ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸੀ.ਬੀ.ਆਈ. ਕਲੋਜ਼ਰ ਰਿਪੋਰਟ ਰੱਦ
ਸੁਲਤਾਨਪੁਰ ਲੋਧੀ ਵਿਖੇ ੫੫੦ ਰਿਵਾਇਤੀ ਬੂਟਿਆਂ ਦਾ ਬਾਗ ਸਥਾਪਤ ਹੋਵੇਗਾ-ਭਾਈ ਲੌਂਗੋਵਾਲ
ਚਾਰਟਡ ਜਹਾਜ਼ ਰਾਹੀਂ ਵਿਦੇਸ਼ਾਂ ਵਿਚ ਮਰਯਾਦਾ ਅਨੁਸਾਰ ਭੇਜੇ ਜਾਣਗੇ ਪਾਵਨ ਸਰੂਪ
ਸ੍ਰੀ ਨਨਕਾਣਾ ਸਾਹਿਬ ਤੋਂ ੨੫ ਜੁਲਾਈ ਨੂੰ ਸਜਾਇਆ ਜਾਣ ਵਾਲਾ ਨਗਰ ਕੀਰਤਨ ਹੁਣ ੧ ਅਗਸਤ ਨੂੰ ਆਰੰਭ ਹੋਵੇਗਾ

ਸੁਲਤਾਨਪੁਰ ਲੋਧੀ, ੧੭ ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਵਿਚ ਸੀ.ਬੀ.ਆਈ ਵੱਲੋਂ ਦਿੱਤੀ ਗਈ ਕਲੋਜ਼ਰ ਰਿਪੋਰਟ ਨੂੰ ਰੱਦ ਕਰ ਦਿੱਤਾ ਹੈ। ਇਹ ਫੈਸਲਾ ਇਥੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੇ ਇਕੱਤਰਤਾ ਦੌਰਾਨ ਲਿਆ ਗਿਆ। ਇਕੱਤਰਤਾ ਦੌਰਾਨ ਸੀ.ਬੀ.ਆਈ. ਦੀ ਰਿਪੋਰਟ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਮਾਹਿਰਾਂ ਦੀ ਰਾਇ ਨਾਲ ਅਗਲੀ ਕਾਰਵਾਈ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੀ ਸ਼ੁਰੂ ਤੋਂ ਮੰਗ ਕਰਦੀ ਰਹੀ ਹੈ ਅਤੇ ਇਸ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਰਿਆਇਤੀ ਰਿਪੋਰਟ ਪ੍ਰਵਾਨ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਸੀ.ਬੀ.ਆਈ. ਰਿਪੋਰਟ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇਸ਼ ਦੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰੇਗੀ ਅਤੇ ਕਾਨੂੰਨੀ ਮਾਹਿਰਾਂ ਦੀ ਰਾਇ ਲੈ ਕੇ ਅਗਲੀ ਕਾਰਵਾਈ ਵੀ ਕੀਤੀ ਜਾਵੇਗੀ। ਉਨ੍ਹਾਂ ਅੰਤ੍ਰਿੰਗ ਕਮੇਟੀ ਵਿਚ ਲਏ ਗਏ ਹੋਰ ਫੈਸਲਿਆਂ ਬਾਰੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਇਕ ਬਾਗ ਲਗਾਇਆ ਜਾਵੇਗਾ, ਜੋ ਆਪਣੇ ਆਪ ਵਿਚ ਇਤਿਹਾਸਕ ਹੋਵੇਗਾ। ਇਸ ਬਾਗ ਵਿਚ ਬਾਗਬਾਨੀ ਮਾਹਿਰਾਂ ਦੀ ਰਾਇ ਅਨੁਸਾਰ ਵੱਖ-ਵੱਖ ਤਰ੍ਹਾਂ ਦੇ ੫੫੦ ਰਵਾਇਤੀ ਕਿਸਮ ਦੇ ਬੂਟੇ ਲਗਾਏ ਜਾਣਗੇ। ਇਸ ਵਿਚ ਕੈਨੇਡਾ ਦੀ ਸੰਗਤ ਤੇ ਪ੍ਰੇਮੀਆਂ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਬਾਣੀ ਅੰਦਰ ਵਾਤਾਵਰਨ ਸਬੰਧੀ ਪ੍ਰੇਰਣਾ ਦਿੱਤੀ ਹੈ ਅਤੇ ਇਸ ਮੰਤਵ ਨਾਲ ਹੀ ਬਾਗ ਦੀ ਸਥਾਪਨਾ ਕੀਤੀ ਜਾਵੇਗੀ। ਭਾਈ ਲੌਂਗੋਵਾਲ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਵਿਦੇਸ਼ਾਂ ਵਿਚ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਾਵਨ ਸਰੂਪ ਭੇਜਣ ਨੂੰ ਵੀ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ ਦੀਆਂ ਸੰਗਤਾਂ ਦੀ ਮੰਗ ਅਨੁਸਾਰ ਪਾਵਨ ਸਰੂਪ ਭੇਜੇ ਜਾਣਗੇ ਅਤੇ ਇਸ ਕਾਰਜ ਲਈ ਵਿਸ਼ੇਸ਼ ਚਾਰਟਰ ਜਹਾਜ਼ ਦੀ ਵਰਤੋਂ ਕੀਤੀ ਜਾਵੇਗੀ। ਭਾਈ ਲੌਂਗੋਵਾਲ ਨੇ ਕਿਹਾ ਕਿ ਪਾਵਨ ਸਰੂਪ ਵਿਦੇਸ਼ ਭੇਜਣ ਸਮੇਂ ਮਰਯਾਦਾ ਦਾ ਪੂਰਨ ਖਿਆਲ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ੫੫੦ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੰਗਤ ਦੀ ਵਧਦੀ ਆਮਦ ਕਰਕੇ ਇਥੇ ਲੰਗਰ ਵਿਚ ਪ੍ਰਸ਼ਾਦੇ ਤਿਆਰ ਕਰਨ ਵਾਲੀ ਮਸ਼ੀਨ ਲਗਾਈ ਜਾਵੇਗੀ। ਇਸ ਤੋਂ ਇਲਾਵਾ ਸੁਲਤਾਨਪੁਰ ਲੋਧੀ ਗੁਰਦੁਆਰਾ ਸਾਹਿਬ ਦਾ ਇਤਿਹਾਸ ਆਧੁਨਿਕ ਢੰਗ ਨਾਲ ਤਿਆਰ ਕੀਤੇ ਬਰੋਡਾਂ ਉਪਰ ਪ੍ਰਸਤੁਤ ਕੀਤਾ ਜਾਵੇਗਾ।
ਭਾਈ ਲੌਂਗੋਵਾਲ ਨੇ ਇਹ ਵੀ ਦੱਸਿਆ ਕਿ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ੨੫ ਜੁਲਾਈ ਨੂੰ ਸਜਾਇਆ ਜਾਣ ਵਾਲਾ ਨਗਰ ਕੀਰਤਨ ਹੁਣ ੧ ਅਗਸਤ ਨੂੰ ਆਰੰਭ ਹੋਵੇਗਾ। ਇਹ ਤਬਦੀਲੀ ਮੌਸਮ ਦੇ ਮੱਦੇਨਜ਼ਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਸਬੰਧਤਾਂ ਨੂੰ ਭਲਕੇ ਪੱਤਰਕਾਵਾਂ ਲਿਖੀਆਂ ਜਾਣਗੀਆਂ। ਅੰਤਿੰ੍ਰਗ ਕਮੇਟੀ ਦੇ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਸਾ ਨਿਵਾਸੀ ਗੁਰਸਿੱਖ ਨੌਜੁਆਨ ਪ੍ਰਦੀਪਇੰਦਰ ਸਿੰਘ ਜੋ ਤਾਇਕੋਵਾਂਡੋ ਦਾ ਖਿਡਾਰੀ ਨੂੰ ੫੦ ਹਜ਼ਾਰ ਰੁਪਏ ਹੌਸਲਾ ਅਫਜਾਈ ਵਜੋਂ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਬਰਗਾੜੀ ਵਿਖੇ ਰੋਸ ਧਰਨੇ ਦੌਰਾਨ ਪੁਲਿਸ ਦੀ ਕੁਟਮਾਰ ਕਾਰਨ ਇਕ ਅੱਖ ਗਵਾ ਲੈਣ ਵਾਲੇ ਸ. ਹਰਭਜਨ ਸਿੰਘ ਵਾਸੀ ਸਮਾਣਾ ਨੂੰ ੧ ਲੱਖ ਰੁਪਏ ਦੇਣ ਦਾ ਵੀ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਹੋਰ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਚਿੱਤਰਕਾਰੀ ਦੀ ਸੇਵਾ ਕਰਨ ਵਾਲੇ ਸਵਰਗਵਾਸੀ ਚਿੱਤਰਕਾਰ ਜੀ.ਐਸ. ਸੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ। ਇਸ ਤੋਂ ਇਲਾਵਾ ਇਕੱਤਰਤਾ ਦੌਰਾਨ ਜੰਮੂ ਕਸ਼ਮੀਰ ਦੇ ਲਖਨਪੁਰ ਵਿਖੇ ਸਥਿਤ ਗੁਰੂ ਨਾਨਕ ਮਿਸ਼ਨ ਵਿਖੇ ਗੁਰਦੁਆਰਾ ਸਾਹਿਬ ਦੀ ਖੂਬਸੂਰਤ ਇਮਾਰਤ ਤਿਆਰ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਇਕੱਤਰਤਾ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਲਖਬੀਰ ਸਿੰਘ ਅਰਾਈਆਂਵਾਲਾ ਤੇ ਕੈਪਟਨ ਅਵਤਾਰ ਸਿੰਘ ਦੇ ਅਕਾਲ ਚਲਾਣੇ ਦੇ ਸ਼ੋਕ ਮਤੇ ਪੜ੍ਹੇ ਗਏ ਅਤੇ ਉਨ੍ਹਾਂ ਨਮਿਤ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਵੀ ਕੀਤੇ ਗਏ।
ਇਕੱਤਰਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਿੱਕਰ ਸਿੰਘ ਚੰਨੂ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰਾਨ ਭਾਈ ਮਨਜੀਤ ਸਿੰਘ, ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਸ਼ਿੰਗਾਰਾ ਸਿੰਘ ਲੋਹੀਆਂ, ਸ. ਭੁਪਿੰਦਰ ਸਿੰਘ ਭਲਵਾਨ, ਸ. ਅਮਰੀਕ ਸਿੰਘ ਵਿਛੋਆ, ਸ. ਜਗਜੀਤ ਸਿੰਘ ਤਲਵੰਡੀ, ਬੀਬੀ ਜਸਬੀਰ ਸਿੰਘ ਜੱਫਰਵਾਲ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਮਹਿੰਦਰ ਸਿੰਘ ਆਹਲੀ, ਸ. ਅਵਤਾਰ ਸਿੰਘ ਸੈਂਪਲਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਸਰਜਬੀਤ ਸਿੰਘ ਧੂੰਦਾ ਸਮੇਤ ਹੋਰ ਮੌਜੂਦ ਸਨ।

੫੫੦ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤ ਲਈ ਸ਼੍ਰੋਮਣੀ ਕਮੇਟੀ ਕਰੇਗੀ ਵਿਸ਼ੇਸ਼ ਪ੍ਰਬੰਧ

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ਤਾਬਦੀ ਸਬੰਧੀ ਸਮਾਗਮਾਂ ਨੂੰ ਲੈ ਕੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਸਮਾਗਮਾਂ ਦੀ ਰੂਪ-ਰੇਖਾ, ਰਿਹਾਇਸ਼ ਅਤੇ ਪਾਰਕਿੰਗ ਆਦਿ ਦੇ ਪ੍ਰਬੰਧਾਂ ਬਾਰੇ ਚਰਚਾ ਕੀਤੀ। ਭਾਈ ਲੌਂਗੋਵਾਲ ਅਨੁਸਾਰ ੫੫੦ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਾਲ ਪ੍ਰਬੰਧ ਕੀਤੇ ਜਾਣਗੇ। ਇਸ ਸਬੰਧੀ ਸੰਗਤ ਦੀ ਰਿਹਾਇਸ਼ ਨੂੰ ਲੈ ਕੇ ਸਕੂਲਾਂ/ਕਾਲਜਾਂ, ਪੈਲਸਾਂ ਨਾਲ ਸੰਪਰਕ ਕੀਤਾ ਜਾ ਚੁੱਕਾ ਹੈ। ਇਸੇ ਤਰ੍ਹਾਂ ਸੁਲਤਾਨਪੁਰ ਲੋਧੀ ਅਤੇ ਨਾਲ ਲਗਦੇ ਨਗਰਾਂ ਅਤੇ ਪਿੰਡਾਂ ਦੀਆਂ ਸੰਗਤਾਂ ਨੂੰ ਘਰਾਂ ਅੰਦਰ ਸੰਗਤ ਦੇ ਠਹਿਰਾਉਂ ਲਈ ਪ੍ਰੇਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਪੱਧਰ ‘ਤੇ ਇਸ ਇਤਿਹਾਸਕ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਯਤਨਸ਼ੀਲ ਹੈ।