ਅੰਮ੍ਰਿਤਸਰ, 31 ਮਈ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਗੁਰਦੁਆਰਾ ਬਾਬਾ ਜੀਵਨ ਸਿੰਘ ਪੱਤੀ ਸਾਹਲਾ ਨਗਰ (ਮਲਸੀਆਂ) ਵਿਖੇ ਪਲਾਸਟਿਕ ਦੇ ਪੱਖੇ ਨੂੰ ਅੱਗ ਲੱਗਣ ਦੇ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ੮ ਪਾਵਨ ਸਰੂਪ ਅਗਨ ਭੇਟ ਹੋਣ ‘ਤੇ ਦੁੱਖ ਜ਼ਾਹਿਰ ਕੀਤਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਣਗਹਿਲੀ ਕਾਰਨ ਵਾਪਰੀ ਇਸ ਘਟਨਾ ਨਾਲ ਸਮੁੱਚੇ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਣ ਨਾਲ ਪ੍ਰਬੰਧਕਾਂ ਦਾ ਗੁਰਦੁਆਰਾ ਸਾਹਿਬ ਪ੍ਰਤੀ ਗੈਰ-ਰਵੱਈਆ ਸਾਹਮਣੇ ਆਇਆ ਹੈ।

ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਟ ਹੋਣ ਤੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਅਤੇ ਪ੍ਰਬੰਧਕ ਕਮੇਟੀਆ ਨੂੰ ਬਾਰ-ਬਾਰ ਗੁਰਦੁਆਰਾ ਸਾਹਿਬ ਅੰਦਰ ਆਪਣੀ ਹਾਜ਼ਰੀ ਵਿਚ ਬਿਜਲੀ ਉਪਕਰਨ ਚਲਾਉਣ ਦੀਆਂ ਦਿੱਤੀਆਂ ਹਦਾਇਤਾਂ ਨੂੰ ਜਿਥੇ ਵੀ ਗ੍ਰੰਥੀ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਨਜ਼ਰ-ਅੰਦਾਜ਼ ਕਰ ਰਹੇ ਹਨ, ਉਸ ਗੁਰਦੁਆਰਾ ਸਾਹਿਬਾਨਾਂ ਵਿਚ ਇਹ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੋ ਵੀ ਅਹੁਦੇਦਾਰ ਗੁਰਦੁਆਰਾ ਸਾਹਿਬਾਨਾਂ ਦੀ ਸੇਵਾ-ਸੰਭਾਲ ਸਬੰਧੀ ਚੁਣੇ ਜਾਂਦੇ ਹਨ ਉਹ ੨੪ ਘੰਟੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਲਈ ਜ਼ਿੰਮੇਵਾਰ ਹੁੰਦੇ ਹਨ। ਜਾਣਕਾਰੀ ਅਨੁਸਾਰ ਗੁਰਦੁਆਰਾ ਬਾਬਾ ਜੀਵਨ ਸਿੰਘ ਪੱਤੀ ਸਾਹਲਾ ਨਗਰ (ਮਲਸੀਆਂ) ਵਿਖੇ ਸੁਖਆਸਣ ਸਾਹਿਬ ਵਾਲਾ ਕਮਰਾ ਛੋਟਾ ਹੋਣ ਕਰਕੇ ਕਮਰੇ ਦੀ ਹਵਾ ਬਾਹਰ ਕੱਢਣ ਲਈ ਲਗਾਇਆ ਪਲਾਸਟਿਕ ਦਾ ਪੱਖਾ ਗਰਮ ਹੋਣ ਕਰਕੇ ਭਿਆਨਕ ਅੱਗ ਦੇ ਰੂਪ ਧਾਰਨ ਕਰ ਗਿਆ। ਜਿਸ ਕਰਕੇ ਸੁਖਆਸਨ ਵਿਖੇ ਸੁਸ਼ੋਭਿਤ ੮ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ ਹੋਣ ਦੇ ਨਾਲ-ਨਾਲ ਏ. ਸੀ., ਪੱਖੇ ਅਤੇ ਤਾਰਾਂ ਵੀ ਪਿੰਘਲ ਗਈਆਂ, ਜਿਸ ਦਾ ਪਤਾ ਸਵੇਰੇ ਅੰਮ੍ਰਿਤ ਵੇਲੇ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਕਰਨ ਮੌਕੇ ਗ੍ਰੰਥੀ ਸਿੰਘ ਨੂੰ ਲੱਗਾ, ਉਸੇ ਵੇਲੇ ਇਸ ਘਟਨਾ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੇ ਧਿਆਨ ਵਿਚ ਲਿਆਂਦਾ ਗਿਆ ਉਸ ਸਮੇਂ ਤੱਕ ਸੁੱਖਆਸਣ ਸਾਹਿਬ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਚੁੱਕੇ ਸਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਰ-ਬਾਰ ਅਖਬਾਰਾਂ ਵਿਚ ਇਸ਼ਤਿਹਾਰ ਤੇ ਖਬਰਾਂ ਛਪਵਾ ਕੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਇਸ ਬਾਰੇ ਸੁਚੇਤ ਹੋਣ ਅਤੇ ਗੁਰਦੁਆਰਾ ਸਾਹਿਬਾਨ ਲਈ ਪੁਖਤਾ ਪ੍ਰਬੰਧ ਕਰਨ ਲਈ ਅਪੀਲਾਂ ਕੀਤੀਆਂ ਜਾਂਦੀਆਂ ਹਨ, ਪਰ ਫਿਰ ਵੀ ਅਜਿਹੀਆਂ ਘਟਨਾਵਾਂ ਰੁਕ ਨਹੀਂ ਰਹੀਆਂ। ਪ੍ਰੋ: ਬਡੂੰਗਰ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ ਲਾਪ੍ਰਵਾਹੀ ਕਾਰਨ ਵਾਪਰਦੀਆਂ ਘਟਨਾਵਾਂ ਦੁੱਖਦਾਈ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਆਪੋ-ਆਪਣੇ ਇਲਾਕੇ ਦੇ ਗੁਰੂ-ਘਰਾਂ ਦੀ ਸੇਵਾ ਸੰਭਾਲ ਵੱਲ ਧਿਆਨ ਦੇਣ ਲਈ ਅੱਗੇ ਆਉਣ।