ਮੀਰੀ ਪੀਰੀ ਦੇ ਸਿਧਾਂਤ ਅਨੁਸਾਰ ਸਿੱਖ ਨੌਜੁਆਨੀ ਨੂੰ ਗੱਤਕੇ ਨਾਲ ਜੋੜਿਆ ਜਾਵੇਗਾ –ਪ੍ਰੋ: ਬਡੂੰਗਰ

ਅੰਮ੍ਰਿਤਸਰ, ੨੭ ਜੂਨ:-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਇੱਕ ਵਿਸ਼ੇਸ਼ ਇਕੱਤਰਤਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿਖੇ ਹੋਈ, ਜਿਸ ਵਿਚ ਹਰਿਆਣਾ ਰਾਜ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਲਾਵਾ ਅਕਾਲੀ ਦਲ ਅਤੇ ਇਸਤਰੀ ਅਕਾਲੀ ਦਲ ਦੇ ਨੁਮਾਇੰਦੇ, ਪ੍ਰਚਾਰਕ, ਕਵੀਸ਼ਰ, ਢਾਡੀ, ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਅਤੇ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲ ਸ਼ਾਮਲ ਹੋਏ। ਇਕੱਤਰਤਾ ਦੌਰਾਨ ੩ ਜੁਲਾਈ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਥਨੇਸਰ, ਕੁਰੂਕਸ਼ੇਤਰ (ਹਰਿਆਣਾ) ਵਿਖੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਗੱਤਕਾ ਮੁਕਾਬਲਿਆਂ ਦੀ ਤਿਆਰੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਬਾਣੀ ਤੇ ਬਾਣੇ ਦੀ ਖੇਡ ਗੱਤਕੇ ਨੂੰ ਪ੍ਰਫੁੱਲਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਫੈਸਲਾ ਕੀਤਾ ਗਿਆ ਹੈ ਕਿ ਹਰ ਸਾਲ ਮੀਰੀ ਪੀਰੀ ਦਿਵਸ ਮੌਕੇ ਗੱਤਕੇ ਦੇ ਵਿਸ਼ੇਸ਼ ਮੁਕਾਬਲੇ ਕਰਵਾਏ ਜਾਣਗੇ ਤਾਂ ਜੋ ਮੀਰੀ ਪੀਰੀ ਦੇ ਅਸਲ ਸਿਧਾਂਤ ਅਨੁਸਾਰ ਨੌਜੁਆਨ ਪੀੜੀ ਨੂੰ ਸ਼ਸਤਰ ਕਲਾ ਨਾਲ ਜੋੜਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਵਾਰ ਮੀਰੀ ਪੀਰੀ ਦਿਵਸ ਵਾਲੇ ਦਿਨ ੩ ਜੁਲਾਈ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਗੁਰਦੁਆਰਾ ਸਾਹਿਬ ਪਾ: ਛੇਵੀਂ ਛੇਹਰਟਾ ਸਾਹਿਬ (ਅੰਮ੍ਰਿਤਸਰ), ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਲੁਧਿਆਣਾ ਅਤੇ ਗੁਰਦੁਆਰਾ ਸਾਹਿਬ ਪਾ: ਛੇਵੀਂ ਕੁਰੂਕਸ਼ੇਤਰ ਵਿਖੇ ਗੱਤਕਾ ਮੁਕਾਬਲੇ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗੱਤਕਾ ਮੁਕਾਬਲਿਆਂ ਮੌਕੇ ਵੱਖ-ਵੱਖ ਗੱਤਕਾ ਅਖਾੜਿਆਂ ਦੇ ਨਾਲ-ਨਾਲ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਵਿਸ਼ੇਸ਼ ਭੂਮਿਕਾ ਰਹੇਗੀ।
ਉਨ੍ਹਾਂ ਇਹ ਵੀ ਦੱਸਿਆ ਕਿ ਹਰਿਆਣਾ ਰਾਜ ਦੇ ਸਿੱਖ ਨੌਜੁਆਨਾਂ ਅਤੇ ਸੰਗਤਾਂ ਨੂੰ ਗੁਰਮਤਿ ਨਾਲ ਜੋੜਨ ਲਈ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ੧੮ ਜੁਲਾਈ ਨੂੰ ਇਕ ਗੁਰਮਤਿ ਸਿਖਲਾਈ ਕੈਂਪ ਵੀ ਲਗਾਇਆ ਜਾਵੇਗਾ, ਜਿਸ ਵਿਚ ਸਿੱਖ ਕੌਮ ਦੇ ਮਹਾਨ ਵਿਦਵਾਨ ਆਪਣੇ ਵਿਖਿਆਨਾਂ ਰਾਹੀਂ ਗੁਰਬਾਣੀ ਫਲਸਫੇ, ਸਿੱਖ ਇਤਿਹਾਸ ਅਤੇ ਰਹਿਤ ਮਰਯਾਦਾ ਸਬੰਧੀ ਜਾਣਕਾਰੀ ਦੇਣਗੇ। ਉਨ੍ਹਾਂ ਦੱਸਿਆ ਕਿ ਧਰਮ ਪ੍ਰਚਾਰ ਦੀ ਲਹਿਰ ਨੂੰ ਪ੍ਰਚੰਡ ਕਰਨ ਲਈ ਪਹਿਲੇ ਪੜਾਅ ਤਹਿਤ ਪੰਜਾਬ ਦੇ ਨਾਲ-ਨਾਲ ਹਰਿਆਣਾ, ਹਿਮਾਚਲ ਤੇ ਚੰਡੀਗੜ੍ਹ ਨੂੰ ਪ੍ਰਚਾਰ ਖੇਤਰ ਤਹਿਤ ਲਿਆ ਗਿਆ ਹੈ। ਇਸ ਤੋਂ ਬਾਅਦ ਇਹ ਲਹਿਰ ਭਾਰਤ ਦੇ ਹੋਰਨਾਂ ਸੂਬਿਆਂ ਤਕ ਵੀ ਪਹੁੰਚਾਈ ਜਾਵੇਗੀ ਜਿਸ ਤਹਿਤ ਪਿੰਡ ਪੱਧਰ ਤਕ ਪਹੁੰਚ ਕੀਤੀ ਜਾਵੇਗੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਸ. ਭੁਪਿੰਦਰ ਸਿੰਘ ਅਸੰਧ, ਸ. ਬਲਦੇਵ ਸਿੰਘ ਖਾਲਸਾ, ਬੀਬੀ ਅਮਰਜੀਤ ਕੌਰ, ਬੀਬੀ ਬਲਜੀਤ ਕੌਰ, ਸ. ਤਜਿੰਦਰ ਸਿੰਘ, ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਮਨਜੀਤ ਸਿੰਘ ਸਕੱਤਰ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ ਆਦਿ ਹਾਜ਼ਰ ਸਨ।