ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਨੇ ਲਿਖਿਆ ਪੱਤਰ
ਅੰਮ੍ਰਿਤਸਰ, 05 ਦਸੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਨੂੰ ਪੰਚਾਇਤ ਚੋਣਾਂ ਦਸੰਬਰ ਮਹੀਨੇ ਦੇ ਅਖ਼ੀਰ ਵਿਚ ਨਾ ਕਰਵਾਉਣ ਦੀ ਅਪੀਲ ਕੀਤੀ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਇਕ ਪੱਤਰ ਵੀ ਲਿਖਿਆ ਗਿਆ ਹੈ। ਇਸ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਦਸੰਬਰ ਮਹੀਨਾ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਸਮੇਤ ਮਾਤਾ ਗੁਜਰੀ ਜੀ ਅਤੇ ਅਨੇਕਾਂ ਗੁਰਸਿੱਖਾਂ ਦੀਆਂ ਸ਼ਹਾਦਤਾਂ ਨਾਲ ਸਬੰਧਤ ਹੈ।
ਇਸ ਮਹੀਨੇ ਨਾਲ ਸਮੁੱਚੀ ਸਿੱਖ ਕੌਮ ਦੀਆਂ ਵੈਰਾਗਮਈ ਭਾਵਨਾਵਾਂ ਜੁੜੀਆਂ ਹੋਈਆਂ ਹਨ। ਜਦੋਂ ਇਨ੍ਹਾਂ ਸ਼ਹੀਦੀ ਦਿਹਾੜਿਆਂ ਨੂੰ ਸਮੁੱਚੀ ਕੌਮ ਵੱਲੋਂ ਸ਼ਰਧਾ ਤੇ ਵੈਰਾਗ ਦੀ ਭਾਵਨਾ ਨਾਲ ਮਨਾਇਆ ਜਾਂਦਾ ਹੈ, ਤਾਂ ਉਸ ਸਮੇਂ ਪੰਜਾਬ ਦੇ ਪਿੰਡਾਂ ਅੰਦਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣੀਆਂ ਠੀਕ ਨਹੀਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਗੱਲ ਕਿਸੇ ਤੋਂ ਲੁਕੀ ਛੁਪੀ ਨਹੀਂ ਹੈ ਕਿ ਇਨ੍ਹਾਂ ਪੰਚਾਇਤੀ ਚੋਣਾਂ ਦੌਰਾਨ ਕਿਹੋ ਜਿਹਾ ਮਾਹੌਲ ਹੁੰਦਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਹ ਚੋਣਾਂ ਅੱਗੇ ਪਾ ਦਿੱਤੀਆਂ ਜਾਣ, ਤਾਂ ਜੋ ਸਮੁੱਚਾ ਸਿੱਖ ਜਗਤ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਮਹਾਨ ਸ਼ਹੀਦਾਂ ਨੂੰ ਸ਼ਹੀਦੀ ਹਫ਼ਤੇ ਦੀ ਵੈਰਾਗਮਈ ਭਾਵਨਾ ਅਨੁਸਾਰ ਸ਼ਰਧਾ ਤੇ ਸਤਿਕਾਰ ਭੇਟ ਕਰ ਸਕਣ।