ਮਾਤਾ ਤ੍ਰਿਪਤਾ ਜੀ ਨਿਵਾਸ ਬਣਨ ਨਾਲ ਸੰਗਤੀ ਰਿਹਾਇਸ਼ ਦਾ ਹੋਵੇਗਾ ਵਿਸਥਾਰ – ਭਾਈ ਲੌਂਗੋਵਾਲ

ਅੰਮ੍ਰਿਤਸਰ, 22 ਅਪ੍ਰੈਲ-
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀ ਸੰਗਤ ਨੂੰ ਰਿਹਾਇਸ਼ ਦੀ ਸਹੂਲਤ ਦਾ ਵਿਸਥਾਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਪਾਪੜਾਂ ਵਾਲੇ ਬਜ਼ਾਰ ਨਾਲ ਲਗਦੇ ਅਕਾਲੀ ਬਾਗ ਵਾਲੀ ਮਾਰਕੀਟ ਦੇ ਸਥਾਨ ’ਤੇ ਵਿਸ਼ਾਲ ਸੰਗਤ ਨਿਵਾਸ ਬਣਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਇਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਮਾਤਾ ਤ੍ਰਿਪਤਾ ਜੀ ਨਿਵਾਸ’ ਉਸਾਰਿਆ ਜਾਵੇਗਾ, ਜਿਸ ਦਾ ਨੀਂਹ ਪੱਥਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਰੱਖਿਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਸੁਲਤਾਨ ਸਿੰਘ ਨੇ ਆਰੰਭਤਾ ਦੀ ਅਰਦਾਸ ਕੀਤੀ।
ਇਸ ਦੌਰਾਨ ਗੱਲਬਾਤ ਕਰਦਿਆਂ ਭਾਈ ਲੌਂਗੋਵਾਲ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਲਈ ਅਧਿਆਤਮਕ ਅਸਥਾਨ ਹਨ ਅਤੇ ਇਥੇ ਪੁੱਜਦੀ ਸੰਗਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਨਵਾਂ ਯਾਤਰੀ ਨਿਵਾਸ ਜਲਦ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸੰਗਤ ਦੀ ਆਮਦ ਵਿਚ ਵੱਡਾ ਵਾਧਾ ਹੋਣ ਕਾਰਨ ਰਿਹਾਇਸ਼ ਦੀ ਕਿੱਲਤ ਨੂੰ ਦੂਰ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਭਾਈ ਲੌਂਗੋਵਾਲ ਕਿਹਾ ਕਿ ਇਹ ਵਿਸ਼ਾਲ ਜਗ੍ਹਾ ’ਤੇ ਸੰਗਤ ਲਈ ਵੱਡੀ ਗਿਣਤੀ ਵਿਚ ਕਮਰੇ ਉਸਾਰੇ ਜਾਣ ਦੀ ਸਮਰਥਾ ਰੱਖਦੀ ਹੈ ਅਤੇ ਇਥੇ ਨਿਵਾਸ ਬਣਨ ਨਾਲ ਸੰਗਤੀ ਰਿਹਾਇਸ਼ ਵਿਚ ਵੱਡਾ ਵਾਧਾ ਹੋਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਮੈਂਬਰ ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜਾਇਬ ਸਿੰਘ ਅਭਿਆਸੀ, ਸ. ਲਖਬੀਰ ਸਿੰਘ ਅਰਾਈਆਂ ਵਾਲਾ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਸ. ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਸ. ਜਤਿੰਦਰਪਾਲ ਸਿੰਘ ਤੇ ਸੁਖਜਿੰਦਰ ਸਿੰਘ ਐਸ.ਡੀ.ਓ., ਸ. ਗੁਰਾ ਸਿੰਘ, ਸ. ਜਗਤਾਰ ਸਿੰਘ ਸ਼ਹੂਰਾ, ਸ. ਗੁਰਪ੍ਰੀਤ ਸਿੰਘ ਵੀ ਮੌਜੂਦ ਸਨ।