ਅੰਮ੍ਰਿਤਸਰ, ੨੬ ਅਪ੍ਰੈਲ- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ ੨੦੧੯ ਵਿਚ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੋਮਣੀ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜਥਾ ਪਾਕਿਸਤਾਨ ਭੇਜਿਆ ਜਾ ਰਿਹਾ ਹੈ, ਜਿਸ ਲਈ ਸ਼ਰਧਾਲੂ ਆਪਣੇ ਪਾਸਪੋਰਟ ੩ ਮਈ ੨੦੧੯ ਤੀਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਪਛਾਣ ਪੱਤਰ ਲਈ ਆਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਭੇਜੇ ਜਾ ਸਕਣ।