ਸ਼੍ਰੋਮਣੀ ਕਮੇਟੀ ਨੂੰ ਸਟੇਟ ਜੀ.ਐਸ.ਟੀ. ਰਿਫੰਡ ਵਜੋਂ ਇੱਕ ਪੈਸਾ ਵੀ ਨਹੀਂ ਮਿਲਿਆ- ਭਾਈ ਲੌਂਗੋਵਾਲ

ਅੰਮ੍ਰਿਤਸਰ, ੨੨ ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਅਤੇ ਸੂਬੇ ਦੇ ਬਾਕੀ ਤਖਤ ਸਾਹਿਬਾਨ ਦੇ ਲੰਗਰ ‘ਤੇ ਸੂਬਾ ਜੀ.ਐਸ.ਟੀ. ਵਾਪਸ ਕਰਨ ਦਾ ਵਾਅਦਾ ਪੂਰਾ ਨਾ ਕਰਨ ‘ਤੇ ਪੰਜਾਬ ਸਰਕਾਰ ਦੀ ਸਖਤ ਨਿਖੇਧੀ ਕੀਤੀ ਹੈ। ਇਸ ਸਬੰਧੀ ਮੁੱਖ ਮੰਤਰੀ ਵੱਲੋਂ ਕੀਤੇ ਗਏ ਦਾਅਵੇ ‘ਤੇ ਪਰਤੀਕਰਮ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਅੱਜ ਤੱਕ ਸ਼੍ਰੋਮਣੀ ਕਮੇਟੀ ਨੂੰ ਪੰਜਾਬ ਸਰਕਾਰ ਵੱਲੋਂ ਜੀ.ਐਸ.ਟੀ. ਦੀ ਵਾਪਸੀ ਦਾ ਇੱਕ ਪੈਸਾ ਵੀ ਪ੍ਰਾਪਤ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਰਾਜ ਸਰਕਾਰ ਵੱਲ ੩.੨੭ ਕਰੋੜ ਰੁਪਏ ਦਾ ਬਕਾਇਆ ਖੜ੍ਹਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੰਜਾਬ ਸਰਕਾਰ ਕੋਲ ਦੋ ਵਾਰ ਰਿਫੰਡ ਦੇ ਦਾਅਵੇ ਪੇਸ਼ ਕਰ ਚੁੱਕੀ ਹੈ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਆਡੀਟਰ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿੱਚ ਵਾਰ ਵਾਰ ਮੁਲਾਕਾਤਾਂ ਦੇ ਬਾਵਜੂਦ ਰਾਜ ਦਾ ਜੀਐਸਟੀ ਰਿਫੰਡ ਜਾਰੀ ਨਹੀਂ ਕੀਤਾ ਗਿਆ। ਡਿਪਟੀ ਕਮਿਸ਼ਨਰ ਤੋਂ ਇਲਾਵਾ ਆਬਕਾਰੀ ਤੇ ਕਰ ਕਮਿਸ਼ਨਰ ਨਾਲ ਕਈ ਵਾਰ ਦਫਤਰੀ ਅਧਿਕਾਰੀਆਂ ਵੱਲੋਂ ਫੋਨ ‘ਤੇ ਵੀ ਸੰਪਰਕ ਕੀਤਾ ਗਿਆ, ਪਰ ਕੋਈ ਨਤੀਜਾ ਸਾਹਮਣੇ ਨਹੀਂ ਆਇਆ।
ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਇਕ ਪਾਸੇ ਮੁੱਖ ਮੰਤਰੀ ਇਹ ਦਾਅਵਾ ਕਰ ਰਹੇ ਹਨ ਕਿ ਇਹ ਪੈਸਾ ਸ਼੍ਰੋਮਣੀ ਕਮੇਟੀ ਨੂੰ ਦੇਣ ਲਈ ਡਿਪਟੀ ਕਮਿਸ਼ਨਰ ਨੂੰ ਦੇ ਦਿੱਤਾ ਗਿਆ ਹੈ, ਜਦਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਆਬਕਾਰੀ ਤੇ ਕਰ ਵਿਭਾਗ ਵੱਲੋਂ ਇਸ ਨੂੰ ਜਾਰੀ ਕਰਨ ਲਈ ਹੁੰਗਾਰਾ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਕੀਤੀਆਂ ਕੋਸ਼ਿਸ਼ਾਂ ਦਾ ਸਾਰਾ ਰਿਕਾਰਡ ਮੌਜੂਦ ਹੈ ਅਤੇ ਮੁੱਖ ਮੰਤਰੀ ਨੂੰ ਇਸ ਦੀ ਪੜਤਾਲ ਕਰਨੀ ਚਾਹੀਦੀ ਹੈ ਕਿ ਗੁਰੂ ਘਰ ਦਾ ਪੈਸਾ ਕਿਉਂ ਨਹੀਂ ਵਾਪਿਸ ਕੀਤਾ ਜਾ ਰਿਹਾ। ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਮੁੱਦੇ ‘ਤੇ ਰਾਜਨੀਤੀ ਨਹੀਂ ਕੀਤੀ ਜਾਣੀ ਚਾਹੀਦੀ, ਸਗੋਂ ਤੁਰੰਤ ਰਿਫੰਡ ਜਾਰੀ ਕਰਨਾ ਚਾਹੀਦਾ ਹੈ। ਜੇਕਰ ਸੂਬਾ ਸਰਕਾਰ ਰਾਜ ਜੀ.ਐਸ.ਟੀ. ਰਿਫੰਡ ਜਾਰੀ ਕਰਨ ਲਈ ਤਿਆਰ ਹੈ ਤਾਂ ਇਸ ਨੂੰ ਤੁਰੰਤ ਜਾਰੀ ਕਰੇ। ਇਸ ਮਾਮਲੇ ‘ਤੇ ਝੂਠੇ ਬਿਆਨ ਦੇ ਕੇ ਸੰਗਤ ਨੂੰ ਗੁੰਮਰਾਹ ਕਰਨਾ ਚਾਹੀਦਾ ਹੈ।