ਅੰਮ੍ਰਿਤਸਰ, ੨੭ ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਰਜੀਤ ਸਿੰਘ ਝਾਂਸੀ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਜਾਰੀ ਇਕ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਭਾਈ ਝਾਂਸੀ ਪਿਛਲੇ ਲਗਪਗ ੧੨ ਸਾਲਾਂ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜ ਰਹੇ ਸਨ ਅਤੇ ਉਨ੍ਹਾਂ ਦੇ ਅਕਾਲ ਚਲਾਣੇ ਨਾਲ ਸਿੱਖ ਜਗਤ ਨੂੰ ਵੱਡਾ ਘਾਟਾ ਪਿਆ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਭਾਈ ਅਮਰਜੀਤ ਸਿੰਘ ਝਾਂਸੀ ਸਿੱਖ ਪੰਥ ਦੇ ਗੁਰਮਤਿ ਸੰਗੀਤ ਦੇ ਮਾਹਿਰ ਰਾਗੀਆਂ ਵਿੱਚੋਂ ਇਕ ਸਨ ਅਤੇ ਉਨ੍ਹਾਂ ਨੇ ਸਖ਼ਤ ਮਿਹਨਤ ਅਤੇ ਗੁਰੂ ਦੀ ਬਖ਼ਸ਼ਿਸ਼ ਨਾਲ ਸਿੱਖ ਕੀਰਤਨਕਾਰਾਂ ਵਿਚ ਆਪਣਾ ਵਿਲੱਖਣ ਸਥਾਨ ਬਣਾਇਆ। ਉਨ੍ਹਾਂ ਕਿਹਾ ਕਿ ਅਜਿਹੇ ਕੌਮ ਦੇ ਹੀਰੇ ਦਾ ਵਿਛੋੜਾ ਦੁਖਮਈ ਹੋਣ ਦੇ ਨਾਲ-ਨਾਲ ਨਾ ਪੂਰਿਆ ਜਾਣ ਵਾਲਾ ਘਾਟਾ ਵੀ ਹੈ। ਉਨ੍ਹਾਂ ਭਾਈ ਝਾਂਸੀ ਦੇ ਪਰਿਵਾਰ ਨਾਲ ਦੁਖ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਨਾਲ ਜੋੜਨ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਇਸੇ ਦੌਰਾਨ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸ਼੍ਰੋਮਣੀ ਰਾਗੀ ਐਵਾਰਡ ਨਾਲ ਸਨਮਾਨਿਤ ਪ੍ਰਸਿੱਧ ਵਿਦਵਾਨ ਤੇ ਰਾਗੀ ਭਾਈ ਬਾਵਾ ਸਿੰਘ ਪੁਰਾਣਾਸ਼ਾਲਾ ਦੇ ਅਕਾਲ ਚਲਾਣੇ ਤੇ ਵੀ ਅਫ਼ਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਭਾਈ ਬਾਵਾ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਉਨ੍ਹਾਂ ਦੇ ਚਲਾਣੇ ਨੂੰ ਗੁਰਮਤਿ ਸੰਗੀਤ ਲਈ ਘਾਟਾ ਦੱਸਿਆ।