ਮਾਮਲੇ ਦੀ ਪੜਤਾਲ ਸਬੰਧੀ ਸਬ-ਕਮੇਟੀ ਗਠਿਤ

ਅੰਮ੍ਰਿਤਸਰ, 15 ਜੂਨ-  ਕੋਰੋਨਾ ਮਹਾਮਾਰੀ ਦੇ ਚੱਲਦਿਆਂ ਸਾਰੀ ਦੁਨੀਆਂ ਅਣਸੁਖਾਵੇਂ ਹਲਾਤਾਂ ਚੋਂ ਲੰਘ ਰਹੀ ਹੈ, ਅਜਿਹੇ ਸਮੇਂ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਜ਼ਿਲ੍ਹਾ ਬਿਜ਼ਨੌਰ, ਰਾਮਪੁਰ ਤੇ ਲਖੀਮਪੁਰ ਖੀਰੀ ਦੇ ਵੱਖ-ਵੱਖ ਪਿੰਡਾਂ ਵਿਚ ਲਗਭਗ ਪਿਛਲੇ 70 ਸਾਲਾਂ ਤੋਂ ਵੱਸ ਰਹੇ ਸਿੱਖ ਪਰਿਵਾਰਾਂ ਨੂੰ ਉਜਾੜਨ ਦੀ ਕਾਰਵਾਈ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਪ੍ਰਾਪਤ ਜਾਣਕਾਰੀ ਅਨੁਸਾਰ 1947 ਦੀ ਦੇਸ਼ ਵੰਡ ਸਮੇਂ ਪਾਕਿਸਤਾਨ ਤੋਂ ਆਣ ਕੇ ਵੱਸੇ ਸਿੱਖਾਂ ਨੇ ਇਸ ਖੇਤਰ ਦੇ ਜੰਗਲ ਬੀਆਬਾਨਾਂ ਨੂੰ ਅਤਿਅੰਤ ਔਖਿਆਈ ਨਾਲ ਵਾਹੀ ਯੋਗ ਬਣਾਇਆ। ਉਨ੍ਹਾਂ ਕਿਹਾ ਕਿ ਤਿੰਨ ਪੀੜ੍ਹੀਆਂ ਤੋਂ ਵੱਸ ਰਹੇ ਇਨ੍ਹਾਂ ਪਰਿਵਾਰਾਂ ਨੂੰ 1980 ਦੀ ਚੱਕਬੰਦੀ ਸਮੇਂ ਮਾਲਕੀ ਹੱਕ ਵੀ ਮਿਲ ਗਏ ਸਨ, ਪਰ ਹੁਣ ਸਰਕਾਰ ਵੱਲੋਂ ਹੁਣ ਇਨ੍ਹਾਂ ਦਾ ਕੀਤਾ ਜਾ ਰਿਹਾ ਉਜਾੜਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਆਖਿਆ ਕਿ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਵੱਸੇ ਪੰਜਾਬੀਆਂ ਪਾਸੋਂ ਜ਼ਮੀਨ ਹਥਿਆਉਣ ਲਈ ਸਰਕਾਰ ਦੀ ਮਨਸ਼ਾ ਸਿੱਖ ਭਾਈਚਾਰੇ ਨੂੰ ਦਬਾਉਣ ਵਾਲੀ ਹੈ ਅਤੇ ਇਸ ਨਾਲ ਸੂਬੇ ਅੰਦਰ ਵੱਸਦੇ ਪੰਜਾਬੀ ਭਾਈਚਾਰੇ ਅੰਦਰ ਬੇਗਾਨਗੀ ਦਾ ਅਹਿਸਾਸ ਪੈਦਾ ਹੋ ਰਿਹਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖ ਜਿਥੇ ਵੀ ਵੱਸਦੇ ਹਨ ਆਪਣੀ ਮਿਹਤਨ ਤੇ ਲਗਨ ਨਾਲ ਉਸ ਖਿੱਤੇ ਦੀ ਖੁਸ਼ਹਾਲੀ ਲਈ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਯੋਗੀ ਅੱਦਿਤਿਆ ਨਾਥ ਨੂੰ ਅਪੀਲ ਕਰਦਿਆਂ ਕਿਹਾ ਕਿ ਘੱਟਗਿਣਤੀ ਸਿੱਖ ਭਾਈਚਾਰੇ ਨਾਲ ਕੀਤਾ ਜਾ ਰਿਹਾ ਧੱਕਾ ਤੁਰੰਤ ਰੋਕਿਆ ਜਾਵੇ, ਤਾਂ ਜੋ ਸਿੱਖ ਪਰਿਵਾਰ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਪੁਲਿਸ ਦੀ ਮੱਦਦ ਨਾਲ ਕਬਜ਼ਾ ਕਰਨ ਦਾ ਵਿਰੋਧ ਕਰਨ ਵਾਲੇ ਸਿੱਖ ਪਰਿਵਾਰਾਂ ’ਤੇ ਦਰਜ਼ ਕੀਤੇ ਗਏ ਮੁਕੱਦਮੇ ਵੀ ਤੁਰੰਤ ਖਾਰਜ ਕੀਤੇ ਜਾਣ।
ਭਾਈ ਲੌਂਗੋਵਾਲ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੁਕੰਮਲ ਪੜਤਾਲ ਲਈ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖਾਲਸਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਭੁਪਿੰਦਰ ਸਿੰਘ ਅਸੰਧ ਤੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਚਰਨ ਸਿੰਘ ਗਰੇਵਾਲ ’ਤੇ ਅਧਾਰਿਤ ਤਿੰਨ ਮੈਂਬਰੀ ਸਬ-ਕਮੇਟੀ ਗਠਿਤ ਕੀਤੀ ਗਈ ਹੈ। ਇਸ ਕਮੇਟੀ ਦੇ ਕੋਆਰਡੀਨੇਟਰ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਹੋਣਗੇ। ਉਨ੍ਹਾਂ ਦੱਸਿਆ ਕਿ ਜਲਦੀ ਹੀ ਇਹ ਕਮੇਟੀ ਮੌਕੇ ’ਤੇ ਜਾ ਕੇ ਸਾਰੇ ਹਾਲਾਤਾਂ ਦਾ ਜਾਇਜ਼ਾ ਲੈਣ ਉਪਰੰਤ ਰਿਪੋਰਟ ਕਰੇਗੀ।