ਅੰਮ੍ਰਿਤਸਰ ੦੨ ਜੁਲਾਈ- ਅਫ਼ਗਾਨਿਸਤਾਨ ਦੇ ਸ਼ਹਿਰ ਜਲਾਲਾਬਾਦ ਵਿਖੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਲਈ ਜਾ ਰਹੇ ਕਾਫ਼ਲੇ ‘ਤੇ ਅੱਤਵਾਦੀਆਂ ਵੱਲੋਂ ਕੀਤੇ ਗਏ ਆਤਮਘਾਤੀ ਹਮਲੇ ਦੌਰਾਨ ੨੦ ਵਿਅਕਤੀਆਂ ਨੂੰ ਜਾਨੋ ਮਾਰ ਦੇਣ ਜਿਨ੍ਹਾਂ ਵਿੱਚੋਂ ਬਹੁਤੇ ਸਿੱਖ ਸਨ ਅਤੇ ਕਈਆਂ ਨੂੰ ਜ਼ਖ਼ਮੀ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਇਸ ਹਮਲੇ ਨੂੰ ਅਫਗਾਨਿਸਤਾਨ ਸਰਕਾਰ ਦੀ ਨਾਕਾਮੀ ਕਰਾਰ ਦਿੰਦਿਆਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਉਥੇ ਸਿੱਖਾਂ ਦੀ ਸੁਰੱਖਿਆ ਨਹੀਂ ਕੀਤੀ ਜਾ ਰਹੀ। ਭਾਈ ਲੌਂਗੋਵਾਲ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਸਿੱਖ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮੇਂ ਤੋਂ ਵੱਸਦੇ ਆ ਰਹੇ ਹਨ ਅਤੇ ਉਥੋਂ ਦੀ ਤਰੱਕੀ ਤੇ ਖ਼ੁਸ਼ਹਾਲੀ ਵਿਚ ਸਿੱਖਾਂ ਦਾ ਵੱਡਾ ਯੋਗਦਾਨ ਰਿਹਾ ਹੈ। ਪਰੰਤੂ ਲੰਮੇ ਸਮੇਂ ਤੋਂ ਅਫ਼ਗਾਨਿਸਤਾਨ ਅੰਦਰ ਸਿੱਖਾਂ ਵਿਚ ਅਸੁਰੱਖਿਆ ਦੀ ਭਾਵਨਾ ਬਣੀ ਰਹੀ ਹੈ ਅਤੇ ਇਸੇ ਕਰਕੇ ਹੀ ਅੱਜ ਉਥੇ ਬਹੁਤ ਘੱਟ ਗਿਣਤੀ ਵਿਚ ਸਿੱਖ ਵੱਸੋਂ ਰਹਿ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਫਗਾਨਿਸਤਾਨ ਦੀ ਘਟਨਾ ਨੂੰ ਮਨੁੱਖਤਾ ਤੋਂ ਗਿਰੀ ਹੋਈ ਹਰਕਤ ਦੱਸਿਆ। ਉਨ੍ਹਾਂ ਕਿਹਾ ਕਿ ਇਸ ਹਮਲੇ ਦੌਰਾਨ ਸਿੱਖ ਆਗੂ ਸ. ਅਵਤਾਰ ਸਿੰਘ ਖ਼ਾਲਸਾ ਨੂੰ ਮਾਰ ਦੇਣ ਤੋਂ ਸਪੱਸ਼ਟ ਹੈ ਕਿ ਇਹ ਹਮਲਾ ਜਾਣਬੁਝ ਕੇ ਗਿਣੀ-ਮਿਥੀ ਸਾਜ਼ਿਸ਼ ਤਹਿਤ ਕੀਤਾ ਗਿਆ ਹੈ ਕਿਉਂਕਿ ਸ. ਅਵਤਾਰ ਸਿੰਘ ਖ਼ਾਲਸਾ ਅਕਤੂਬਰ ਵਿਚ ਹੋਣ ਵਾਲੀਆਂ ਸੰਸਦੀ ਚੋਣਾਂ ਲੜਨ ਜਾ ਰਹੇ ਸਨ। ਉਨ੍ਹਾਂ ਇਸ ਹਮਲੇ ਦੌਰਾਨ ਚਲਾਣਾ ਕਰ ਗਏ ਸਿੱਖਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਔਖੀ ਘੜ੍ਹੀ ਵਿਚ ਉਨ੍ਹਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਕਰੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਉਹ ਅੱਜ ਹੀ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਮਿਲਣਗੇ ਅਤੇ ਅਫ਼ਗਾਨਿਸਤਾਨ ‘ਚ ਵੱਸਦੇ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਕਹਿਣਗੇ।

ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਮੁਲਾਜਮਾਂ ਨੇ ਕੀਤੀ ਸ਼ੋਕ ਇਕੱਤਰਤਾ
ਸ਼੍ਰੋਮਣੀ ਕਮੇਟੀ ਦੇ ਸਮੁੱਚੇ ਅਦਾਰੇ ਕੀਤੇ ਬੰਦ, ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਵੀ ਮੁਲਤਵੀ

ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਮੁਲਾਜਮਾਂ ਵੱਲੋਂ ਅਫਗਾਨਿਸਤਾਨ ਅੰਦਰ ਅੱਤਵਾਦੀ ਹਮਲੇ ‘ਚ ਜਾਨੋ ਮਾਰੇ ਗਏ ਸਿੱਖਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬੰਦ ਕਰ ਦਿੱਤੇ ਗਏ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਕੱਤਰ ਹੋ ਕੇ ਸਮੂਹ ਮੁਲਾਜਮਾਂ ਨੇ ਮੂਲ ਮੰਤਰ ਤੇ ਗੁਰ ਮੰਤਰ ਦੇ ਪਾਠ ਕੀਤੇ ਅਤੇ ਵਿਛੜੀਆਂ ਰੂਹਾਂ ਨਮਿੱਤ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ। ਇਸ ਸ਼ੋਕ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਆਪਣੇ ਸੰਬੋਧਨ ਦੌਰਾਨ ਇਸ ਘਟਨਾ ਦੀ ਨਿੰਦਾ ਕਰਦਿਆਂ ਵਿਛੜੀਆਂ ਰੂਹਾਂ ਨੂੰ ਸ਼ਰਧਾਂ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਾਰਾ ਸਟਾਫ ਹਾਜ਼ਰ ਸੀ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਦੱਸਿਆ ਕਿ ਇਸ ਘਟਨਾ ਦੇ ਰੋਸ ਵਜੋਂ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ਾਂ ‘ਤੇ ਸ਼੍ਰੋਮਣੀ ਕਮੇਟੀ ਦਫਤਰ ਬੰਦ ਕਰ ਦਿੱਤੇ ਗਏ ਹਨ ਅਤੇ ਇਸ ਦੇ ਨਾਲ ਹੀ ਭਲਕੇ ਹੋਣ ਵਾਲੀ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਵੀ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮਾਰੇ ਗਏ ਸਿੱਖਾਂ ਨਮਿਤ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਵੀ ਆਰੰਭ ਕੀਤੇ ਜਾਣਗੇ।