ਅੰਮ੍ਰਿਤਸਰ 1 ਨਵੰਬਰ ( ) ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਮੱਥਾ ਟੇਕਣ ਉਪਰੰਤ ਪਰਿਕਰਮਾ ਕੀਤੀ ਤੇ ਸ. ਹਰਚਰਨ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਤੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਪਰਿਕਰਮਾ ‘ਚ ਸਥਿਤ ਇਤਿਹਾਸਕ ਸਥਾਨਾਂ ਬਾਰੇ ਜਾਣਕਾਰੀ ਹਾਸਲ ਕੀਤੀ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਸਿਰੋਪਾਓ, ਲੋਈ ਤੇ ਧਾਰਮਿਕ ਕਿਤਾਬਾਂ ਦਾ ਸੈਟ ਅਤੇ ਉਨ੍ਹਾਂ ਨਾਲ ਆਏ ਸਾਥੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਉਹ ਪਵਿੱਤਰ ਅਸਥਾਨ ਹੈ ਜਿਥੇ ਸਭ ਧਰਮਾਂ ਦੇ ਲੋਕ ਬੜੀ ਸ਼ਰਧਾ ਭਾਵਨਾ ਨਾਲ ਆਉਂਦੇ ਹਨ ਤੇ ਮੂੰਹ ਮੰਗੀਆਂ ਮੁਰਾਦਾਂ ਲੈ ਕੇ ਜਾਂਦੇ ਹਨ।ਉਨ੍ਹਾਂ ਕਿਹਾ ਕਿ ਮੈਂ ਇਥੇ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦਾ ਆਸ਼ੀਰਵਾਦ ਲੈਣ ਲਈ ਆਇਆ ਹਾਂ।ਉਨ੍ਹਾਂ ਕਿਹਾ ਕਿ ਇਹ ਅਸਥਾਨ ਸਭ ਵਰਨਾਂ ਲਈ ਸਾਂਝਾ ਹੈ ਤੇ ਏਥੇ ਆ ਕੇ ਮਨ ਨੂੰ ਅਲੋਕਿਕ ਸ਼ਾਂਤੀ ਮਿਲਦੀ ਹੈ।
ਇਸ ਮੌਕੇ ਸ. ਬਲਜੀਤ ਸਿੰਘ ਜਲਾਲਉਸਮਾ ਮੈਂਬਰ ਸ਼੍ਰੋਮਣੀ ਕਮੇਟੀ, ਸ੍ਰੀ ਵਿਜੇ ਸਾਂਪਲਾ ਪੰਜਾਬ ਭਾਜਪਾ ਪ੍ਰਧਾਨ, ਸ. ਬਿਕਰਮ ਸਿੰਘ ਮਜੀਠੀਆ ਕੈਬਨਿਟ ਮੰਤਰੀ ਪੰਜਾਬ ਤੇ ਸ੍ਰੀ ਤਰੁਣ ਚੁੱਘ ਆਦਿ ਹਾਜ਼ਰ ਸਨ।