ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਅਧਿਕਾਰੀ ਵੀ ਰਹੇ ਮੌਜੂਦ

ਅੰਮ੍ਰਿਤਸਰ, 8 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥਕ ਮਸਲਿਆਂ ਨੂੰ ਲੈ ਕੇ ਵੱਖ-ਵੱਖ ਧਾਰਮਿਕ ਆਗੂਆਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਬੀਤੇ ਦਿਨਾਂ ਤੋਂ ਪੰਥਕ ਜਥੇਬੰਦੀਆਂ ਦੇ ਮੁਖੀਆਂ ਨਾਲ ਮੁਲਾਕਾਤਾਂ ਕਰ ਰਹੇ ਹਨ। ਇਸੇ ਤਹਿਤ ਹੀ ਭਾਈ ਲੌਂਗੋਵਾਲ ਨੇ ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ, ਤਰਨਾ ਦਲ ਦੇ ਮੁਖੀ ਬਾਬਾ ਗੱਜਣ ਸਿੰਘ ਅਤੇ ਬਾਬਾ ਤਰਲੋਕ ਸਿੰਘ ਖਿਆਲੇ ਵਾਲਿਆਂ ਦੇ ਨੁਮਾਇੰਦੇ ਬਾਬਾ ਸੁੱਖਾ ਸਿੰਘ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਅਤੇ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਨਾਲ ਬੈਠਕ ਕਰ ਚੁੱਕੇ ਹਨ। ਅੱਜ ਉਹ ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮੁੱਖ ਅਸਥਾਨ ਸੁਰਸਿੰਘ ਵਿਖੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਸਮੇਤ ਪੁੱਜੇ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਨਾਲ ਵਿਚਾਰ-ਚਰਚਾ ਕੀਤੀ। ਇਸ ਮੌਕੇ ਭਾਈ ਲੌਂਗੋਵਾਲ ਨਾਲ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਮੈਂਬਰ ਭਾਈ ਮਨਜੀਤ ਸਿੰਘ, ਸ. ਗੁਰਬਚਨ ਸਿੰਘ ਕਰਮੂੰਵਾਲਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਹਰਜਿੰਦਰ ਸਿੰਘ ਆਦਿ ਮੌਜੂਦ ਸਨ।