ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ’ਤੇ ਕੀਤੀ ਕਾਰਵਾਈ

ਅੰਮ੍ਰਿਤਸਰ, 4 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਿੰਦਰਪਾਲ ਸਿੰਘ ਗੋਰਾ ਕਾਦੀਆਂ ਨੂੰ ਸਾਰੀਆਂ ਸਬ-ਕਮੇਟੀਆਂ ਵਿੱਚੋਂ ਬਾਹਰ ਕਰ ਦਿੱਤਾ ਹੈ। ਭਾਈ ਲੌਂਗੋਵਾਲ ਨੇ ਇਹ ਫੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ’ਤੇ ਲਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਰੀ ਇਕ ਪ੍ਰੈੱਸ ਬਿਆਨ ਵਿਚ ਦੱਸਿਆ ਕਿ ਪੰਥ ਵਿੱਚੋਂ ਛੇਕੇ ਗਏ ਸ. ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਨ ਰੱਖਣ ਦੇ ਦੋਸ਼ ਵਿਚ ਸ. ਗੁਰਿੰਦਰਪਾਲ ਸਿੰਘ ਗੋਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆਂ ਕਰਾਰ ਦਿੰਦਿਆਂ ਉਨ੍ਹਾਂ ਨੂੰ ਸਾਰੀਆਂ ਸਬ-ਕਮੇਟੀਆਂ ਵਿੱਚੋਂ ਬਾਹਰ ਕਰਨ ਦੇ ਆਦੇਸ਼ ਪ੍ਰਾਪਤ ਹੋਏ ਹਨ, ਜਿਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ. ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਨ ਰੱਖਣ ਵਾਲੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਪੜਚੋਲ ਕਰਨ ਲਈ ਜਲਦ ਹੀ ਸਬ-ਕਮੇਟੀ ਵੀ ਗਠਤ ਕੀਤੀ ਜਾਵੇਗੀ।