ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਸੋਮਵਾਰ, ੨੩ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੫ ਮਈ, ੨੦੨੫ (ਅੰਗ: ੬੨੨)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸਿੱਖਾਂ ਨੇ ਦੇਸ਼ ਦੀ ਰਖਵਾਲੀ ਲਈ ਹਮੇਸ਼ਾਂ ਮੋਹਰੀ ਰੋਲ ਨਿਭਾਇਆ -ਪ੍ਰੋ. ਬਡੂੰਗਰ

੧੯੬੫ ਦੀ ਜੰਗ ਦੇ ਨਾਇਕ ਜਨਰਲ ਹਰਬਖ਼ਸ਼ ਸਿੰਘ ਦੀ ਯਾਦ ਵਿਚ ਵਿਸ਼ਾਲ ਗੁਰਮਤਿ ਸਮਾਗਮ

ਖੇਮਕਰਨ/ਤਰਨ ਤਾਰਨ, 14 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਤਰਨ ਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਆਸਲ ਉਤਾੜ ਵਿਖੇ ੧੯੬੫ ਦੀ ਜੰਗ ਦੇ ਨਾਇਕ ਜਨਰਲ ਹਰਬਖ਼ਸ਼ ਸਿੰਘ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਇਕ ਵਿਸ਼ਾਲ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਨਰਲ ਹਰਬਖ਼ਸ਼ ਸਿੰਘ ਦੀ ਬਹਾਦਰੀ ਭਾਰਤੀ ਇਤਿਹਾਸ ਦਾ ਉਹ ਗੌਰਵ ਹੈ, ਜਿਸ ਨੇ ਸਿੱਖ ਕੌਮ ਦਾ ਸਿਰ ਮਾਣ ਨਾਲ ਉੱਚਾ ਕੀਤਾ। ਉਨ੍ਹਾਂ ਕਿਹਾ ਕਿ ਜਿਥੇ ਭਾਰਤ ਦੇ ਆਜ਼ਾਦੀ ਸੰਗਰਾਮ ਵਿਚ ਸਿੱਖਾਂ ਨੇ ੮੦ ਫ਼ੀਸਦੀ ਕੁਰਬਾਨੀਆਂ ਦੇ ਕੇ ਵਿਲੱਖਣ ਇਤਿਹਾਸ ਸਿਰਜਿਆ, ਉਥੇ ਹੀ ਵੱਖ-ਵੱਖ ਜੰਗਾਂ ਵਿਚ ਵੀ ਦੇਸ਼ ਦੀ ਖ਼ਾਤਰ ਸਿੱਖਾਂ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ੧੯੬੫ ਦੀ ਭਾਰਤ-ਪਾਕਿਸਤਾਨ ਜੰਗ ਵਿਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਸਿੱਖ ਨਾਇਕ ਜਨਰਲ ਹਰਬਖ਼ਸ਼ ਸਿੰਘ ਦੀ ਦਲੇਰੀ, ਦੇਸ਼ ਪ੍ਰਸਤੀ ਅਤੇ ਕੌਮੀ ਜਜ਼ਬੇ ਨੂੰ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਉੱਚ ਅਧਿਕਾਰੀਆਂ ਵੱਲੋਂ ਆਏ ਹੁਕਮ ਦੀ ਪ੍ਰਵਾਹ ਨਾ ਕਰਦਿਆਂ ਦੁਸ਼ਮਣ ਫ਼ੌਜ ਨੂੰ ਵੱਡੀ ਟੱਕਰ ਦਿੱਤੀ ਅਤੇ ਗੁਰੂ ਸਾਹਿਬ ਵੱਲੋਂ ਦਰਸਾਏ ਜੂਝ ਮਰੋਂ ਦੀ ਪ੍ਰੇਰਨਾ ਅਨੁਸਾਰ ਇਲਾਕੇ ਦੀ ਰੱਖਿਆ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਮਾਝਾ ਖੇਤਰ ਦਾ ਇਹ ਇਲਾਕਾ ਅੱਜ ਭਾਰਤੀ ਸਰਜ਼ਮੀਨ ਦਾ ਹਿੱਸਾ ਹੈ ਤਾਂ ਇਸ ਦਾ ਸਿਹਰਾ ਕੇਵਲ ਜਨਰਲ ਹਰਬਖ਼ਸ਼ ਸਿੰਘ ਨੂੰ ਹੀ ਜਾਂਦਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਦੇਸ਼ ਦੀ ਰਖਵਾਲੀ ਲਈ ਸਿੱਖਾਂ ਨੇ ਹਮੇਸ਼ਾਂ ਮੋਹਰੀ ਰੋਲ ਨਿਭਾਇਆ ਅਤੇ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਨੂੰ ਸਦੀਵ ਕਾਲ ਚੇਤੇ ਰੱਖੀਏ। ਉਨ੍ਹਾਂ ਕਿਹਾ ਕਿ ਕੌਮ ਦੇ ਮਹਾਨ ਸਪੂਤ ਜਨਰਲ ਹਰਬਖ਼ਸ਼ ਸਿੰਘ ਅਤੇ ਜਨਰਲ ਜਗਜੀਤ ਸਿੰਘ ਅਰੋੜਾ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਫ਼ੈਸਲਾ ਕੀਤਾ ਗਿਆ ਹੈ ਅਤੇ ਜਲਦੀ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਪਾਸੋਂ ਸਮਾਂ ਲੈ ਕੇ ਇਹ ਤਸਵੀਰਾਂ ਅਜਾਇਬ ਘਰ ਵਿਚ ਸੁਸ਼ੋਭਿਤ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੌਮ ਦਾ ਭਵਿੱਖ ਨੌਜੁਆਨੀ ਅਤੇ ਬੱਚਿਆਂ ਨੂੰ ਆਪਣੇ ਵਿਰਸੇ ਅਤੇ ਮਹਾਨ ਸ਼ਖ਼ਸੀਅਤਾਂ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇ ਤਾਂ ਜੋ ਉਹ ਕੌਮਪ੍ਰਸਤ ਬਣ ਸਕਣ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ, ਸਾਬਕਾ ਵਿਧਾਇਕ ਸ. ਵਿਰਸਾ ਸਿੰਘ ਵਲਟੋਹਾ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਸੁਖਵਰਸ਼ ਸਿੰਘ ਪੰਨੂੰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਸਨਮਾਨਿਤ ਕੀਤਾ ਗਿਆ।
ਇਸ ਤੋਂ ਪਹਿਲਾਂ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਤੇ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਰਣਜੀਤ ਸਿੰਘ ਗੌਹਰ ਨੇ ਗੁਰਮਤਿ ਦੀ ਰੌਸ਼ਨੀ ਵਿਚ ਸੰਗਤ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਕਰਦਿਆਂ ਆਪਣੇ ਸ਼ਾਨਾਂਮੱਤੇ ਇਤਿਹਾਸ ਅਤੇ ਵਿਚਾਰਧਾਰਾ ਤੋਂ ਜਾਣੂ ਕਰਵਾਇਆ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਇ ਸਿੰਘ, ਸਿੱਖ ਕੌਮ ਦੇ ਮਹਾਨ ਢਾਡੀ ਗਿਆਨੀ ਨਿਰਮਲ ਸਿੰਘ ਨੂਰ ਅਤੇ ਕਵੀਸ਼ਰ ਭਾਈ ਜੋਗਾ ਸਿੰਘ ਜੋਗੀ ਨੇ ਵੀ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਸਿੱਖ ਇਤਿਹਾਸ ਨਾਲ ਜੋੜਿਆ। ਸਟੇਜ਼ ਦੇ ਫ਼ਰਜ਼ ਸ. ਤੀਰਥ ਸਿੰਘ ਢਿੱਲੋਂ ਵੱਲੋਂ ਨਿਭਾਏ ਗਏ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ, ਸ. ਖੁਸ਼ਵਿੰਦਰ ਸਿੰਘ ਭਾਟੀਆ, ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ, ਸ. ਸੁਖਵਰਸ਼ ਸਿੰਘ ਪੰਨੂੰ, ਸ਼੍ਰੋਮਣੀ ਕਮੇਟੀ ਐਡੀਸ਼ਨਲ ਸਕੱਤਰ ਸ. ਹਰਭਜਨ ਸਿੰਘ ਮਾਨਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜੀਤ ਸਿੰਘ ਲਾਲੂ ਘੁੰਮਣ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਸ. ਜਸਪਾਲ ਸਿੰਘ ਮੈਨੇਜਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ, ਸ. ਲਖਬੀਰ ਸਿੰਘ ਮੈਨੇਜਰ ਗੁਰਦੁਆਰਾ ਬਾਬਾ ਬੀਰ ਸਿੰਘ ਜੀ ਰੱਤੋਕੇ, ਸ. ਪਰਮਜੀਤ ਸਿੰਘ ਮੈਨੇਜਰ ਗੁਰਦੁਆਰਾ ਸ਼ਹੀਦ ਬਾਬਾ ਤਾਰਾ ਸਿੰਘ ਜੀ ਵਾਂ, ਪ੍ਰਚਾਰਕ ਭਾਈ ਗੁਰਬਚਨ ਸਿੰਘ ਕਲਸੀਆਂ, ਭਾਈ ਹੀਰਾ ਸਿੰਘ, ਭਾਈ ਸੁਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।