ਦੋ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ

ਅੰਮ੍ਰਿਤਸਰ, 11 ਅਪ੍ਰੈਲ 2017 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਨਿਰਦੇਸ਼ਾਂ ਅਨੁਸਾਰ ਸ਼ਾਹਬਾਦ ਮਾਰਕੰਡਾ (ਹਰਿਆਣਾ) ਵਿਖੇ ਚੱਲ ਰਹੇ ਮੀਰੀ ਪੀਰੀ ਇੰਸਟੀਟਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰੀਸਰਚ ਦੀ ਬਿਹਤਰੀ ਲਈ ੨ ਕਰੋੜ ਰੁਪਏ ਜਾਰੀ ਕੀਤੇ ਗਏ, ਜਿਸ ਦਾ ਚੈਕ ਸ਼੍ਰੋਮਣੀ ਕਮੇਟੀ ਦੇ ਸੀਨੀ:ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ ਨੇ ਮੀਰੀ ਪੀਰੀ ਮੈਡੀਕਲ ਟਰੱਸਟ ਦੇ ਸਕੱਤਰ ਸ. ਅਵਤਾਰ ਸਿੰਘ ਤੇ ਸੀ.ਈ.ਓ. ਡਾ. ਸੰਦੀਪਇੰਦਰ ਸਿੰਘ ਚੀਮਾ ਨੂੰ ਸੌਂਪਿਆ।

ਇਸ ਸਬੰਧੀ ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਹਰਿਆਣਾ ਰਾਜ ਅੰਦਰ ਚੱਲਦੀ ਇਸ ਸੰਸਥਾ ਨੂੰ ਮੈਡੀਕਲ ਸਿੱਖਿਆ ਦੀ ਮੋਹਰੀ ਸੰਸਥਾ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਇਸਦੇ ਬਹੁਪੱਖੀ ਵਿਕਾਸ ਲਈ ਵਚਨਬੱਧ ਹੈ। ਪ੍ਰੋ: ਬਡੂੰਗਰ ਨੇ ਕਿਹਾ ਕਿ ਹਰਿਆਣਾ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਮੈਡੀਕਲ ਸਾਇੰਸ ਦੀ ਪੜ੍ਹਾਈ ਤੇ ਖੋਜ ਦੇ ਖੇਤਰ ਵਿਚ ਵੀ ਇਹ ਸੰਸਥਾ ਵਡਮੁੱਲਾ ਯੋਗਦਾਨ ਪਾਵੇਗੀ।

ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਬੀਤੇ ਦਿਨੀਂ ਹਰਿਆਣਾ ਰਾਜ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਮਿਲ ਕੇ ਸ਼ਾਹਬਾਦ ਮਾਰਕੰਡਾ ਸਥਿਤ ਇਸ ਮੈਡੀਕਲ ਸੰਸਥਾ ਦੇ ਵਿਕਾਸ ਲਈ ਵਿਸ਼ੇਸ਼ ਯਤਨ ਕਰਨ ਦੀ ਮੰਗ ਕੀਤੀ ਸੀ ਅਤੇ ਇਸੇ ਤਹਿਤ ਹੀ ਇਹ ੨ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।