੰ ਸਹੂਲੀਅਤ ਮਿਲੇਗੀ।ਭਾਈ ਲੌਂਗੋਵਾਲ ਨੇ ਸਿੱਖ ਜਗਤ ਨੂੰ ਇਹ ਅਪੀਲ ਵੀ ਕੀਤੀ ਕਿ ਜਿਨ੍ਹਾਂ ਕੋਲ ਸਿੱਖ ਇਤਿਹਾਸ ਨਾਲ ਸਬੰਧਤ ਪੁਰਾਤਨ ਦੁਰਲੱਭ ਖਰੜੇ ਅਤੇ ਦਸਤਾਵੇਜ਼ ਹੋਣ, ਉਹ ਵੀ ਸ਼੍ਰੋਮਣੀ ਕਮੇਟੀ ਨਾਲ ਸੰਪਰਕ ਕਰਨ ਤਾਂ ਜੋ ਉਨ੍ਹਾਂ ਕੋਲ ਪਏ ਦੁਰਲੱਭ ਖਜ਼ਾਨੇ ਨੂੰ ਵੀ ਡਿਜ਼ੀਟਲ ਰੂਪ ਵਿਚ ਸੰਭਾਲਿਆ ਜਾ ਸਕੇ।
ਹੋਰ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਭਾਈ ਲੌਂਗੋਵਾਲ ਨੇ ਦੱਸਿਆ ਕਿ ਮਈ ੨੦੧੬ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਜਾ ਰਹੇ ਬਟਾਲਾ ਨੇੜਲੇ ਪਿੰਡ ਨੱਤ, ਅੰਮੋਨੰਗਲ ਅਤੇ ਸੇਖਵਾਂ ਦੇ ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ ੧੧ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ ੫੦, ੫੦ ਹਜ਼ਾਰ ਰੁਪਏ ਜ਼ਖ਼ਮੀਆਂ ਨੂੰ ੨੦, ੨੦ ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਇਕ ਹੋਰ ਅਹਿਮ ਫ਼ੈਸਲੇ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸਕੂਲਾਂ, ਕਾਲਜਾਂ ਦੀਆਂ ਜ਼ਮੀਨਾਂ ਬਾਰੇ ਇਕ ਸਬ ਕਮੇਟੀ ਬਣਾਈ ਗਈ ਹੈ, ਤਾਂ ਜੋ ਇਨ੍ਹਾਂ ਵਿਦਿਅਕ ਸੰਸਥਾਵਾਂ ਕੋਲ ਲੋੜ ਤੋਂ ਵੱਧ ਜ਼ਮੀਨਾਂ ਦੀ ਨਿਸ਼ਾਨਦੇਹੀ ਕੀਤੀ ਜਾ ਸਕੇ ਅਤੇ ਵਾਧੂ ਜ਼ਮੀਨਾਂ ਨੂੰ ਗੁਰਦੁਆਰਿਆਂ ਦੇ ਕਾਰਜਾਂ ਲਈ ਵਰਤਿਆ ਜਾ ਸਕੇ।ਇਸ ਦੌਰਾਨ ਇਕ ਹੋਰ ਫ਼ੈਸਲੇ ਵਿਚ ਦੇਸ਼ ਦੀ ਆਜ਼ਾਦੀ ਵਿਚ ਗੌਰਵਮਈ ਹਿੱਸਾ ਪਾਉਣ ਵਾਲੇ ਝਬਾਲ ਵਾਸੀ ਸ. ਅਮਰ ਸਿੰਘ, ਸ. ਸਨਮੁਖ ਸਿੰਘ ਅਤੇ ਸ. ਜਸਵੰਤ ਸਿੰਘ ਦੇ ਨਾਂਅ ਤੇ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਝਬਾਲ ਵਿਖੇ ਕਬੱਡੀ ਅਕੈਡਮੀ ਸਥਾਪਤ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸੇ ਤਰ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਵੱਖ ਵੱਖ ਸਰਾਂਵਾਂ ਤੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੀਕ ਈ-ਰਿਕਸ਼ਾ ਚਲਾਉਣ ਦਾ ਫੈਸਲਾ ਕੀਤਾ ਗਿਆ। ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਦੇ ਸਰੋਵਰ ਦੀ ਕਾਰ ਸੇਵਾ ਕਰਵਾਉਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ।
ਭਾਈ ਲੌਂਗੋਵਾਲ ਨੇ ੬ ਜੂਨ ਨੂੰ ਘੱਲੂਘਾਰਾ ਦਿਵਸ ਸਬੰਧੀ ਸਿੱਖ ਕੌਮ ਦੇ ਨਾਂਅ ਅਪੀਲ ਕਰਦਿਆਂ ਆਖਿਆ ਕਿ ਧੜ੍ਹੇਬੰਦੀਆਂ ਤੋਂ ਉਪਰ ਉਠ ਕੇ ਏਕਤਾ ਦਾ ਸਬੂਤ ਦਿੱਤਾ ਜਾਵੇ ਅਤੇ ੪ ਜੂਨ ਨੂੰ ਵੱਖ ਵੱਖ ਗੁਰਦੁਆਰਿਆਂ ਵਿਚ ਸੰਗਤਾਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣ ਅਤੇ ੬ ਜੂਨ ਨੂੰ ਸ਼ਹੀਦਾਂ ਨੂੰ ਸਮਰਪਿਤ ਅਰਦਾਸ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਘੱਲੂਘਾਰਾ ਦਿਵਸ ਸਿੱਖ ਪੰਥ ਦਾ ਇਕ ਸੰਵੇਦਨਸ਼ੀਲ ਅਤੇ ਭਾਵਨਾਤਮਕ ਦਿਹਾੜਾ ਹੈ ਅਤੇ ਇਸ ਦੀ ਭਾਵਨਾਂ ਨੂੰ ਸਮਝਦਿਆਂ ਅਮਨ ਸ਼ਾਂਤੀ ਨਾਲ ਸ਼ਹੀਦਾਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਦੀ ਇਕੱਤਰਤਾ ਦੌਰਾਨ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ ਮੂਲ ਮੰਤਰ ਦੇ ਪਾਠ ਕਰ ਕੇ ਸ਼ਰਧਾਂਜਲੀ ਦਿੱਤੀ ਗਈ ਹੈ।
ਇਸੇ ਦੌਰਾਨ ਪੱਤਰਕਾਰਾਂ ਦੇ ਇਕ ਸਵਾਲ ਦੇ ਜਵਾਬ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰੇ ਅਤੇ ਹੋਰ ਅਦਾਰਿਆਂ ਵਿਚ ਕੰਮ ਕਰਦੇ ਮੁਲਾਜ਼ਮਾਂ ਵਿਚ ਭ੍ਰਿਸ਼ਟਾਚਾਰ, ਅਨੈਤਿਕਤਾ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਕਿਸੇ ਵੀ ਮਾਮਲੇ ਦਾ ਪਤਾ ਲੱਗਣ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਇਕ ਸਾਬਕਾ ਮੈਨੇਜਰ ਸ. ਰਣਜੀਤ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਦੀਆਂ ਖ਼ਬਰਾਂ ਸਾਹਮਣੇ ਆਉਣ ਉੱਤੇ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਸ ਖ਼ਿਲਾਫ਼ ਲੱਗੇ ਦੋਸ਼ਾਂ ਦੀ ਵਿਭਾਗੀ ਜਾਂਚ ਹੋਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਸੰਗਤੀ ਅਦਾਰਾ ਹੈ ਅਤੇ ਇਸ ਵਿਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ।
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰਾਨ ਸ. ਭਗਵੰਤ ਸਿੰਘ ਸਿਆਲਕਾ, ਸ. ਲਖਬੀਰ ਸਿੰਘ ਅਰਾਈਆਂਵਾਲਾ, ਸ. ਗੁਰਤੇਜ ਸਿੰਘ ਢੱਡੇ, ਸ. ਨਵਤੇਜ ਸਿੰਘ ਕਾਉਣੀ, ਸ. ਹਰਦੇਵ ਸਿੰਘ ਰੋਗਲਾ, ਸ. ਸੱਜਣ ਸਿੰਘ ਬੱਜੂਮਾਨ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਬੀਬੀ ਗੁਰਪ੍ਰੀਤ ਕੌਰ, ਸ. ਗੁਰਮੀਤ ਸਿੰਘ ਬੂਹ, ਸ. ਰਵਿੰਦਰ ਸਿੰਘ ਚੱਕ ਤੇ ਸ. ਅਮਰੀਕ ਸਿੰਘ ਸ਼ਾਹਪੁਰ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਕੇਵਲ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਸ. ਪਰਮਜੀਤ ਸਿੰਘ ਸਰੋਆ, ਸ. ਦਰਸ਼ਨ ਸਿੰਘ ਪੀ.ਏ., ਸ. ਸੁਖਮਿੰਦਰ ਸਿੰਘ ਐਕਸੀਅਨ, ਸ. ਜਸਬੀਰ ਸਿੰਘ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਹੋਰ ਹਾਜ਼ਰ ਸਨ।