ਅੰਮ੍ਰਿਤਸਰ, ੨੭ ਅਗਸਤ- ਗੁਰੂ ਘਰ ਦੇ ਸੇਵਕ ਮਲੇਸ਼ੀਆ ਨਿਵਾਸੀ ਸ. ਕਰਤਾਰ ਸਿੰਘ ਠੁਕਰਾਲ ਦੇ ਪਰਿਵਾਰ ਨੇ ਮਲੇਸ਼ੀਆ ਦੀ ਸੰਗਤ ਵੱਲੋਂ ਭੇਜੀਆਂ ਗਈਆਂ ਇਕ-ਇਕ ਲੱਖ ਰੁਪਏ ਦੀ ਕੀਮਤ ਦੀਆਂ ਚਾਰ ਕੰਧ ਘੜੀਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਭੇਟ ਕੀਤੀਆਂ ਹਨ। ਯਾਦ ਰਹੇ ਕਿ ਇਸ ਤੋਂ ਪਹਿਲਾਂ ਵੀ ਮਲੇਸ਼ੀਆ ਦੀ ਸੰਗਤ ਨੇ ਸ੍ਰੀ ਹਰਿਮੰਦਰ ਸਾਹਿਬ ਲਈ ਚੜ੍ਹਾਈਆਂ ਸਨ। ਸ਼ਨਿੱਚਰਵਾਰ ਨੂੰ ਇਹ ਕੰਧ ਘੜੀਆਂ ਭੇਟ ਕਰਨ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਠੁਕਰਾਲ ਪਰਿਵਾਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਆ। ਭਾਈ ਲੌਂਗੋਵਾਲ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਲਈ ਅਧਿਆਤਮਕ ਅਸਥਾਨ ਹਨ ਅਤੇ ਸਮੇਂ-ਸਮੇਂ ‘ਤੇ ਸੰਗਤਾਂ ਵੱਲੋਂ ਇਸ ਪਾਵਨ ਅਸਥਾਨ ਵਿਖੇ ਭੇਟਾਵਾਂ ਅਰਪਿਤ ਕੀਤੀਆਂ ਜਾਂਦੀਆਂ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਪਾਵਨ ਅਸਥਾਨ ਦੀ ਮਹਾਨਤਾ ਵੱਡੀ ਹੈ ਅਤੇ ਇਥੇ ਵਿਸ਼ਵ ਭਰ ਵਿੱਚੋਂ ਨਤਮਸਤਕ ਹੋਣ ਲਈ ਪੁੱਜਦੀਆਂ ਸੰਗਤਾਂ ਆਪਣੀ ਕਿਰਤ ਕਮਾਈ ਵਿੱਚੋਂ ਭੇਟਾਵਾਂ ਦੁਆਰਾ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕਰਦੀਆਂ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਹਰਦੇਵ ਸਿੰਘ ਰੋਗਲਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਦਿਲਜੀਤ ਸਿੰਘ ਬੇਦੀ, ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਸ. ਸੁਰਿੰਦਰ ਸਿੰਘ ਆਦਿ ਮੌਜੂਦ ਸਨ।