ਅੰਮ੍ਰਿਤਸਰ, 6 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਦਿਹਾੜਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਕੌਮੀ ਦਿਹਾੜਾ ਹੈ, ਜੋ ਮਾਨਵਤਾ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਆਪਣੇ ਨਾਲ ੫੨ ਰਾਜਿਆਂ ਨੂੰ ਮੁਗ਼ਲ ਕੈਦ ਵਿੱਚੋਂ ਰਿਹਾਅ ਕਰਵਾ ਕੇ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਪਰਉਪਕਾਰ ਦੀ ਮਿਸਾਲੀ ਉਦਾਹਰਨ ਪੇਸ਼ ਕੀਤੀ। ਭਾਈ ਲੌਂਗੋਵਾਲ ਨੇ ਕਿਹਾ ਕਿ ਬੰਦੀ ਛੋੜ ਦਿਵਸ ਮੌਕੇ ਜਿਥੇ ਅਸੀਂ ਆਪਣਾ ਚੌਗਿਰਦਾ ਦੀਪਮਾਲਾ ਨਾਲ ਰੁਸ਼ਨਾਉਣਾ ਹੈ, ਉਥੇ ਹੀ ਸ਼ਬਦ ਗੁਰੂ ਦੀ ਸਾਧਨਾ ਦੁਆਰਾ ਮਨ ਵੀ ਰੌਸ਼ਨ ਕਰਨਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਬੰਦੀ ਛੋੜ ਦਿਵਸ ਮੌਕੇ ਸਾਨੂੰ ਸਵੈ-ਪੜਚੋਲ ਕਰਦਿਆਂ ਗੁਰਮਤਿ ਜੁਗਤਿ ਅਨੁਸਾਰ ਜੀਵਨ ਜਿਊਣ ਲਈ ਯਤਨਸ਼ੀਲ ਹੋਣਾ ਪਵੇਗਾ। ਭਾਈ ਲੌਂਗੋਵਾਲ ਨੇ ਬੰਦੀ ਛੋੜ ਦਿਵਸ ਮੌਕੇ ਆਪਸੀ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਅਤੇ ਮਨੁੱਖਤਾ ਦੀ ਭਲਾਈ ਲਈ ਕੁਦਰਤ ਦੀ ਸਾਂਭ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕੀਤੀ।

ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇਣਗੇ ਕੌਮ ਦੇ ਨਾਮ ਸੰਦੇਸ਼ -੮ ਨਵੰਬਰ ਤੱਕ ਸੱਜਣਗੇ ਧਾਰਮਿਕ ਦੀਵਾਨ

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੰਦੀ ਛੋੜ ਦਿਵਸ ਮੌਕੇ ਭਲਕੇ ੭ ਨਵੰਬਰ ਨੂੰ ਸ਼ਾਮ ੫:੦੦ ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਿੱਖ ਕੌਮ ਦੇ ਨਾਮ ਸੰਦੇਸ਼ ਦੇਣਗੇ, ਜਦਕਿ ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਸਿੱਖ ਕੌਮ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਸੰਗਤ ਨਾਲ ਵਿਚਾਰ ਸਾਂਝੇ ਕਰਨਗੀਆਂ। ਉਨ੍ਹਾਂ ਦੱਸਿਆ ਕਿ ਬੰਦੀ ਛੋੜ ਦਿਵਸ ਵਾਲੇ ਦਿਨ ਬੁੱਧਵਾਰ ਨੂੰ ਦੁਪਹਿਰ ੧੨:੦੦ ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਹੋਵੇਗਾ। ਉਨ੍ਹਾਂ ਦੱਸਿਆ ਕਿ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਆਰੰਭ ਕਰ ਦਿੱਤੇ ਗਏ ਹਨ, ਜੋ ੮ ਨਵੰਬਰ ਤੱਕ ਲਗਾਤਾਰ ਚੱਲਣਗੇ। ਸ. ਬੇਦੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ੭ ਨਵੰਬਰ ਨੂੰ ਦੁਪਹਿਰ ੧:੦੦ ਵਜੇ ਤੋਂ ਸ਼ਾਮ ੫:੦੦ ਵਜੇ ਤੱਕ ਕਵੀਸ਼ਰੀ ਸਮਾਗਮ ਹੋਵੇਗਾ, ਜਿਸ ਵਿਚ ਭਾਈ ਗੁਰਿੰਦਰਪਾਲ ਸਿੰਘ ਬੈਂਕਾ, ਭਾਈ ਗੁਰਮੁੱਖ ਸਿੰਘ ਐਮ.ਏ., ਭਾਈ ਗੁਰਦਿਆਲ ਸਿੰਘ ਢਿਲਵਾਂ, ਭਾਈ ਲਖਮੀਰ ਸਿੰਘ ਮਸਤ ਤੇ ਭਾਈ ਸੁਲੱਖਣ ਸਿੰਘ ਰਿਆੜ ਦੇ ਕਵੀਸ਼ਰੀ ਜਥੇ ਗੁਰ-ਇਤਿਹਾਸ ਨਾਲ ਸੰਗਤ ਨੂੰ ਜੋੜਨਗੇ। ੭ ਨਵੰਬਰ ਨੂੰ ਰਾਤ ੭:੦੦ ਵਜੇ ਤੋਂ ੧:੦੦ ਵਜੇ ਤੱਕ ਢਾਡੀ ਸਮਾਗਮ ਵਿਚ ਭਾਈ ਬਲਦੇਵ ਸਿੰਘ ਐਮ.ਏ., ਭਾਈ ਗੁਰਮੇਜ ਸਿੰਘ ਸ਼ਹੂਰਾ, ਭਾਈ ਨਿਰਮਲ ਸਿੰਘ ਨੂਰ, ਭਾਈ ਮੇਜਰ ਸਿੰਘ ਲੋਹੀਆਂ, ਭਾਈ ਸਵਿੰਦਰ ਸਿੰਘ ਭੰਗੂ ਤੇ ਭਾਈ ਖੜਗ ਸਿੰਘ ਪਠਾਨਕੋਟ ਦੇ ਢਾਡੀ ਜਥੇ ਹਾਜ਼ਰੀ ਭਰਨਗੇ। ੭ ਨਵੰਬਰ ਰਾਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਮੋਹਕ ਦੀਪਮਾਲਾ ਹੋਵੇਗੀ ਅਤੇ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਆਤਿਸ਼ਬਾਜ਼ੀ ਵੀ ਚਲਾਈ ਜਾਵੇਗੀ।